ਗੁਰਬਖ਼ਸ਼ਪੁਰੀ
ਤਰਨ ਤਾਰਨ, 3 ਜੂਨ
ਸੂਬੇ ਦੀਆਂ ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਦੇ ਸੱਦੇ ’ਤੇ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਝੰਡੇ ਹੇਠ ਇਲਾਕੇ ਦੇ ਕਸਬਾ ਨੌਸ਼ਹਿਰਾ ਪੰਨੂਆਂ ਦੀ ਉੱਪ ਤਹਿਸੀਲ ਸਾਹਮਣੇ ਇਲਾਕੇ ਦੇ ਕਿਸਾਨਾਂ ਵਲੋਂ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਨਿੱਜੀਕਰਨ ਵਾਲੀਆਂ ਨੀਤੀਆਂ ਵਿਰੁੱਧ ਰੋਸ ਵਿਖਾਵਾ ਕੀਤਾ ਅਤੇ ਨਾਇਬ ਤਹਿਸੀਲਦਾਰ ਕਰਨਪਾਲ ਸਿੰਘ ਰਿਆੜ ਨੂੰ ਮੰਗ ਪੱਤਰ ਦਿੱਤਾ|
ਚੋਹਲਾ ਸਾਹਿਬ, (ਪੱਤਰ ਪ੍ਰੇਰਕ): ਪੰਜਾਬ ਦੀਆਂ ਸੰਘਰਸ਼ਸ਼ੀਲ ਜਨਤਕ ਜਥੇਬੰਦੀਆਂ ਦੇ ਸੱਦੇ ’ਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਤਹਿਸੀਲਦਾਰ ਚੋਹਲਾ ਸਾਹਿਬ ਰਾਹੀਂ ਮੰਗ ਪੱਤਰ ਭੇਜਿਆ ਗਿਆ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਗੁਰਬਚਨ ਸਿੰਘ, ਵਿਰਸਾ ਸਿੰਘ, ਸੁਖਵਿੰਦਰ ਸਿੰਘ ਨੇ ਕਿਹਾ ਕਿ ਸਰਕਾਰਾਂ ਕਰੋਨਾ ਮਹਾਂਮਾਰੀ ਦੀ ਆੜ੍ਹ ਹੇਠ ਸਰਕਾਰੀ ਮਹਿਕਮਿਆਂ ਦਾ ਨਿੱਜੀਕਰਨ ਕਰਨ ਵਾਲੀਆਂ ਨੀਤੀਆਂ ਲਾਗੂ ਕਰਨ ਜਾ ਰਹੀਆਂ ਹਨ। ਬਿਜਲੀ, ਸਿਹਤ, ਸਿੱਖਿਆ ਦੇ ਖੇਤਰ ’ਚ ਨਿੱਜੀਕਰਨ ਵਾਲੀਆਂ ਨੀਤੀਆਂ ਤੇਜ਼ੀ ਨਾਲ ਲਾਗੂ ਕੀਤੀਆਂ ਜਾ ਰਹੀਆਂ ਹਨ ਅਤੇ ਖੁੱਲ੍ਹੀ ਖੇਤੀ ਮੰਡੀ ਰਾਹੀਂ ਮੰਡੀਆਂ ਦਾ ਪ੍ਰਬੰਧ ਦੇਸੀ ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕਰਨ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ।
ਅਟਾਰੀ, (ਪੱਤਰ ਪ੍ਰੇਰਕ): ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਗਗਨਪ੍ਰੀਤ ਸਿੰਘ ਅਤੇ ਜਨਰਲ ਸਕੱਤਰ ਪੁਨੀਤ ਜੋਸ਼ੀ ਦੀ ਅਗਵਾਈ ਹੇਠ ਵਫ਼ਦ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਸਿ) ਅੰਮ੍ਰਿਤਸਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਬਤੌਰ ‘ਡਾਟਾ ਐਂਟਰੀ ਆਪਰੇਟਰ’ ਲਗਾਈਆਂ ਗਈਆਂ ਡਿਊਟੀਆਂ ਦਾ ਵਿਰੋਧ ਕਰਦੇ ਹੋਏ ਡਿਊਟੀਆਂ ਨੂੰ ਰੱਦ ਕਰਨ ਲਈ ਭਵਿੱਖ ਵਿੱਚ ਬਤੌਰ ‘ਡਾਟਾ ਐਂਟਰੀ ਆਪਰੇਟਰ’ ਡਿਊਟੀਆਂ ਨਾ ਲਾਉਣ ਦੇ ਸਬੰਧ ’ਚ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਮੰਗ ਪੱਤਰ ਦਿੱਤਾ ਗਿਆ।
‘ਆਪ’ ਵੱਲੋਂ ਗੰਨਾ ਕਾਸ਼ਤਕਾਰਾਂ ਦੇ ਬਕਾਏ ਲਈ ਮੁੱਖ ਮੰਤਰੀ ਦੇ ਨਾਂ ਪੱਤਰ
ਫਗਵਾੜਾ, (ਪੱਤਰ ਪ੍ਰੇਰਕ): ਆਮ ਆਦਮੀ ਪਾਰਟੀ ਹਲਕਾ ਵਿਧਾਨ ਸਭਾ ਫਗਵਾੜਾ ਵਲੋਂ ਹਲਕਾ ਇੰਚਾਰਜ ਸੰਤੋਸ਼ ਕੁਮਾਰ ਗੋਗੀ ਦੀ ਅਗਵਾਈ ਹੇਠ ਨਾਇਬ ਤਹਿਸੀਲਦਾਰ ਪਵਨ ਕੁਮਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਇਕ ਮੰਗ ਪੱਤਰ ਦਿੱਤਾ ਗਿਆ, ਜਿਸ ’ਚ ਸਹਿਕਾਰੀ ਅਤੇ ਪ੍ਰਾਈਵੇਟ ਗੰਨਾ ਮਿੱਲ ਮਾਲਕਾਂ ਤੋਂ ਗੰਨਾ ਉਤਪਾਦਕ ਕਿਸਾਨਾਂ ਤੋਂ ਬਕਾਇਆ ਰਕਮ ਦੀ ਜਲਦੀ ਅਦਾਇਗੀ ਕਰਵਾਉਣ ਦੀ ਮੰਗ ਕੀਤੀ ਗਈ। ਸੰਤੋਸ਼ ਕੁਮਾਰ ਗੋਗੀ ਤੇ ਕਸ਼ਮੀਰ ਸਿੰਘ ਮੱਲੀ ਨੇ ਦੱਸਿਆ ਕਿ ਪਿਛਲੇ ਕਾਫੀ ਸਮੇਂ ਤੋਂ ਪੰਜਾਬ ’ਚ ਗੰਨਾ ਉਤਪਾਦਕਾਂ ਦੀ ਸਹਿਕਾਰੀ ਮਿੱਲਾਂ ਅਤੇ ਨਿੱਜੀ ਗੰਨਾ ਮਿੱਲਾਂ ਵੱਲ ਤਕਰੀਬਨ 750 ਕਰੋੜ ਰੁਪਏ ਦੀ ਰਕਮ ਬਕਾਇਆ ਹੈ।
ਸੰਘਰਸ਼ ਕਮੇਟੀ ਵੱਲੋਂ ਪਾਵਰਕੌਮ ਦਫ਼ਤਰ ਮੂਹਰੇ ਧਰਨਾ
ਗੁਰਦਾਸਪੁਰ, (ਪੱਤਰ ਪ੍ਰੇਰਕ): ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਦੇ ਸਬੰਧ ’ਚ ਕਿਸਾਨ/ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਪਾਵਰਕੌਮ ਦੀ ਸਬ-ਡਿਵੀਜ਼ਨ ਬਹਿਰਾਮਪੁਰ ਮੂਹਰੇ ਰੋਸ ਧਰਨਾ ਦਿੱਤਾ ਗਿਆ। ਸੰਘਰਸ਼ ਕਮੇਟੀ ਦੇ ਪ੍ਰੈੱਸ ਸਕੱਤਰ ਸੁਖਦੇਵ ਸਿੰਘ, ਸੁਖਵਿੰਦਰ ਸਿੰਘ ਅਤੇ ਸਤਨਾਮ ਸਿੰਘ ਨੇ ਦੱਸਿਆ ਕਿ ਧਰਨੇ ਦੌਰਾਨ ਜਥੇਬੰਦੀ ਵੱਲੋਂ ਬਿਜਲੀ ਕਾਮਿਆਂ ਲਈ ਕੰਟਰੈਕਟ ਇਨਫੋਰਮੈਂਟ ਐਕਟ-2020 ਦੀ ਨਿਖੇਧੀ ਕਰਦੇ ਬੁਲਾਰਿਆਂ ਬਿਜਲੀ ਕਾਮਿਆਂ ਦੀ ਵੀ ਹਮਾਇਤ ਕੀਤੀ ਹੈ। ਬੁਲਾਰਿਆਂ ਕਿਹਾ ਕਿ ਕੇਂਦਰ ਸਰਕਾਰ ਜਨਤਕ ਅਦਾਰਿਆਂ ਨੂੰ ਦੇਸੀ ਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਨੂੰ ਸੌਂਪਣ ਦਾ ਰਾਹ ਸੁਖਾਲਾ ਕਰਨ ਲਈ ਕੰਟਰੈਕਟ ਇਨਫੋਰਸਮੈਂਟ ਐਕਟ ਲੈ ਕੇ ਆ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਐਕਟ ਦਾ ਵਿਰੋਧ ਕੀਤਾ ਜਾਵੇਗਾ।