ਪੱਤਰ ਪ੍ਰੇਰਕ
ਬੰਗਾ, 27 ਸਤੰਬਰ
ਪੰਜਾਬ ਸਿੱਖਿਆ ਵਿਭਾਗ ਦੀਆਂ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ ਦੇ ਕੁਸ਼ਤੀ ਮੁਕਾਬਲਿਆਂ ਵਿਚੋਂ ਸ੍ਰੀ ਗੁਰੂ ਹਰਗੋਬਿੰਦ ਸਪੋਰਟਸ ਕਲੱਬ ਬਾਹੜੋਵਾਲ ਵਿੱਚ ਸਿਖਲਾਈ ਪ੍ਰਾਪਤ ਪਹਿਲਵਾਨਾਂ ਨੇ 17 ਗੋਲਡ ਮੈਡਲ ਤੇ 4 ਸਿਲਵਰ ਮੈਡਲ ਜਿੱਤ ਕੇ ਨਵਾਂ ਰਿਕਾਰਡ ਕਾਇਮ ਕੀਤਾ ਹੈ। ਵੱਖ-ਵੱਖ ਸਕੂਲਾਂ ’ਚ ਪੜ੍ਹਾਈ ਕਰ ਰਹੇ ਇਨ੍ਹਾਂ ਵਿਦਿਆਰਥੀ ਪਹਿਲਵਾਨਾਂ ਨੂੰ ਅਖਾੜੇ ਦੇ ਮੁੱਖ ਪ੍ਰਬੰਧਕ ਮਲਕੀਅਤ ਸਿੰਘ ਬਾਹੜੋਵਾਲ ਦੀ ਅਗਵਾਈ ’ਚ ਸਨਮਾਨਿਤ ਕੀਤਾ ਗਿਆ।
ਸ਼ਾਹਕੋਟ (ਪੱਤਰ ਪ੍ਰੇਰਕ): ਜ਼ਿਲ੍ਹਾ ਪੱਧਰੀ ਖੇਡਾਂ ਵਿਚ ਬੇਰੀਜ਼ ਗਲੋਬਲ ਡਿਸਕਵਰੀ ਸਕੂਲ ਮਲਸੀਆਂ ਦੇ ਖਿਡਾਰੀਆਂ ਨੇ 15 ਮੈਡਲ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਚਮਕਾਇਆ ਹੈ। ਟਰੱਸਟੀ ਰਾਮ ਮੂਰਤੀ ਅਤੇ ਪ੍ਰਿੰਸੀਪਲ ਸੰਦੀਪ ਕੌਰ ਨੇ ਖਿਡਾਰੀਆਂ, ਕੋਚਾਂ ਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਹੈ।
ਖ਼ਾਲਸਾ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਤਗਮੇ
ਅੰਮ੍ਰਿਤਸਰ (ਪੱਤਰ ਪ੍ਰੇਰਕ): ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਦੇ ਖਿਡਾਰੀਆਂ ਨੇ ਜ਼ਿਲ੍ਹਾ ਪੱਧਰ ਦੀਆਂ ਸਕੂਲ ਖੇਡਾਂ ’ਚ ਭਾਗ ਲੈ ਕੇ ਸੋਨੇ, ਚਾਂਦੀ ਅਤੇ ਕਾਂਸੇ ਦੇ ਤਗਮੇ ਪ੍ਰਾਪਤ ਕੀਤੇ ਹਨ। ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਾਜਿੰਦਰ ਮੋਹਨ ਸਿੰਘ ਛੀਨਾ ਨੇ ਮਾਣਮੱਤੀਆਂ ਪ੍ਰਾਪਤੀਆਂ ਲਈ ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ, ਖੇਡ ਇੰਚਾਰਜ ਰਣਕੀਰਤ ਸਿੰਘ ਸੰਧੂ, ਕੋਚ ਸ਼ਰਧ ਕੁਮਾਰ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਿੰਦਰ ਸਿੰਘ, ਵਿਨੋਦ ਸਾਗਵਾਨ, ਕਰਮਜੀਤ ਸਿੰਘ, ਜਸਵੰਤ ਸਿੰਘ, ਦਲਜੀਤ ਸਿੰਘ ਅਤੇ ਰਾਜਵਿੰਦਰ ਕੌਰ ਨੂੰ ਮੁਬਾਰਕਬਾਦ ਦਿੱਤੀ।
ਗਹੂੰਣ ਦੇ ਖਿਡਾਰੀਆਂ ਦੀ ਸੂਬਾ ਪੱਧਰੀ ਖੇਡਾਂ ਲਈ ਚੋਣ
ਬਲਾਚੌਰ (ਨਿੱਜੀ ਪੱਤਰ ਪ੍ਰੇਰਕ): ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹੂੰਣ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਜਿੱਤਾਂ ਦਰਜ ਕਰਦਿਆਂ ਮੱਲਾਂ ਮਾਰੀਆਂ ਹਨ। ਇਸ ਸਬੰਧੀ ਸਕੂਲ ਮੁਖੀ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸਕੂਲ ਦੇ 21 ਵਿਦਿਆਰਥੀ ਵੱਖ-ਵੱਖ ਖੇਡਾਂ ਵਿੱਚ ਸੂਬਾ ਪੱਧਰੀ ਖੇਡ ਮੁਕਾਬਲਿਆਂ ਲਈ ਚੁਣੇ ਗਏ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਕੂਲ ਦੀ ਅੰਡਰ-14 ਉਮਰ ਵਰਗ ਦੀ ਲੜਕਿਆਂ ਦੀ ਖੋ-ਖੋ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਪੱਧਰ ’ਤੇ ਪਹਿਲਾ ਸਥਾਨ ਹਾਸਲ ਕੀਤਾ।