ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 16 ਦਸੰਬਰ
ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ’ਤੇ ਦੋਸ਼ ਲਾਇਆ ਕਿ ਉਹ ਖੇਤੀ ਕਾਨੂੰਨਾਂ ਦੇ ਮਾਮਲੇ ਵਿੱਚ ਦੋਹਰੇ ਮਾਪਦੰਡ ਅਪਣਾ ਰਹੇ ਹਨ, ਕਿਉਂਕਿ ਦੋਵਾਂ ਨੇ ਪਹਿਲਾਂ ਖੇਤੀ ਕਾਨੂੰਨਾਂ ਨੂੰ ਠੀਕ ਦੱਸਿਆ ਸੀ ਅਤੇ ਇਸ ਦੀ ਸ਼ਲਾਘਾ ਕੀਤੀ ਸੀ, ਹੁਣ ਜਦੋਂ ਖੇਤੀ ਕਾਨੂੰਨਾਂ ਦਾ ਵਿਰੋਧ ਹੋ ਰਿਹਾ ਹੈ ਤਾਂ ਉਨ੍ਹਾਂ ਪਾਲਾ ਬਦਲ ਲਿਆ ਹੈ। ਉਨ੍ਹਾਂ ਆਖਿਆ ਕਿ ਇਹ ਦੋਵੇਂ ਲੋਕਾਂ ਨੂੰ ਦੱਸਣ ਕਿ ਕੀ ਇਨ੍ਹਾਂ ਨੇ ਪਹਿਲਾਂ ਝੂਠ ਬੋਲਿਆ ਸੀ ਜਾਂ ਹੁਣ ਝੂਠ ਬੋਲ ਰਹੇ ਹਨ। ਭਾਜਪਾ ਆਗੂ ਨੇ ਆਖਿਆ ਕਿ ਇਹ ਖੇਤੀ ਕਾਨੂੰਨ ਕਾਂਗਰਸ ਦੇ ਵੇਲੇ ਬਣਾਏ ਗਏ ਸਨ ਅਤੇ ਹੁਣ ਭਾਜਪਾ ਵੱਲੋਂ ਇਨ੍ਹਾਂ ਵਿੱਚ ਸੋਧ ਕਰਕੇ ਲਾਗੂ ਕਰਨ ਦਾ ਯਤਨ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਨੇ ਇਹ ਖੇਤੀ ਕਾਨੂੰਨਾਂ ਨੂੰ ਆਪਣੇ ਚੋਣ ਮਨੋਰਥ ਪੱਤਰ ਦਾ ਹਿੱਸਾ ਵੀ ਬਣਾਇਆ ਸੀ। ਖੇਤੀ ਕਾਨੂੰਨਾਂ ਦੀ ਵਕਾਲਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨਾਂ ਨੂੰ ਲਾਹਾ ਦੇਣ ਵਾਲੇ ਹਨ। ਕੇਂਦਰ ਸਰਕਾਰ ਦੇ ਕਿਸਾਨਾਂ ਲਈ ਗੱਲਬਾਤ ਦਾ ਰਸਤਾ ਖੁੱਲ੍ਹਾ ਰੱਖਿਆ ਹੈ ਤੇ ਭਾਜਪਾ ਕਿਸਾਨਾਂ ਦਾ ਪੂਰਾ ਮਾਣ ਸਨਮਾਨ ਕਰਦੀ ਹੈ।