ਹਰਪ੍ਰੀਤ ਕੌਰ
ਹੁਸ਼ਿਆਰਪੁਰ, 5 ਸਤੰਬਰ
ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ’ਤੇ ਅਧਿਆਪਕਾਂ ਨੇ ਅੱਜ ਕੌਮੀ ਅਧਿਆਪਕ ਦਿਵਸ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਕਾਲੇ ਬਿੱਲੇ ਲਗਾ ਕੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤੇ। ਅਧਿਆਪਕਾਂ ਨੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਇਨ੍ਹਾਂ ਪ੍ਰਦਰਸ਼ਨਾਂ ਦੀ ਅਗਵਾਈ ਜ਼ਿਲ੍ਹਾ ਕਨਵੀਨਰਾਂ ਪ੍ਰਿੰਸੀਪਲ ਅਮਨਦੀਪ ਸ਼ਰਮਾ, ਜਤਿੰਦਰ ਸਿੰਘ ਸੋਨੀ, ਜਸਵੀਰ ਸਿੰਘ, ਕੁਲਵੰਤ ਸਿੰਘ ਅਤੇ ਸੁਰਜੀਤ ਰਾਜਾ ਨੇ ਕੀਤੀ।
ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਹੁਸ਼ਿਆਰਪੁਰ ’ਚ ਕੀਤੇ ਰੋਸ ਮੁਜ਼ਾਹਰੇ ਦੌਰਾਨ ਅਧਿਆਪਕ ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਦੀਆਂ ਲੋਕ ਤੇ ਮੁਲਾਜ਼ਮ ਵਿਰੋਧੀ ਨੀਤੀਆਂ ਨੇ ਪਿਛਲੀਆਂ ਸਰਕਾਰਾਂ ਨੂੰ ਵੀ ਮਾਤ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਧਿਆਪਕਾਂ ਦਾ ਕੋਈ ਮਸਲਾ ਹੱਲ ਨਹੀਂ ਹੋਇਆ ਸਗੋਂ ਅਧਿਆਪਕ ਵਿਰੋਧੀ ਨਿੱਤ ਨਵੇਂ ਫੁਰਮਾਨ ਜਾਰੀ ਹੋ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਜਦੋਂ ਤੱਕ ਅਧਿਆਪਕਾਂ ਦੀਆਂ ਮੰਗਾਂ ਦਾ ਨਬਿੇੜਾ ਨਹੀਂ ਹੋ ਜਾਂਦਾ, ਉਹ ਸਰਕਾਰ ਖਿਲਾਫ਼ ਤਿੱਖੇ ਸੰਘਰਸ਼ ਦੀ ਰੂਪ ਰੇਖਾ ਉਲੀਕਣਗੇ। ਉਨ੍ਹਾਂ ਰਾਜ ਦੇ ਸਾਰੇ ਅਧਿਆਪਕਾਂ ਨੂੰ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ। ਇਸ ਮੌਕੇ ਜਸਵੀਰ ਤਲਵਾੜਾ, ਲੈਕਚਰਾਰ ਅਮਰ ਸਿੰਘ, ਪ੍ਰਿਤਪਾਲ ਸਿੰਘ ਚੌਟਾਲਾ, ਵਿਕਾਸ ਸ਼ਰਮਾ, ਹਰਵਿੰਦਰ ਸਿੰਘ, ਅਰਵਿੰਦਰ ਸਿੰਘ, ਪ੍ਰਿੰਸੀਪਲ ਹਰਜੀਤ ਸਿੰਘ, ਹੈੱਡ ਮਾਸਟਰ ਸੰਦੀਪ ਸਿੰਘ, ਬਲਜੀਤ ਕੌਸ਼ਲ ਅਤੇ ਨਰੇਸ਼ ਕੁਮਾਰ ਆਦਿ ਮੌਜੂਦ ਸਨ।
ਤਰਨ ਤਾਰਨ (ਪੱਤਰ ਪ੍ਰੇਰਕ): ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ ’ਤੇ ਅਧਿਆਪਕ ਦਿਵਸ ਮੌਕੇ ਅੱਜ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿੱਚ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਪੰਜਾਬ ਸਰਕਾਰ ਦੇ ਵਤੀਰੇ ਖਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ| ਰੋਸ ਪ੍ਰਗਟਾਉਣ ਵਾਲੇ ਅਧਿਆਪਕਾਂ ਨੇ ਕਾਲੇ ਬਿੱਲੇ ਅਤੇ ਅਧਿਆਪਕਾਵਾਂ ਨੇ ਕਾਲੀਆਂ ਚੁੰਨੀਆਂ ਲਈਆਂ ਹੋਈਆਂ ਸਨ| ਸਕੂਲਾਂ ’ਚ ਅਧਿਆਪਕਾਂ ਨੇ ਸਰਕਾਰ ਵੱਲੋਂ ਅਧਿਆਪਕ ਵਿਰੋਧੀ ਜਾਰੀ ਕੀਤੇ ਪੱਤਰਾਂ ਦੀਆਂ ਕਾਪੀਆਂ ਵੀ ਸਾੜੀਆਂ| ਇਸ ਮੌਕੇ ਅਧਿਆਪਕ ਜਥੇਬੰਦੀਆਂ ਦੇ ਆਗੂ ਪ੍ਰਭਜੋਤ ਸਿੰਘ ਗੋਹਲਵੜ੍ਹ, ਸੁਰਿੰਦਰਪਾਲ ਸਿੰਘ, ਮਨਪ੍ਰੀਤ ਸਿੰਘ, ਪਲਵਿੰਦਰ ਸਿੰਘ, ਮੇਅੰਕ ਬਤਰਾ, ਪਵਨਦੀਪ ਕੌਰ, ਕਿਰਨ ਜੋਤੀ, ਉਮਾ ਦੇਵੀ, ਅਮਨਦੀਪ ਕੌਰ ਤੇ ਇੰਦਰਜੀਤ ਕੌਰ ਨੇ ਸੰਬੋਧਨ ਕੀਤਾ।
ਮਜੀਠਾ (ਲਖਨਪਾਲ ਸਿੰਘ): ਕੌਮੀ ਅਧਿਆਪਕ ਦਿਵਸ ’ਤੇ ਅੱਜ ਸਰਕਾਰੀ ਹਾਈ ਸਕੂਲ ਟਰਪਈ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੇ ਲਾਰਿਆਂ ਦੀ ਪੰਡ ਫ਼ੂਕ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਸੁੱਚਾ ਸਿੰਘ ਟਰਪਈ ਨੇ ਕਿਹਾ ਕਿ ਪੰਜਾਬ ਦੇ ਮੁਲਾਜ਼ਮਾਂ ਨਾਲ ਵਾਅਦੇ ਕਰ ਕੇ ਸੱਤਾ ਵਿੱਚ ਆਈ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਮੁਲਾਜ਼ਮਾਂ ਦੀਆਂ ਮੰਗਾਂ ਤੋਂ ਲਗਾਤਾਰ ਟਾਲਾ ਵੱਟ ਰਹੀ ਹੈ। ਇਸ ਨਾਲ ਪੰਜਾਬ ਦੇ ਮੁਲਾਜ਼ਮਾਂ ਵਿੱਚ ਰੋਸ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕੇ ਜੇਕਰ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਇਸ ਸੰਕੇਤਕ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਦੇ ਮੁਲਾਜ਼ਮ ਸੜਕਾਂ ਤੇ ਉਤਰ ਕੇ ਸਰਕਾਰ ਪੰਜਾਬ ਸਰਕਾਰ ਨੂੰ ਘੇਰਨਗੇ।
ਹੈੱਡ ਟੀਚਰਾਂ ਦੀਆਂ ਤਰੱਕੀਆਂ ਲਟਕਣ ਕਾਰਨ ਅਧਿਆਪਕਾਂ ਵਿੱਚ ਰੋਸ
ਬਟਾਲਾ (ਦਲਬੀਰ ਸੱਖੋਵਾਲੀਆ): ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਅਧਿਆਪਕਾਂ ਦੀਆਂ ਮੰਗਾਂ ਨੂੰ ਲਟਕਾਉਣ ਦੇ ਰੋਸ ਵਜੋਂ ਅੱਜ ਅਧਿਆਪਕ ਦਿਵਸ ਮੌਕੇ ਪੰਜਾਬ ਸਰਕਾਰ ਖ਼ਿਲ਼ਾਫ਼ ਕਾਲ਼ੇ ਬਿੱਲੇ ਲਗਾ ਕੇ ਰੋਸ ਦਾ ਪ੍ਰਗਟਾਵਾ ਕੀਤਾ। ਸਾਂਝੇ ਅਧਿਆਪਕ ਮੋਰਚੇ ਦੇ ਸੂਬਾ ਕੋ-ਕਨਵੀਨਰ ਸੁਖਰਾਜ ਸਿੰਘ ਕਾਹਲੋਂ ਨੇ ਕਿਹਾ ਕਿ ਸਰਕਾਰ ਅਧਿਆਪਕਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਮੰਨਣ ਤੋਂ ਪਾਸਾ ਵੱਟ ਰਹੀ ਹੈ। ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਧਰਮਕੋਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੱਚੇ ਅਧਿਆਪਕਾਂ ਨਾਲ ਵਾਅਦਾ ਕੀਤਾ ਸੀ ਕਿ ਪਹਿਲੀ ਕੈਬਨਿਟ ਮੀਟਿੰਗ ਵਿੱਚ ਹਰੇ ਪੈੱਨ ਨਾਲ ਆਧਿਆਪਕਾਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਪੁਰਾਣੀ ਪੈਨਸ਼ਨ ਬਹਾਲ ਕਰਨ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਰਹੀ ਹੈ। ਬੁਲਾਰਿਆਂ ਨੇ ਕਿਹਾ ਕਿ ਗੁਰਦਾਸਪੁਰ ਵਿੱਚ ਪਿਛਲੇ ਛੇ ਸਾਲਾਂ ਤੋਂ ਰੁਕੀਆਂ ਹੈੱਡ ਟੀਚਰਾਂ ਦੀਆਂ ਤਰੱਕੀਆਂ ਕਰਵਾਉਣ, ਪ੍ਰਾਇਮਰੀ ਦੇ ਬਜਟ ਨੂੰ ਰੈਗੂਲਰ ਕਰਵਾਉਣ, ਅਧਿਆਪਕਾਂ ਤੋਂ ਗ਼ੈਰ ਵਿੱਦਿਅਕ ਕੰਮ ਨਾ ਕਰਵਾਉਣ ,ਅਧਿਆਪਕਾਂ ਉੱਪਰ ਥੋਪਿਆ ਜਬਰੀ ਟੈਸਟ ਦਾ ਪੱਤਰ ਵਾਪਸ ਕਰਵਾਉਣ ਸਮੇਤ ਹੋਰ ਹੱਕੀ ਮੰਗਾਂ ਦੀ ਪੂਰਤੀ ਤੱਕ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਲਿਆ।