ਜਤਿੰਦਰ ਸਿੰਘ ਬਾਵਾ
ਸ੍ਰੀ ਗੋਇੰਦਵਾਲ ਸਾਹਿਬ, 29 ਜੂਨ
ਹਲਕਾ ਖਡੂਰ ਸਾਹਿਬ ਵਿੱਚ ਇਕ ਤਰ੍ਹਾਂ ਨਾਲ ਗਾਇਬ ਹੋ ਚੁੱਕੀ ਆਮ ਆਦਮੀ ਪਾਰਟੀ ਵੱਲੋਂ ਆਪਣੀ ਹੋਂਦ ਦਰਸਾਉਣ ਲਈ ਅੱਜ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਹਲਕਾ ਖਡੂਰ ਸਾਹਿਬ ਵਿੱਚ ਸੜਕਾਂ ਦੀ ਖ਼ਸਤਾ ਹਾਲ ਖ਼ਿਲਾਫ਼ ਬੈਲ ਗੱਡੀਆਂ ’ਤੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ‘ਆਪ’ ਵਾਲੰਟੀਅਰਾਂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹਲਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਦਾ ਪੁਤਲਾ ਵੀ ਫੂਕਿਆ ਗਿਆ ਅਤੇ ਐੱਸਡੀਐੱਮ ਖਡੂਰ ਸਾਹਿਬ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਰਾਹੀਂ ਮੰਗ ਕੀਤੀ ਗਈ ਕਿ ਪਿਛਲੇ ਲੰਬੇ ਸਮੇਂ ਤੋਂ ਹਲਕਾ ਖਡੂਰ ਸਾਹਿਬ ਵਿੱਚ ਟੁੱਟੀਆਂ ਸੜਕਾਂ ਨੂੰ ਜਲਦੀ ਬਣਾਇਆ ਜਾਵੇ। ਇਸ ਤੋਂ ਪਹਿਲਾਂ ਹੋਰ ਸਿਆਸੀ ਪਾਰਟੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਇਸ ਮੁੱਦੇ ’ਤੇ ਰੋਸ ਜਤਾਇਆ ਜਾ ਚੁੱਕਾ ਹੈ। ਅੱਜ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਪ੍ਰਸ਼ਾਸਨ ਤੋਂ ਖਡੂਰ ਸਾਹਿਬ ਨਾਲ ਜੁੜਦੀਆ ਸੜਕਾਂ ਨੂੰ ਨਵੇਂ ਸਿਰੇ ਤੋਂ ਬਣਾਉਣ ਦੀ ਮੰਗ ਕਰਦਿਆਂ ਬੈਲ ਗੱਡੀਆਂ ’ਤੇ ਚੜ੍ਹ ਕੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ ਗਿਆ।