ਪੱਤਰ ਪ੍ਰੇਰਕ
ਪਠਾਨਕੋਟ, 4 ਜੂਨ
‘ਆਉਣ ਵਾਲੇ ਦਿਨਾਂ ਵਿੱਚ ਝੋਨੇ ਦੀ ਬਿਜਾਈ ਨੂੰ ਲੈ ਕੇ ਕਿਸਾਨਾਂ ਨੂੰ ਬਿਜਲੀ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।’ ਇਹ ਗੱਲ ਪਾਵਰਕੌਮ ਅਤੇ ਲੋਕ ਨਿਰਮਾਣ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਰਣਜੀਤ ਸਾਗਰ ਡੈਮ ਦੇ ਦੌਰੇ ਸਮੇਂ ਕਹੀ।
ਉਨ੍ਹਾਂ ਕਿਹਾ ਕਿ ਇਸ ਸਮੇਂ ਪਿਛਲੇ ਸਾਲਾਂ ਦੇ ਮੁਕਾਬਲੇ ਰਣਜੀਤ ਸਾਗਰ ਡੈਮ ਦੀ ਝੀਲ ਵਿੱਚ ਚਾਰ ਮੀਟਰ ਪਾਣੀ ਦੀ ਸਮਰੱਥਾ ਜ਼ਿਆਦਾ ਹੈ ਇਸ ਸਮੇਂ ਮੰਗ ਨੂੰ ਮੁੱਖ ਰੱਖਦਿਆਂ ਇੱਕ ਯੂਨਿਟ ਹੀ ਚਲਾਇਆ ਗਿਆ ਹੈ ਅਤੇ ਆਉਣ ਵਾਲੇ ਸਮੇਂ ਦੌਰਾਨ ਜ਼ਰੂਰਤ ਅਨੁਸਾਰ ਬਿਜਲੀ ਪੈਦਾ ਕੀਤੀ ਜਾਵੇਗੀ। ਉਨ੍ਹਾਂ ਰਣਜੀਤ ਸਾਗਰ ਡੈਮ ਤੇ ਬਿਜਲੀ ਉਤਪਾਦਨ ਲਈ ਚੱਲ ਰਹੇ ਚਾਰ ਯੂਨਿਟਾਂ ਦਾ ਨਿਰੀਖਣ ਕੀਤਾ। ਉਨ੍ਹਾਂ ਡੈਮ ਦੇ ਨਿਰਮਾਣ ਸਮੇਂ ਜਾਨਾਂ ਗਵਾਉਣ ਵਾਲੇ ਸ਼ਹੀਦਾਂ ਨੂੰ ਸ਼ਹੀਦੀ ਸਮਾਰਕ ਉਪਰ ਸ਼ਰਧਾ ਦੇ ਫੁੱਲ ਭੇਟ ਕਰਕੇ ਨਮਨ ਕੀਤਾ।
ਮੰਤਰੀ ਨੇ ਕਿਹਾ ਕਿ ਰਣਜੀਤ ਸਾਗਰ ਡੈਮ ਤੋਂ ਇਸ ਸਮੇਂ ਲੋੜ ਅਨੁਸਾਰ ਇੱਕ ਹੀ ਯੂਨਿਟ ਚਲਾਇਆ ਜਾ ਰਿਹਾ ਹੈ ਜਦ ਕਿ ਆਉਣ ਵਾਲੇ ਸਮੇਂ ਦੌਰਾਨ ਬਿਜਲੀ ਦੀ ਲੋੜ ਅਨੁਸਾਰ ਹੋਰ ਵੀ ਯੂਨਿਟ ਚਲਾਏ ਜਾਣਗੇ ਤਾਂ ਜੋ ਕਿਸਾਨਾਂ ਅਤੇ ਆਮ ਲੋਕਾਂ ਨੂੰ ਬਿਜਲੀ ਦੀ ਸਮੱਸਿਆ ਨਾਲ ਦੋ-ਚਾਰ ਨਾ ਹੋਣਾ ਪਿਆ। ਉਨ੍ਹਾਂ ਕਿਹਾ ਕਿ ਜੇ ਰਣਜੀਤ ਸਾਗਰ ਡੈਮ ਦੀ ਗੱਲ ਕੀਤੀ ਜਾਵੇ ਤਾਂ ਪਿਛਲੇ ਸਾਲ ਦੇ ਮੁਕਾਬਲੇ ਇਸ ਸਮੇਂ ਸਾਡੇ ਕੋਲ 4 ਮੀਟਰ ਪਾਣੀ ਦੀ ਸਮਰੱਥਾ ਜ਼ਿਆਦਾ ਹੈ ਜੋ ਆਉਣ ਵਾਲੇ ਦਿਨਾਂ ਅੰਦਰ ਹੋਰ ਬਿਜਲੀ ਪੈਦਾ ਕਰਨ ਵਿੱਚ ਸਹਾਈ ਹੋਵੇਗਾ। ਇਸ ਮੌਕੇ ਪਠਾਨਕੋਟ ਅਤੇ ਸੁਜਾਨਪੁਰ ਦੇ ਹਲਕਾ ਇੰਚਾਰਜ ਕ੍ਰਮਵਾਰ ਵਿਭੂਤੀ ਸ਼ਰਮਾ ਤੇ ਅਮਿਤ ਮੰਟੂ, ਐੱਸਡੀਐੱਮ ਕਾਲਾ ਰਾਮ ਕਾਂਸਲ, ਐੱਸਈ ਐਡਮਿਨ ਵਿਕਾਂਤ ਆਨੰਦ, ਐੱਸਈ ਸੰਦੇਸ਼ ਰਾਜ ਅਤੇ ਹੋਰ ਅਧਿਕਾਰੀ ਹਾਜ਼ਰ ਸਨ।