ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 27 ਅਕਤੂਬਰ
ਇਥੇ ਮਿੱਲ ਗਰਾਉੂਂਡ ਵਿੱਚ ਗੌਰਮਿੰਟ ਟੀਚਰ ਯੂਨੀਅਨ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਦੇ ਸੱਦੇ ਤੇ ਅਧਿਆਪਕਾਂ ਵੱਲੋਂ ਕੇਂਦਰ ਦੇ ਪੇਅ ਸਕੇਲ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜ ਕੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਸਮੇਂ ਗੌਰਮਿੰਟ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਪੂਰੋਵਾਲ, ਅਨਿਲ ਕੁਮਾਰ, ਸੁਖਵਿੰਦਰ ਰੰਧਾਵਾ,ਵਿਜੇ ਲੂਣਾ ਈ ਟੀ ਟੀ ਯੂਨੀਅਨ, ਗੁਰਜਿੰਦਰ ਸਿੰਘ, ਮਨਜਿੰਦਰ ਅਠਵਾਲ, ਪ੍ਰੇਮ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਕ ਪਾਸੇ ਪੰਜਾਬ ਸਰਕਾਰ ਕੇਂਦਰ ਦੇ ਕਾਲ਼ੇ ਕਨੂੰਨਾਂ ਨੂੰ ਰੱਦ ਕਰ ਰਹੀ ਹੈ ਦੂਜੇ ਪਾਸੇ ਕੇਂਦਰੀ ਤਨਖਾਹ ਕਮਿਸ਼ਨ ਨੂੰ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਘੱਟ ਕਰਨ ਲਈ ਲਾਗੂ ਕੀਤਾ ਜਾ ਰਿਹਾ ਹੈ। ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਦੇ ਮੁਲਾਜ਼ਮਾਂ ਲਈ ਛੇਵੇਂ ਪੇਅ-ਕਮਿਸ਼ਨ ਦੀ ਰਿਪੋਰਟ ਜਾਰੀ ਕਰਕੇ ਲਾਗੂ ਕੀਤੀ ਜਾਵੇ ਅਤੇ ਕੇਂਦਰ ਦੇ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਦਾ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ। ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ।
ਤਨਖਾਹ ਕਮਿਸ਼ਨ ਦਾ ਡੀਟੀਐਫ ਦੇ ਆਗੂਆਂ ਵੱਲੋਂ ਵਿਰੋਧ
ਪਠਾਨਕੋਟ (ਐੱਨਪੀ ਧਵਨ): ਪੰਜਾਬ ਸਰਕਾਰ ਵਲੋਂ ਅਧਿਆਪਕਾਂ ਉਤੇ 1 ਜਨਵਰੀ 2006 ਤੋਂ ਲਾਗੂ ਕੀਤੇ ਸਕੇਲਾਂ ਨੂੰ ਸੱਤਵੇਂ ਕੇਂਦਰੀ ਤਨਖਾਹ ਕਮਿਸ਼ਨ ਅਨੁਸਾਰ ਕਨਵਰਜ਼ਨ ਕਰਕੇ ਜਬਰੀ ਲਾਗੂ ਕਰਨ ਲਈ ਜਾਰੀ ਕੀਤੇ ਪੱਤਰ ਖਿਲਾਫ ਡੀਟੀਐਫ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਕੇਵਲ ਮਨਵਾਲ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਕੋਹਲੀਆਂ ਵਿਖੇ ਰੋਸ ਪ੍ਰਦਰਸ਼ਨ ਕੀਤਾ ਜ਼ਿਲ੍ਹਾ ਪ੍ਰਧਾਨ ਕੇਵਲ ਮਨਵਾਲ ਨੇ ਕਿਹਾ ਕਿ ਸਿਖਿਆ ਵਿਭਾਗ ਵਲੋਂ ਇਸ ਫੈਸਲੇ ਨੂੰ ਲਾਗੂ ਕਰਨ ਨਾਲ ਭਵਿੱਖ ਵਿਚ ਸਰਕਾਰੀ ਅਧਿਆਪਕਾਂ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ। ਇਸ ਕਾਰਨ ਡੀਟੀਐਫ ਵਲੋਂ ਸਰਕਾਰ ਦੇ ਇਸ ਫੈਸਲੇ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ ਤਾਂ ਜੋ ਸਰਕਾਰ ਦੇ ਇਸ ਫੈਸਲੇ ਨੂੰ ਲਾਗੂ ਹੋਣ ਤੋਂ ਰੋਕਿਆ ਜਾ ਸਕੇ।