ਜਤਿੰਦਰ ਬੈਂਸ
ਗੁਰਦਾਸਪੁਰ, 29 ਅਕਤੂਬਰ
ਪੰਜਾਬ ਦੇ ਪ੍ਰਮੁੱਖ ਸਕੱਤਰ ਏਕੇ ਸਿਨਹਾ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰ ਕੇ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਦਾ ਜਾਇਜ਼ਾ ਲਿਆ ਗਿਆ। ਸ੍ਰੀ ਸਿਨਹਾ ਨੇ ਮੌਕੇ ਉੱਤੇ ਹੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਝੋਨੇ ਦੇ ਸਮੁੱਚੇ ਸੀਜ਼ਨ ਦੌਰਾਨ ਖ਼ਰੀਦ, ਲਿਫਟਿੰਗ ਤੇ ਕਿਸਾਨਾਂ ਨੂੰ ਜਿਣਸ ਦੀ ਅਦਾਇਗੀ ਪੰਜਾਬ ਸਰਕਾਰ ਵੱਲੋਂ ਤੈਅ ਸਮਾਂ ਸੀਮਾਂ ਅਨੁਸਾਰ ਕਰਨ ਦੀ ਤਾੜਨਾ ਕੀਤੀ। ਉਨ੍ਹਾਂ ਝੋਨੇ ਦੀ ਖ਼ਰੀਦ ਤੇ ਲਿਫਟਿੰਗ ਪ੍ਰਕਿਰਿਆ ਉੱਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ, ਆੜ੍ਹਤੀਆਂ ਅਤੇ ਸ਼ੈੱਲਰ ਮਾਲਕਾਂ ਨਾਲ ਖੜ੍ਹੀ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਝੋਨੇ ਦੀ ਖ਼ਰੀਦ ਅਤੇ ਲਿਫਟਿੰਗ ਸੁਚਾਰੂ ਢੰਗ ਨਾਲ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਦੀ ਜਿਣਸ ਖ਼ਰੀਦ ਕੇ ਤਰਜੀਹੀ ਆਧਾਰ ਉੱਤੇ ਵਿਹਲਾ ਕੀਤਾ ਜਾ ਰਿਹਾ ਹੈ ਤਾਂ ਜੋ ਕਿਸਾਨ ਦੀਵਾਲੀ ਦਾ ਤਿਉਹਾਰ ਆਪਣੇ ਘਰ ਪਰਿਵਾਰਾਂ ਵਿੱਚ ਮਨਾ ਸਕਣ। ਡਿਪਟੀ ਕਮਿਸ਼ਨ ਉਮਾ ਸ਼ੰਕਰ ਗੁਪਤਾ ਨੇ ਦੱਸਿਆ ਕਿ ਅੱਜ ਪ੍ਰਮੁੱਖ ਵਿੱਤ ਸਕੱਤਰ ਵੱਲੋਂ ਚੂੜਪੁਰ, ਬਖਸ਼ੀਵਾਲ, ਹਰਦੋਛੰਨੀ ਤੇ ਵਡਾਲਾ ਗ੍ਰੰਥੀਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ 56 ਫੀਸਦ ਝੋਨੇ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਲਿਫਟਿੰਗ ਪ੍ਰਕਿਰਿਆ ਉੱਤੇ ਨਿੱਜੀ ਤੌਰ ਉੱਤੇ ਨਜ਼ਰ ਰੱਖ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀਤੇ ਕੱਲ੍ਹ ਤੱਕ 331990 ਟਨ ਝੋਨੇ ਦੀ ਆਮਦ ਹੋਈ ਹੈ ਜਿਸ ਵਿੱਚੋਂ 3-3746 ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਅਦਾਇਗੀ ਵੱਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 550.81 ਕਰੋੜ ਰੁਪਏ ਜਮ੍ਹਾਂ ਕਰਵਾਏ ਜਾ ਚੁੱਕੇ ਹਨ।