ਪੱਤਰ ਪ੍ਰੇਰਕ
ਗੁਰਦਾਸਪੁਰ, 17 ਸਤੰਬਰ
ਕੇਂਦਰ ਸਰਕਾਰ ਵੱਲੋਂ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਅਤੇ ਉਸਾਰੀ ਬੋਰਡ ਨਾਲ ਰਜਿਸਟਰਡ ਕਿਰਤੀਆਂ ਦੀਆਂ ਹੱਕੀ ਮੰਗਾਂ ਦੇ ਹੱਲ ਲਈ ਇਫਟੂ ਦੀ ਅਗਵਾਈ ਹੇਠ ਨਾਅਰੇਬਾਜ਼ੀ ਕੀਤੀ ਗਈ। ਇਫਟੂ ਵੱਲੋਂ ਕਿਰਤ ਕਾਨੂੰਨ ਵਿੱਚ ਕੀਤੀਆਂ ਸੋਧਾਂ ਰੱਦ ਕਰਾਉਣ ਅਤੇ ਹੋਰਨਾਂ ਮੰਗਾਂ ਦੇ ਸਬੰਧ ਵਿੱਚ 20 ਸਤੰਬਰ ਨੂੰ ਮੁਹਾਲੀ ਵਿਖੇ ਧਰਨਾ ਲਾਉਣ ਦੇ ਉਲੀਕੇ ਪ੍ਰੋਗਰਾਮ ਲਈ ਮੀਟਿੰਗਾਂ ਕਰਕੇ ਲਾਮਬੰਦੀ ਕੀਤੀ ਜਾ ਰਹੀ ਹੈ। ਸੂਬਾ ਮੀਤ ਪ੍ਰਧਾਨ ਕਾਮਰੇਡ ਰਮੇਸ਼ ਰਾਣਾ, ਜ਼ਿਲ੍ਹਾ ਪ੍ਰਧਾਨ ਕਾਮਰੇਡ ਜੋਗਿੰਦਰ ਪਾਲ ਪਨਿਆੜ, ਸੁਖਦੇਵ ਬਹਿਰਾਮਪੁਰ ਅਤੇ ਇਫਟੂ ਦੇ ਦਫਤਰ ਸਕੱਤਰ ਜੋਗਿੰਦਰ ਪਾਲ ਘੁਰਾਲਾ ਨੇ ਸੰਬੋਧਨ ਕੀਤਾ।
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਡੀਸੀ ਨੂੰ ਸੌਂਪਿਆ ਮੰਗ ਪੱਤਰ
ਜਲੰਧਰ (ਨਿੱਜੀ ਪੱਤਰ ਪ੍ਰੇਰਕ): ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲਾ ਪ੍ਰਧਾਨ ਸਲਵਿੰਦਰ ਸਿੰਘ ਜਾਣੀਆਂ ਅਤੇ ਜਨਰਲ ਸਕੱਤਰ ਗੁਰਮੇਲ ਸਿੰਘ ਰੇੜਵਾਂ ਦੀ ਅਗਵਾਈ ਵਿੱਚ ਕਿਸਾਨਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ। ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਦਿੱਲੀ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਮਜ਼ਦੂਰਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦੀ ਸਹਾਇਤਾ, ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ ਪਰਿਵਾਰ ਦਾ ਸਮੁੱਚਾ ਕਰਜ਼ਾ ਖਤਮ ਕੀਤਾ ਜਾਵੇ। ਵਫ਼ਦ ਵਿਚ ਲੋਹੀਆਂ ਜ਼ੋਨ ਦੇ ਪ੍ਰਧਾਨ ਸਤਨਾਮ ਸਿੰਘ ਰਾਈਵਾਲ, ਜ਼ਿਲ੍ਹਾ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਕੋਟਲੀ ਗਾਜਰਾਂ, ਰਜਿੰਦਰ ਸਿੰਘ ਨੰਗਲ ਅੰਬੀਆਂ, ਸੰਦੀਪ ਕੁਮਾਰ, ਜਗਦੀਸ਼ਪਾਲ ਸਿੰਘ ਚੱਕ ਬਾਹਮਣੀਆਂ ਆਦਿ ਹਾਜ਼ਰ ਸਨ।