ਪੱਤਰ ਪ੍ਰੇਰਕ
ਅਜਨਾਲਾ, 30 ਅਕਤੂਬਰ
ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਅੰਮ੍ਰਿਤਸਰ ਵੱਲੋਂ ਜਨਰਲ ਸਕੱਤਰ ਅਮਰਜੀਤ ਸਿੰਘ ਕਲੇਰ ਦੀ ਅਗਵਾਈ ਹੇਠ ਜਿੱਥੇ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਸਰਕਾਰ ਦੇ ਫੈਸਲੇ ਦਾ ਸਵਾਗਤ ਕੀਤਾ ਗਿਆ ਉੱਥੇ ਹੀ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਮੰਗ ਪੱਤਰ ਸੌਂਪ ਕੇ ਮੰਗ ਕੀਤੀ ਗਈ ਕਿ ਇਸ ਸਬੰਧੀ ਨੋਟੀਫਿਕੇਸ਼ਨ ਵਿੱਚ ਸ਼ਾਮਲ ਕੀਤੇ ਜਾਣ ਵਾਲੇ ਅਹਿਮ ਤੱਤਾਂ ਨੂੰ ਵਿਚਾਰਨ ਲਈ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾਈ ਆਗੂਆਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਾਵੇ। ਆਗੂਆਂ ਨੇ ਕਿਹਾ ਕਿ ਜਿਹੜੇ ਮੁਲਾਜ਼ਮ ਐੱਨਪੀਐੱਸ ਤਹਿਤ ਪਹਿਲਾਂ ਸੇਵਾਮੁਕਤ ਹੋ ਚੁੱਕੇ ਹਨ, ਉਨ੍ਹਾਂ ਨੂੰ ਵੀ ਨੋਟੀਫਿਕੇਸ਼ਨ ਵਿੱਚ ਸ਼ਾਮਲ ਕਰਨਾ, 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮ ਜੋ ਪਹਿਲਾਂ ਠੇਕਾ ਆਧਾਰ ’ਤੇ ਕੰਮ ਕਰ ਚੁੱਕੇ ਹਨ, ਨੂੰ ਵੀ ਸੇਵਾਮੁਕਤੀ ਸਮੇਂ ਪੈਨਸ਼ਨ ਦੇ ਯੋਗ ਸਮਝਣਿਆ ਜਾਵੇ।
ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਭਰੋਸਾ ਦਿਵਾਇਆ ਕਿ ਮੁਲਾਜ਼ਮ ਆਗੂਆਂ ਦੀ ਮੀਟਿੰਗ ਮੁੱਖ ਮੰਤਰੀ ਨਾਲ ਕਰਵਾਉਣ ਦੇ ਹਰ ਉਪਰਾਲੇ ਕੀਤੇ ਜਾਣਗੇ। ਇਸ ਮੌਕੇ ਜਰਨੈਲ ਸਿੰਘ ਅਜਨਾਲਾ, ਤਰਸੇਮ ਲਾਲ ਅਜਨਾਲਾ, ਗੁਰਦੀਪ ਸਿੰਘ ਆਦਿ ਵੀ ਹਾਜ਼ਰ ਸਨ।
ਜੰਗਲਾਤ ਕਾਮਿਆਂ ਨੇ ਕਟਾਰੂਚੱਕ ਨੂੰ ਮੰਗ ਪੱਤਰ ਸੌਂਪਿਆ
ਪਠਾਨਕੋਟ (ਪੱਤਰ ਪ੍ਰੇਰਕ): ਜੰਗਲਾਤ ਕਾਰਜਕਾਰੀ ਫੀਲਡ ਅਮਲਾ ਯੂਨੀਅਨ ਦੇ ਇੱਕ ਵਫਦ ਨੇ ਅੱਜ ਜੰਗਲਾਤ ਵਿਭਾਗ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਮੁਲਾਕਾਤ ਕੀਤੀ ਅਤੇ ਇਕ ਮੰਗ ਪੱਤਰ ਸੌਂਪਿਆ। ਇਸ ਵਫਦ ਵਿੱਚ ਯੂਨੀਅਨ ਦੇ ਪ੍ਰਧਾਨ ਅਭਿਨੰਦਨ ਸ਼ਰਮਾ, ਰਣਬੀਰ ਸਿੰਘ, ਸੂਬਾਈ ਜਨਰਲ ਸਕੱਤਰ ਬੋਬਿੰਦਰ ਸਿੰਘ, ਵਿਜੈ ਕੁਮਾਰ ਖੋਖਰ, ਸੰਦੀਪ ਸਿੰਘ ਰੰਧਾਵਾ, ਮੰਡਲ ਸਕੱਤਰ ਦਇਆ ਰਾਮ ਅਤੇ ਮੰਡਲ ਪ੍ਰਧਾਨ ਗੁਰਦਾਸਪੁਰ ਕੰਵਲਜੀਤ ਸਿੰਘ ਸ਼ਾਮਲ ਸਨ। ਮੰਤਰੀ ਨੇ ਮੰਗਾਂ ਸਬੰਧੀ ਜਲਦੀ ਹੀ ਉੱਚ ਪੱਧਰੀ ਮੀਟਿੰਗ ਕਰਵਾਉਣ ਦਾ ਭਰੋਸਾ ਦਿੱਤਾ।