ਵਰਿੰਦਰਜੀਤ ਜਾਗੋਵਾਲ
ਕਾਹਨੂੰਵਾਨ, 25 ਜੂਨ
ਕਰੋਨਾ ਪੀੜਤ ਮ੍ਰਿਤਕ ਆਸ਼ਾ ਵਰਕਰ ਬਬੀਤਾ ਰਾਮਪਾਲ ਦੇ ਵਾਰਸਾਂ ਨੂੰ ਨੌਕਰੀ ਅਤੇ ਬੀਮਾ ਰਾਸ਼ੀ ਦੇਣ ਦੀ ਮੰਗ ਨੂੰ ਲੈ ਕੇ ਆਸ਼ਾ ਵਰਕਰ ਯੂਨੀਅਨ ਵੱਲੋਂ ਸਥਾਨਕ ਕਸਬੇ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਸ਼ਾ ਵਰਕਰ ਯੂਨੀਅਨ ਦੀ ਪ੍ਰਧਾਨ ਮੀਰਾ ਕੁਮਾਰੀ, ਬਲਵਿੰਦਰ ਕੌਰ ਅਤੇ ਮੁੱਖ ਸਲਾਹਕਾਰ ਅਮਰਜੀਤ ਸ਼ਾਸਤਰੀ ਨੇ ਕਿਹਾ ਕਿ ਸਰਕਾਰ ਨੇ ਐਲਾਨ ਕੀਤਾ ਸੀ ਕਿ ਕਰੋਨਾ ਮਹਾਮਾਰੀ ਖ਼ਿਲਾਫ਼ ਲੜਦੇ ਸਮੇਂ ਜੇਕਰ ਕੋਈ ਸਿਹਤ ਕਰਮੀਂ ਸ਼ਹੀਦ ਹੋ ਜਾਂਦਾ ਹੈ ਤਾਂ ਉਸ ਨੂੰ ਬਣਦੀ ਬੀਮਾ ਰਾਸ਼ੀ ਅਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭੈਣੀ ਮੀਆਂ ਖਾਂ ਦੀ ਆਸ਼ਾ ਵਰਕਰ ਬਬੀਤਾ ਰਾਮਪਾਲ ਦੇ ਵਾਰਸਾਂ ਨੂੰ ਅਜੇ ਤੱਕ ਨਾ ਤਾਂ ਕੋਈ ਬੀਮਾ ਰਾਸ਼ੀ ਦਿੱਤਾ ਜਾ ਰਹੀ ਹੈ ਅਤੇ ਨਾ ਹੀ ਪਰਿਵਾਰਕ ਮੈਂਬਰ ਨੂੰ ਨੌਕਰੀ ਦੇਣ ਦਾ ਵਾਅਦਾ ਪੂਰਾ ਕਰਨ ਦਾ ਹੁਕਮ ਕੀਤਾ ਗਿਆ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਾ ਦਿੱਤਾ ਤਾਂ ਉਹ 29 ਜੂਨ ਨੂੰ ਸਿਵਲ ਸਰਜਨ ਗੁਰਦਾਸਪੁਰ ਦੇ ਦਫ਼ਤਰ ਅੱਗੇ ਧਰਨਾ ਲਗਾਉਣਗੇ।