ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਮਈ
ਨੌਜਵਾਨ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਨਾਮਜ਼ਦ ਕੀਤੇ ਵਿਅਕਤੀਆਂ ਦੀ ਗ੍ਰਿਫਤਾਰੀ ਦੀ ਮੰਗ ਲਈ ਅੱਜ ਪੀੜਤ ਪਰਿਵਾਰ ਅਤੇ ਉਸ ਦੇ ਸਮਰਥਕਾਂ ਵੱਲੋਂ ਅੱਜ ਇੱਥੇ ਹਾਲ ਗੇਟ ’ਤੇ ਨੌਜਵਾਨ ਦੀ ਲਾਸ਼ ਸੜਕ ’ਤੇ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਖੁਦਕੁਸ਼ੀ ਕਰਨ ਵਾਲੇ ਨੌਜਵਾਨ ਦੀ ਸ਼ਨਾਖਤ ਮਨੀਸ਼ ਯਾਦਵ ਵਜੋਂ ਹੋਈ ਸੀ ਜਿਸ ਨੇ ਕੱਲ੍ਹ ਹਾਲ ਬਾਜ਼ਾਰ ਵਿੱਚ ਇਕ ਦੁਕਾਨ ਜਿਥੇ ਉਹ ਕੰਮ ਕਰਦਾ ਸੀ, ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਸੀ। ਪੁਲੀਸ ਨੇ ਇਸ ਮਾਮਲੇ ਵਿੱਚ ਦੁਕਾਨ ਦੇ ਮਾਲਕ ਅਜੇ ਖੰਨਾ ਅਤੇ ਉਸ ਦੇ ਭਰਾ ਮੋਂਟੂ ਖੰਨਾ ਨੂੰ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ਹੇਠ ਨਾਮਜ਼ਦ ਕੀਤਾ ਸੀ।
ਅੱਜ ਜਦੋਂ ਮਨੀਸ਼ ਯਾਦਵ ਦੇ ਪਰਿਵਾਰ ਤੇ ਹੋਰਨਾਂ ਨੇ ਨਾਮਜ਼ਦ ਕੀਤੇ ਵਿਅਕਤੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਇੱਥੇ ਹਾਲ ਗੇਟ ’ਤੇ ਰੋਸ ਪ੍ਰਦਰਸ਼ਨ ਕੀਤਾ ਤਾਂ ਪੁਲੀਸ ਦੇ ਸੀਨੀਅਰ ਅਧਿਕਾਰੀ ਏਡੀਸੀਪੀ ਹਰਵਿੰਦਰ ਸਿੰਘ, ਸਹਾਇਕ ਕਮਿਸ਼ਨਰ ਅਭਿਮਨਿਊ ਰਾਣਾ ਤੇ ਹੋਰ ਮੌਕੇ ’ਤੇ ਪੁੱਜੇ ਸਨ, ਜਿਨ੍ਹਾਂ ਨੇ ਪੀੜਤ ਪਰਿਵਾਰ ਨੂੰ ਸ਼ਾਂਤ ਕੀਤਾ ਅਤੇ ਤੁਰੰਤ ਕਾਰਵਾਈ ਦਾ ਭਰੋਸਾ ਦਿੱਤਾ। ਪੀੜਤ ਪਰਿਵਾਰ ਵਲੋਂ ਲਾਸ਼ ਨੂੰ ਸੜਕ ਵਿਚ ਰੱਖ ਕੇ ਮੰਗ ਕੀਤੀ ਜਾ ਰਹੀ ਸੀ ਕਿ ਦੁਕਾਨ ਮਾਲਕਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਅਤੇ ਬਣਦੀ ਕਾਰਵਾਈ ਕੀਤੀ ਜਾਵੇ। ਧਰਨਾਕਾਰੀਆਂ ਵੱਲੋਂ ਪੁਲੀਸ ’ਤੇ ਦੁਕਾਨ ਮਾਲਕਾਂ ਨਾਲ ਮਿਲੀ ਭੁਗਤ ਕਰਨ ਦਾ ਵੀ ਦੋਸ਼ ਲਾਇਆ ਗਿਆ। ਮ੍ਰਿਤਕ ਨੌਜਵਾਨ ਦੇ ਪਿਤਾ ਸੁਭਾਸ਼ ਯਾਦਵ ਨੇ ਆਪਣੀ ਸ਼ਿਕਾਇਤ ਵਿੱਚ ਪੁਲੀਸ ਨੂੰ ਦੱਸਿਆ ਕਿ ਉਸ ਦਾ ਬੇਟਾ ਹਾਲ ਬਾਜ਼ਾਰ ਵਿੱਚ ਖੰਨਾ ਐਂਡ ਕੰਪਨੀ ਨਾਂ ਦੀ ਦੁਕਾਨ ਵਿੱਚ ਮਸ਼ੀਨ ਰਿਪੇਅਰ ਦੇ ਮਕੈਨਿਕ ਵਜੋਂ ਪਿਛਲੇ 12 ਸਾਲਾਂ ਤੋਂ ਕੰਮ ਕਰ ਰਿਹਾ ਸੀ। ਕੱਲ੍ਹ ਐਤਵਾਰ ਨੂੰ ਉਸ ਨੂੰ ਦੁਕਾਨ ’ਤੇ ਸੱਦਿਆ ਗਿਆ, ਜਿੱਥੇ ਉਸ ’ਤੇ 40 ਲੱਖ ਰੁਪਏ ਚੋਰੀ ਕਰਨ ਦਾ ਦੋਸ਼ ਲਾਇਆ ਗਿਆ। ਉਸ ਨੂੰ ਵੀ ਦੁਕਾਨ ’ਤੇ ਸੱਦਿਆ ਗਿਆ ਸੀ, ਜਿਥੇ ਉਸ ਦੇ ਬੇਟੇ ਨੇ ਦੱਸਿਆ ਕਿ ਦੁਕਾਨ ਮਾਲਕਾਂ ਨੇ ਉਸ ਦੀ ਮਾਰਕੁੱਟ ਕੀਤੀ ਹੈ। ਇਸ ਦੌਰਾਨ ਜਦੋਂ ਉਹ ਦੁਕਾਨ ਮਾਲਕਾਂ ਨਾਲ ਗੱਲਬਾਤ ਕਰ ਰਿਹਾ ਸੀ ਤਾਂ ਉਸਦਾ ਬੇਟਾ ਦੁਕਾਨ ਦੀ ਤੀਜੀ ਮੰਜ਼ਿਲ ’ਤੇ ਚਲਾ ਗਿਆ ਅਤੇ ਉਸ ਨੇ ਛੱਤ ਵਾਲੇ ਪੱਖੇ ਨਾਲ ਲਟਕ ਕੇ ਫਾਹਾ ਲੈ ਲਿਆ।
ਉਸਨੇ ਦੋਸ਼ ਲਾਇਆ ਕਿ ਉਸਦੇ ਬੇਟੇ ਖਿਲਾਫ ਝੂਠੇ ਤੇ ਬੇਬੁਨਿਆਦ ਦੋਸ਼ ਲਾਏ ਗਏ ਸਨ। ਉਸ ਦੀ ਬੇਤਹਾਸ਼ਾ ਕੁੱਟਮਾਰ ਕੀਤੀ ਗਈ, ਜਿਸ ਤੋਂ ਤੰਗ ਆ ਕੇ ਉਸਨੇ ਖੁਦਕੁਸ਼ੀ ਕੀਤੀ ਹੈ। ਅੱਜ ਧਰਨੇ ’ਤੇ ਬੈਠੀ ਉਸ ਦੀ ਭੈਣ ਨੰਦਨੀ ਨੇ ਆਖਿਆ ਕਿ ਪੁਲੀਸ ਨੇ ਕੇਸ ਦਰਜ ਕਰਨ ਦੇ ਬਾਵਜੂਦ ਹੁਣ ਤਕ ਨਾਮਜ਼ਦ ਵਿਅਕਤੀਆਂ ਨੂੰ ਗ੍ਰਿਫਤਾਰ ਨਹੀਂ ਕੀਤਾ ਹੈ। ਉਸਨੇ ਦੋਸ਼ ਲਾਇਆ ਕਿ ਪੁਲੀਸ ਦੁਕਾਨ ਮਾਲਕਾਂ ਨਾਲ ਮਿਲੀ ਹੋਈ ਹੈ। ਮੁਹੱਲਾ ਵਾਸੀ ਸੋਨੂੰ ਕੁਮਾਰ ਨੇ ਆਖਿਆ ਕਿ ਮੁਕੇਸ਼ ’ਤੇ ਲਾਏ ਦੋਸ਼ ਬੇਬੁਨਿਆਦ ਹਨ। ਇਸ ਦੌਰਾਨ ਏਡੀਸੀਪੀ ਹਰਵਿੰਦਰ ਸਿੰਘ ਨੇ ਆਖਿਆ ਕਿ ਪੁਲੀਸ ਨੇ ਦੁਕਾਨ ਮਾਲਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ਤੇ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਨੂੰ ਨਿਆਂ ਮਿਲੇਗਾ ਤੇ ਨਾਮਜ਼ਦ ਕੀਤੇ ਵਿਅਕਤੀ ਜਲਦੀ ਗ੍ਰਿਫਤਾਰ ਕਰ ਲਏ ਜਾਣਗੇ।
ਟਰੈਵਲ ਏਜੰਟ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕੀਤੀ
ਹਰਜੀਤ ਸਿੰਘ ਪਰਮਾਰ
ਬਟਾਲਾ, 16 ਮਈ
ਟਰੈਵਲ ਏਜੰਟ ਦੀ ਠੱਗੀ ਦਾ ਸ਼ਿਕਾਰ ਹੋਏ ਨੌਜਵਾਨ ਨੇ ਟਰੈਵਲ ਏਜੰਟ ਅਤੇ ਪੁਲੀਸ ਦੀ ਧੱਕੇਸ਼ਾਹੀ ਤੋਂ ਪ੍ਰੇਸ਼ਾਨ ਹੋ ਕੇ ਆਪਣੇ ਰਿਸ਼ਤੇਦਾਰਾਂ ਦੇ ਘਰ ਜਾ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਗੁਰਸੇਵਕ ਸਿੰਘ ਪੁੱਤਰ ਗੁਰਮੇਜ਼ ਸਿੰਘ ਵਾਸੀ ਨਵੀਂ ਆਬਾਦੀ ਉਮਰਪੁਰਾ ਵਜੋਂ ਹੋਈ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਫੇਸਬੁੱਕ ’ਤੇ ਲਾਈਵ ਹੋ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਇਨਸਾਫ ਦੀ ਮੰਗ ਕੀਤੀ ਅਤੇ ਕਿਹਾ ਕਿ ਉਹ ਟਰੈਵਲ ਏਜੰਟ ਤੇ ਪੁਲੀਸ ਦੀ ਧੱਕੇਸ਼ਾਹੀ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਰਿਹਾ ਹੈ।
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਅਤੇ ਮੁਹੱਲਾ ਵਾਸੀਆਂ ਨੇ ਮ੍ਰਿਤਕ ਦੇਹ ਨੂੰ ਗਾਂਧੀ ਚੌਕ ਵਿੱਚ ਰੱਖ ਕੇ ਟਰੈਵਲ ਏਜੰਟ ਅਤੇ ਪੁਲੀਸ ਖਿਲਾਫ਼ ਧਰਨਾ ਲਾਇਆ ਅਤੇ ਕਰੀਬ ਡੇਢ ਘੰਟਾ ਚੱਕਾ ਜਾਮ ਕਰਕੇ ਇਨਸਾਫ ਦੀ ਮੰਗ ਕੀਤੀ ਹੈ।
ਮੌਕੇ ’ਤੇ ਪਹੁੰਚੇ ਡੀਐੱਸਪੀ ਸਿਟੀ ਦੇਵ ਸਿੰਘ ਅਤੇ ਥਾਣਾ ਸਿਟੀ ਦੇ ਮੁਖੀ ਬਲਵਿੰਦਰ ਸਿੰਘ ਵੱਲੋਂ ਇਨਸਾਫ਼ ਦਿਵਾਉਣ ਦੇ ਭਰੋਸੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਧਰਨਾ ਚੁੱਕ ਲਿਆ। ਮ੍ਰਿਤਕ ਦੀ ਪਤਨੀ ਸੁਮਨ ਅਤੇ ਹੋਰ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਕਰੀਬ ਚਾਰ ਮਹੀਨੇ ਪਹਿਲਾਂ ਗੁਰਸੇਵਕ ਅਤੇ ਕੁਝ ਹੋਰ ਨੌਜਵਾਨ ਨੌਸ਼ਹਿਰਾ ਮੱਝਾ ਸਿੰਘ ਦੇ ਟਰੈਵਲ ਏਜੰਟ ਵਿਲਸਨ ਰਾਹੀਂ ਸਾਊਦੀ ਅਰਬ ਗਏ ਸਨ ਅਤੇ ਉਸ ਵਕਤ ਉਸ ਏਜੰਟ ਨੇ ਉਨ੍ਹਾਂ ਕੋਲੋਂ ਦੋ-ਦੋ ਲੱਖ ਰੁਪਏ ਲਏ ਸਨ। ਉਨ੍ਹਾਂ ਦੱਸਿਆ ਕਿ ਗੁਰਸੇਵਕ ਸਿੰਘ ਅਤੇ ਹੋਰ ਨੌਜਵਾਨ ਸਾਊਦੀ ਅਰਬ ਤਾਂ ਪੁੱਜ ਗਏ ਪਰ ਉਨ੍ਹਾਂ ਨੂੰ ਉੱਥੇ ਕੰਮ ਨਾ ਮਿਲਿਆ ਅਤੇ ਦੋ ਮਹੀਨੇ ਖੱਜਲ-ਖੁਆਰ ਹੋਣ ਮਗਰੋਂ ਵਾਪਸ ਭਾਰਤ ਪਰਤਣਾ ਪਿਆ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਇਸ ਸਬੰਧੀ ਜਦੋਂ ਏਜੰਟ ਵਿਲਸਨ ਅਤੇ ਉਸ ਦੇ ਸਾਥੀਆਂ ਨਾਲ ਗੱਲ ਕੀਤੀ ਤਾਂ ਉਲਟਾ ਉਨ੍ਹਾਂ ਨੇ ਉਨ੍ਹਾਂ ਦੇ ਪੁੱਤਰ ਗੁਰਸੇਵਕ ਸਿੰਘ ਅਤੇ ਹੋਰਨਾਂ ਖਿਲਾਫ਼ ਪੁਲੀਸ ਦੀ ਮਿਲੀਭੁਗਤ ਨਾਲ ਕੇਸ ਦਰਜ ਕਰਵਾ ਦਿੱਤਾ ਸੀ ਜਿਸ ਤੋਂ ਪ੍ਰੇਸ਼ਾਨ ਹੋ ਕੇ ਹੀ ਗੁਰਸੇਵਕ ਸਿੰਘ ਨੇ ਲੰਘੇ ਦਿਨ ਕੋਈ ਜ਼ਹਿਰੀਲੀ ਚੀਜ਼ ਪੀ ਅਤੇ ਇਲਾਜ ਦੌਰਾਨ ਉਸ ਦੀ ਹਸਪਤਾਲ ਵਿੱਚ ਮੌਤ ਹੋ ਗਈ। ਧਰਨੇ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਭਰਤ ਅਗਰਵਾਲ, ਸ਼ਹਿਰੀ ਪ੍ਰਧਾਨ ਰਾਕੇਸ਼ ਤੁਲੀ ਅਤੇ ਹੋਰਨਾਂ ਨੇ ਏਜੰਟਾਂ ਖਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।
ਮੌਕੇ ’ਤੇ ਪਹੁੰਚੇ ਡੀਐਸਪੀ ਦੇਵ ਸਿੰਘ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਟਰੈਵਲ ਏਜੰਟ ਖਿਲਾਫ਼ ਕੇਸ ਦਰਜ ਕਰਨ ਦਾ ਭਰੋਸਾ ਦੇਣ ਮਗਰੋਂ ਪਰਿਵਾਰਕ ਮੈਂਬਰਾਂ ਨੇ ਧਰਨਾ ਚੁੱਕਿਆ। ਮ੍ਰਿਤਕ ਗੁਰਸੇਵਕ ਸਿੰਘ ਨੇ ਜ਼ਹਿਰ ਪੀਣ ਤੋਂ ਪਹਿਲਾਂ ਫੇਸਬੁੱਕ ’ਤੇ ਲਾਈਵ ਹੋ ਕੇ ਟਰੈਵਲ ਏਜੰਟ ਵਿਲਸਨ ਅਤੇ ਪੁਲੀਸ ਦੀ ਧੱਕੇਸ਼ਾਹੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਨਸਾਫ ਦੀ ਮੰਗ ਕੀਤੀ।