ਦਲਬੀਰ ਸੱਖੋਵਾਲੀਆ
ਬਟਾਲਾ/ਡੇਰਾ ਬਾਬਾ ਨਾਨਕ, 10 ਮਾਰਚ
ਆਮ ਆਦਮੀ ਪਾਰਟੀ ਦੇ ਹਲਕਾ ਬਟਾਲਾ ਤੋਂ ਉਮੀਦਵਾਰ ਸ਼ੈਰੀ ਕਲਸੀ ਨੇ 28472 ਵੋਟਾਂ ਦੇ ਫ਼ਰਕ ਨਾਲ ਚੋਣ ਜਿੱਤ ਕੇ ਇੱਕ ਨਵਾਂ ਇਤਿਹਾਸ ਸਿਰਜਿਆ ਹੈ। ਉਨ੍ਹਾਂ ਕਾਂਗਰਸ ਪਾਰਟੀ ਦੇ ਅਸ਼ਵਨੀ ਸੇਖੜੀ ਅਤੇ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰ ਸੁੱਚਾ ਸਿੰਘ ਛੋਟੇਪੁਰ ਨੂੰ ਹਰਾਇਆ। ਉਂਜ ਵੀ ਆਜ਼ਾਦੀ ਦੇ ਬਾਅਦ ਤੋਂ ਇਸ ਹਲਕੇ ਤੋਂ ਐਨੀ ਵੱਡੀ ਲੀਡ ਨਾਲ ਕੋਈ ਉਮੀਦਵਾਰ ਨਹੀਂ ਜਿੱਤਿਆ। ਇਸੇ ਤਰ੍ਹਾਂ ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਮੁੜ ਤੋਂ ਵਿਧਾਇਕ ਚੁਣੇ ਗਏ। ਉਨ੍ਹਾਂ ਸਿਰਫ਼ 446 ਵੋਟਾਂ ਦੇ ਫ਼ਰਕ ਨਾਲ ਅਕਾਲੀ ਦਲ ਦੇ ਰਵੀਕਰਨ ਸਿੰਘ ਕਾਹਲੋਂ ਨੂੰ ਹਰਾਇਆ। ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਪਹਿਲੀ ਵਾਰੀ ‘ਆਪ’ ਦੋ ਸੀਟਾਂ ’ਤੇ ਜੇਤੂ ਰਹੀ ਹੈ। ਇਸੇ ਤਰ੍ਹਾਂ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਫਿਰ ਬਾਜ਼ੀ ਮਾਰ ਗਏ। ਉਨ੍ਹਾਂ ਨੂੰ 52555 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੂੰ 52089 ਵੋਟਾਂ ਅਤੇ ‘ਆਪ’ ਦੇ ਗੁਰਦੀਪ ਸਿੰਘ ਰੰਧਾਵਾ ਨੂੰ 31742 ਵੋਟਾਂ ਮਿਲੀਆਂ।