ਗੁਰਬਖਸ਼ਪੁਰੀ
ਤਰਨ ਤਾਰਨ, 14 ਜੁਲਾਈ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਅਧੀਨ ਠੇਕਾ ਆਧਾਰ ਤੇ ਵਰ੍ਹਿਆਂ ਤੋਂ ਨਿਗੂਣੀ ਤਨਖਾਹ ’ਤੇ ਕੰਮ ਕਰਦੇ ਮਗਨਰੇਗਾ ਮੁਲਾਜ਼ਮਾਂ ਨੇ ਆਪਣੀ ਅਣਮਿਥੇ ਸਮੇਂ ਦੀ ਹੜਤਾਲ ਦੇ ਅੱਜ ਸਤਵੇਂ ਦਿਨ ਇਥੇ ਏਡੀਸੀ (ਵਿਕਾਸ) ਦੇ ਦਫਤਰ ਸਾਹਮਣੇ ਧਰਨਾ ਦਿੱਤਾ| ਜਥੇਬੰਦੀ ਆਪਣੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਵਾਏ ਜਾਣ ਦੀ ਮੰਗ ਕਰਦੀ ਆ ਰਹੀ ਹੈ| ਬਲਾਕ ਪ੍ਰਧਾਨ ਬਲਜੀਤ ਸਿੰਘ ਸਿੱਧੂ ਨੇ ਕਿਹਾ ਕਿ ਸੂਬੇ ਅੰਦਰ ਵਿੱਤੀ ਸਾਲ ਦੌਰਾਨ ਮਗਨਰੇਗਾ ਮੁਲਾਜ਼ਮਾਂ ਨੇ ਲਗਭਗ 1600 ਕਰੋੜ ਰੁਪਏ ਖਰਚ ਕੇ ਪਿੰਡਾਂ ਦੀ ਦਸ਼ਾ ਸੁਧਾਰੀ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ 16 ਲੱਖ ਮਜ਼ਦੂਰਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਵਾਲੇ ਮਗਨਰੇਗਾ ਮੁਲਾਜ਼ਮ ਖ਼ੁਦ ਹੀ ਬੇਰੁਜ਼ਗਾਰ ਹਨ। ਉਨ੍ਹਾਂ ਕਿਹਾ ਕਿ ਜਥੇਬੰਦੀ 16 ਜੁਲਾਈ ਨੂੰ ਜ਼ਿਲ੍ਹਾ ਪੱਧਰ ’ਤੇ ਸਰਕਾਰ ਦੇ ਲਾਰਿਆਂ ਦੀ ਪੰਡ ਫੂਕੇਗੀ|