ਪੱਤਰ ਪ੍ਰੇਰਕ
ਪਠਾਨਕੋਟ, 2 ਜੂਨ
ਪੰਜਾਬ ਸਟੇਟ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇੱਕ ਮੀਟਿੰਗ ਸੁਜਾਨਪੁਰ ਵਿੱਚ ਪ੍ਰਧਾਨ ਮਾਸਟਰ ਰਾਮਦਾਸ ਸ਼ਰਮਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਸਰਪ੍ਰਸਤ ਸੱਤਿਆ ਪ੍ਰਕਾਸ਼ ਵਿਸ਼ੇਸ਼ ਰੂਪ ਵਿੱਚ ਸ਼ਾਮਲ ਹੋਏ।
ਇਸ ਮੀਟਿੰਗ ਵਿੱਚ ਪੈਨਸ਼ਨਰਾਂ ਵੱਲੋਂ ਮੰਗਾਂ ਪੂਰੀਆਂ ਨਾ ਹੋਣ ’ਤੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਮਾਸਟਰ ਰਾਮਦਾਸ ਸ਼ਰਮਾ ਅਤੇ ਸੱਤਿਆ ਪ੍ਰਕਾਸ਼ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਲਗਾਤਾਰ ਅਣਦੇਖੀ ਕੀਤੀ ਜਾ ਰਹੀ ਹੈ ਜਿਸ ਕਰਕੇ ਸਮੂਹ ਪੈਨਸ਼ਨਰਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਉਨ੍ਹਾਂ ਦੀਆਂ ਮੰਗਾਂ ਨੂੰ ਜਲਦੀ ਲਾਗੂ ਨਹੀਂ ਕਰਦੀ ਹੈ ਤਾਂ ਸਟੇਟ ਪੈਨਸ਼ਨਰਜ਼ ਪੰਜਾਬ ਸਰਕਾਰ ਖ਼ਿਲਾਫ਼ ਜੁਆਇੰਟ ਫਰੰਟ ਦੇ ਬੈਨਰ ਹੇਠ ਸੰਘਰਸ਼ ਸ਼ੁਰੂ ਕਰ ਦੇਣਗੇ।
ਉਨ੍ਹਾਂ ਮੰਗ ਕੀਤੀ ਕਿ ਅਦਾਲਤ ਵੱਲ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਮਹਿੰਗਾਈ ਭੱਤੇ ਦਾ ਬਕਾਇਆ ਜਾਰੀ ਕੀਤਾ ਜਾਵੇ, ਮੈਡੀਕਲ ਭੱਤੇ ਦੀ ਰਾਸ਼ੀ ਨੂੰ ਵਧਾ ਕੇ 2 ਹਜ਼ਾਰ ਰੁਪਏ ਮਹੀਨਾ ਕੀਤਾ ਜਾਵੇ ਅਤੇ ਜ਼ਰੂਰੀ ਸੋਧਾਂ ਕਰਨ ਬਾਅਦ ਕੈਸ਼ਲੈੱਸ ਇਲਾਜ ਦੀ ਸੁਵਿਧਾ ਨੂੰ ਬਹਾਲ ਕੀਤਾ ਜਾਵੇ।
ਇਸ ਮੌਕੇ ਬਲਾਕ ਪ੍ਰਧਾਨ ਬਲਵੰਤ ਰਾਏ, ਰਮੇਸ਼ ਸ਼ਰਮਾ, ਰਤਨ ਲਾਲ, ਤਰਸੇਮ ਕੁਮਾਰ ਤੇ ਨਰਮੋਹਨ ਸਿੰਘ ਆਦਿ ਹਾਜ਼ਰ ਸਨ।