ਨਿੱਜੀ ਪੱਤਰ ਪ੍ਰੇਰਕ
ਜਲੰਧਰ, 22 ਦਸੰਬਰ
ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪੀਐੱਸਐੱਮਐੱਸਯੂ ਦੇ ਸੱਦੇ ’ਤੇ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ਵਿੱਚ ਸਮੂਹ ਕਲੈਰੀਕਲ ਅਮਲੇ ਦੀ ਅੱਜ ਤੋਂ 28 ਦਸੰਬਰ ਤੱਕ ਕਲਮ ਛੋੜ ਹੜਤਾਲ ਸ਼ੁਰੂ ਹੋ ਗਈ, ਜਿਸ ਨਾਲ ਸਾਰੇ ਵਿਭਾਗਾਂ ਵਿੱਚ ਕੰਮ-ਕਾਜ ਪੂਰੀ ਤਰ੍ਹਾਂ ਠੱਪ ਹੋ ਗਿਆ। ਯੂਨੀਅਨ ਦੇ ਪ੍ਰਧਾਨ ਸੁਖਜੀਤ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਦਿੱਤੇ ਜਾ ਰਹੇ ਭੱਤਿਆਂ ਨੂੰ ਘਟਾ ਦਿੱਤਾ ਗਿਆ ਅਤੇ ਕੁਝ ਭੱਤਿਆਂ ਨੂੰ ਬੰਦ ਕਰ ਦਿੱਤਾ। ਇਸ ਨਾਲ ਹੀ ਨਵੇਂ ਭਰਤੀ ਕਰਮਚਾਰੀਆਂ ਨੂੰ ਪੇ ਕਮਿਸ਼ਨ ਦੇ ਲਾਭਾਂ ’ਚੋਂ ਵਾਂਝਾ ਕਰਨ ਲਈ ਵੀ ਪੱਤਰ ਜਾਰੀ ਕਰ ਦਿੱਤਾ ਗਿਆ ਹੈ ਜਿਸ ਨਾਲ ਸਮੁੱਚੇ ਮੁਲਾਜ਼ਮ ਵਰਗ ਵਿੱਚ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਮੁੱਖ ਮੰਤਰੀ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਵੱਲੋਂ ਕਈ ਵਾਅਦੇ ਮੀਟਿੰਗਾਂ ਵਿੱਚ ਕੀਤੇ ਗਏ ਹਨ ਪਰ ਉਨ੍ਹਾਂ ਦਾ ਨੋਟੀਫਿਕੇਸ਼ਨ ਜਾਰੀ ਨਹੀਂ ਕੀਤੀ ਗਿਆ। ਅਮਨਦੀਪ ਸਿੰਘ ਨੇ ਦੱਸਿਆ ਕਿ 27 ਦਸੰਬਰ ਨੂੰ ਸਿੱਖਿਆ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।
ਡੈਮ ਮੁਲਾਜ਼ਮਾਂ ਵੱਲੋਂ ਨਾਅਰੇਬਾਜ਼ੀ
ਪਠਾਨਕੋਟ (ਪੱਤਰ ਪ੍ਰੇਰਕ): ਪੰਜਾਬ ਸਰਕਾਰ ਵੱਲੋਂ ਰੋਕੇ ਗਏ ਭੱਤਿਆਂ ਨੂੰ ਲੈ ਕੇ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਨੇ ਅੱਜ ਰਣਜੀਤ ਸਾਗਰ ਡੈਮ ਦੇ ਮੁੱਖ ਇੰਜਨੀਅਰ ਦੇ ਦਫਤਰ ਮੂਹਰੇ ਕਲਮ ਛੱਡੋ ਹੜਤਾਲ ਕਰ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰੈਲੀ ਕਰਨ ਵਾਲਿਆਂ ਵਿੱਚ ਜ਼ਿਲ੍ਹਾ ਪ੍ਰਧਾਨ ਗੁਰਨਾਮ ਸਿੰਘ ਸੈਣੀ, ਡੈਮ ਦੇ ਪ੍ਰਧਾਨ ਅਭਿਸ਼ੇਕ, ਨਿਰਵੇਸ਼ ਡੋਗਰਾ, ਪਰਮਿੰਦਰ ਸਿੰਘ, ਅਸ਼ੋਕ ਕੁਮਾਰ ਤੇ ਅਸ਼ਵਨੀ ਕੁਮਾਰ ਪ੍ਰਮੁੱਖ ਸਨ।