ਖੇਤਰੀ ਪ੍ਰਤੀਨਿਧ
ਬਟਾਲਾ, 1 ਅਗਸਤ
ਇੱਥੇ ਲੂਥਰਾ ਜਿਊਲਰਜ਼ ਦੇ ਸ਼ੋਅਰੂਮ ’ਤੇ ਗੋਲੀਆਂ ਚਲਾਉਣ ਵਾਲੇ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੂੰ ਪੁਲੀਸ ਨੇ ਪਿਸਤੌਲ ਅਤੇ ਰੌਂਦਾਂ ਸਣੇ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮਾਂ ਨੇ ਸੁਨਿਆਰੇ ਕੋਲੋਂ ਫੋਨ ’ਤੇ ਫਿਰੌਤੀ ਮੰਗੀ ਸੀ ਅਤੇ ਪੈਸੇ ਨਾ ਦੇਣ ਦੀ ਸੂਰਤ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਸਨ। ਇਸ ਸਬੰਧੀ ਐੱਸਪੀ ਬਟਾਲਾ ਰਮਨਿੰਦਰ ਸਿੰਘ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਲੰਘੀ 24 ਜੁਲਾਈ ਨੂੰ ਦੋ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਲੂਥਰਾ ਜਿਊਲਰਜ਼ ਦੀ ਦੁਕਾਨ ’ਤੇ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਗੋਲੀਆਂ ਚਲਾਉਣ ਵਾਲੇ ਦੋਵਾਂ ਮੁਲਜ਼ਮਾਂ- ਮਨੀ ਮਸੀਹ ਵਾਸੀ ਦੁੰਬੀਵਾਲ ਅਤੇ ਸੰਦੀਪ ਸਿੰਘ ਵਾਸੀ ਕਰਵਾਲੀਆਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਵਾਰਦਾਤ ਲਈ ਵਰਤਿਆ ਪਿਸਤੌਲ, ਦੋ ਰੌਂਦ ਅਤੇ ਇੱਕ ਮੋਟਰਸਾਈਕਲ ਬਰਾਮਦ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਅਦਾਲਤ ਕੋਲੋਂ ਰਿਮਾਂਡ ਲੈ ਕੇ ਉਨ੍ਹਾਂ ਕੋਲੋਂ ਹੋਰ ਬਰੀਕੀ ਨਾਲ ਪੁੱਛਗਿੱਛ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੁਲੀਸ ਨੇ ਲੰਘੀ ਥਾਣਾ ਡੇਰਾ ਬਾਬਾ ਨਾਨਕ ਵਿੱਚ ਹੋਏ ਇੱਕ ਅੰਨ੍ਹੇ ਕਤਲ ਦੀ ਗੁੱਥੀ ਹੱਲ ਕਰਨ ਦਾ ਦਾਅਵਾ ਕਰਦਿਆਂ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸਪੀ ਰਮਨਿੰਦਰ ਸਿੰਘ ਨੇ ਦੱਸਿਆ ਕਿ ਸ਼ਿਵੰਦਰ ਸਿੰਘ ਉਰਫ਼ ਸ਼ਿੰਦਾ ਵਾਸੀ ਪਿੰਡ ਸ਼ਹਿਜਾਦਾ ਨੂੰ ਦੋ ਮੋਟਰਸਾਈਕਲ ਸਵਾਰ ਅਣਪਛਾਤੇ ਨੌਜਵਾਨਾਂ ਨੇ ਉਸ ਸਮੇਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ ਜਦੋਂ ਉਹ ਆਪਣੇ ਖੇਤਾਂ ਨੂੰ ਪਾਣੀ ਲਾ ਕੇ ਵਾਪਸ ਘਰ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕੇਸ ਵਿੱਚ ਜਸਵਿੰਦਰ ਸਿੰਘ ਉਰਫ਼ ਫੌਜੀ ਅਤੇ ਨਵਰਾਜ ਸਿੰਘ ਉਰਫ਼ ਸਾਗਰ ਨੂੰ ਨਾਮਜ਼ਦ ਕੀਤਾ ਗਿਆ ਸੀ ਜਿਨ੍ਹਾਂ ਨੂੰ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ।