ਪੱਤਰ ਪ੍ਰੇਰਕ
ਤਰਨ ਤਾਰਨ, 28 ਅਗਸਤ
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਿੱਚ ਪਿਛਲੇ ਕਈ ਸਾਲਾਂ ਤੋਂ ਇਨਲਿਸਟਮੈਂਟ-ਆਊਟਸੋਰਸ ਠੇਕਾ ਆਧਾਰ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਮਰਜ ਕਰਕੇ ਉਨ੍ਹਾਂ ਦੀਆਂ ਸੇਵਾਵਾਂ ਪੱਕੀਆਂ ਕਰਨ ਦੀ ਮੰਗ ਨੂੰ ਲੈ ਕੇ ਅੱਜ ਤਰਨ ਤਾਰਨ ਸ਼ਹਿਰ ਵਿੱਚ ਰੋਸ ਮਾਰਚ ਕੀਤਾ| ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਝੰਡੇ ਹੇਠ ਵਿਭਾਗ ਦੀ ਮਨੇਜਮੈਂਟ ਖਿਲਾਫ ਕੀਤੇ ਰੋਸ ਮਾਰਚ ਵਿੱਚ ਜ਼ਿਲ੍ਹਾ ਭਰ ਤੋਂ ਮੁਲਾਜ਼ਮਾਂ ਨੇ ਭਾਗ ਲਿਆ| ਮਾਰਚ ਦੀ ਅਗਵਾਈ ਜਥੇਬੰਦੀ ਦੇ ਸੂਬਾ ਆਗੂ ਗੁਰਵਿੰਦਰ ਸਿੰਘ ਬਾਠ ਅਤੇ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਦਬੁਰਜੀ ਨੇ ਕੀਤੀ| ਇਸ ਮੌਕੇ ਹੋਰਨਾਂ ਤੋਂ ਇਲਾਵਾ ਤੇ ਆਗੂ ਨਵਿੰਦਰ ਸਿੰਘ ਵਲਟੋਹਾ, ਦਿਲਬਾਗ ਸਿੰਘ ਕੰਗ, ਕੇਵਲ ਸਿੰਘ ਦਾਸੁਵਾਲ, ਦੇਸ ਰਾਜ ਨੇ ਸੰਬੋਧਨ ਕੀਤਾ| ਆਗੂਆਂ ਦੋਸ਼ ਲਗਾਇਆ ਕਿ ਸਰਕਾਰ ਬੀਤੇ ਡੇਢ ਸਾਲ ਤੋਂ ਉਨ੍ਹਾਂ ਦੀਆਂ ਮੰਗਾਂ ਮੰਨੇ ਜਾਣ ਦੀ ਥਾਂ ’ਤੇ ਲਾਰਾ-ਲੱਪਾ ਲਗਾ ਕੇ ਸਮਾਂ ਬਤੀਤ ਕਰਦੀ ਆਈ ਹੈ| ਆਗੂਆਂ ਨੇ ਠੇਕਾ ਅਧਾਰ ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਪੱਕੀਆਂ ਕੀਤੇ ਜਾਣ ਤੋਂ ਇਲਾਵਾ ਮਲੇਰਕੋਟਲਾ ’ਚ ਕੰਮ ਕਰਦੇ ਇਨਲਿਸਟਮੈਂਟ ਵਰਕਰਾਂ ਦੀ ਤਨਖਾਹ ’ਚ ਵਾਧਾ ਕੀਤੇ ਜਾਣ ਆਦਿ ਦੀ ਵੀ ਮੰਗ ਕੀਤੀ| ਆਗੂਆਂ ਨੇ ਵਰਕਰਾਂ ਨੂੰ ਜਥੇਬੰਦੀਆਂ ਵਲੋਂ ਆਪਣੀਆਂ ਮੰਗਾਂ ਲਈ ਸੰਗਰੂਰ ਵਿਚ 4 ਸਤੰਬਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਰਿਹਾਇਸ਼ ਅੱਗੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਦਿੱਤੇ ਜਾਣ ਵਾਲੇ ਸੂਬਾ ਪੱਧਰ ਦੇ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ| ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਮਾਰਚ ਕਰਕੇ ਆਗੂਆਂ ਨੇ ਜ਼ਿਲ੍ਹਾ ਅਧਿਕਾਰੀਆ ਨੂੰ ਮੰਗ ਪੱਤਰ ਵੀ ਦਿੱਤਾ।