ਪੱਤਰ ਪ੍ਰੇਰਕ
ਅਟਾਰੀ, 16 ਅਪਰੈਲ
ਐੱਸਐੱਸਪੀ ਅੰਮ੍ਰਿਤਸਰ (ਦਿਹਾਤੀ) ਧਰੁਵ ਦਹੀਆ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਗੁਪਤ ਸੂਚਨਾ ਦੇ ਆਧਾਰ ’ਤੇ ਥਾਣਾ ਲੋਪੋਕੇ ਵੱਲੋਂ ਪਿੰਡ ਖਿਆਲਾ ਕਲਾਂ ਵਿੱਚ ਇੱਕ ਸਰਚ ਆਪਰੇਸ਼ਨ ਦੌਰਾਨ 30 ਹਜ਼ਾਰ ਐੱਮਐੱਲ ਨਾਜਾਇਜ਼ ਸ਼ਰਾਬ, 3150 ਕਿਲੋ ਲਾਹਣ, 1 ਭੱਠੀ (ਇਲੈਕਟ੍ਰਾਨਿਕ), 27 ਡਰੰਮਾਂ ਸਮੇਤ ਰਣਜੀਤ ਸਿੰਘ ਉਰਫ ਰਾਣਾ ਪੁੱਤਰ ਚਰਨ ਸਿੰਘ ਵਾਸੀ ਖਿਆਲਾ ਕਲਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਧਰੁਵ ਦਹੀਆ ਨੇ ਦੱਸਿਆ ਕਿ ਉਕਤ ਮੁਲਜ਼ਮ ਵੱਲੋਂ ਵੱਡੇ ਪੱਧਰ ’ਤੇ ਨਾਜਾਇਜ ਸ਼ਰਾਬ ਕੱਢਣ ਲਈ ਇਲੈਕਟ੍ਰਾਨਿਕ ਭੱਠੀ ਦੀ ਵਰਤੋਂ ਕੀਤੀ ਜਾ ਰਹੀ ਸੀ। ਉਨ੍ਹਾਂ ਦੱਸਿਆ ਕਿ ਇਸ ਪਿੰਡ ’ਤੇ ਅੰਮ੍ਰਿਤਸਰ ਦਿਹਾਤੀ ਪੁਲੀਸ ਵੱਲੋਂ ਨਜ਼ਰ ਰੱਖੀ ਜਾ ਰਹੀ ਸੀ ਅਤੇ ਭਵਿੱਖ ਵਿੱਚ ਵੀ ਜੇਕਰ ਕਿਸੇ ਹੋਰ ਵੱਲੋਂ ਨਾਜਾਇਜ਼ ਸ਼ਰਾਬ ਕਸੀਦ ਕੇ ਵੇਚਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਦੇ ਖ਼ਿਲਾਫ਼ ਵੀ ਸਖਤ ਕਾਰਵਾਈ ਕੀਤੀ ਜਾਵੇਗੀ।