ਕੇ.ਪੀ ਸਿੰਘ
ਗੁਰਦਾਸਪੁਰ, 2 ਜੂਨ
ਹਿਮਾਚਲ ਪ੍ਰਦੇਸ਼ ਦੇ ਇੱਕ ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਅੰਮ੍ਰਿਤਸਰ ਦੇ ਇੱਕ ਪਰਿਵਾਰ ਦੀ ਕਾਰ ਗੁਰਦਾਸਪੁਰ ਨੇੜੇ ਹਾਦਸਾਗ੍ਰਸਤ ਹੋਣ ਕਾਰਨ ਪਰਿਵਾਰ ਦੇ ਤਿੰਨ ਮੈਂਬਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਸ ਦੌਰਾਨ ਮੌਕੇ ’ਤੇ ਪਹੁੰਚੀ ਸੜਕ ਸੁਰੱਖਿਆ ਫੋਰਸ ਦੀ ਟੀਮ ਵੱਲੋਂ ਜ਼ਖ਼ਮੀਆਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਦਿੰਦਿਆਂ ਪਰਿਵਾਰ ਦੇ ਮੈਂਬਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਉਹ ਆਪਣੇ ਪਿਤਾ, ਮਾਤਾ, ਭੈਣ ਅਤੇ ਜੀਜੇ ਨਾਲ ਨੂਰਪੁਰ ਤੋਂ ਮੱਥਾ ਟੇਕ ਕੇ ਵਾਪਸ ਅੰਮ੍ਰਿਤਸਰ ਜਾ ਰਹੇ ਸੀ ਕਿ ਜਦੋਂ ਬਰਿਆਰ ਬਾਈਪਾਸ ’ਤੇ ਮੋੜ ਮੁੜਨ ਲੱਗੇ ਤਾਂ ਅਚਾਨਕ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਸੜਕ ਕਿਨਾਰੇ ਟੋਏ ਵਿੱਚ ਡਿੱਗ ਗਈ। ਇਸ ਕਾਰਨ ਕਾਰ ਦੇ ਏਅਰ ਬੈਗ ਵੀ ਖੁੱਲ੍ਹ ਗਏ। ਹਾਦਸੇ ਵਿੱਚ ਉਨ੍ਹਾਂ ਦੀ ਮਾਤਾ ਮੰਜੂ ਦੇਵੀ, ਭੈਣ ਸ਼ੈਲੀ ਅਗਰਵਾਲ ਅਤੇ ਭਾਣਜਾ ਆਕਾਸ਼ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ ਜਦ ਕਿ ਉਹ ਅਤੇ ਉਸ ਦੇ ਪਿਤਾ ਪ੍ਰੇਮ ਪ੍ਰਕਾਸ਼ ਦੇ ਮਮੂਲੀ ਸੱਟਾਂ ਲੱਗੀਆਂ ਹਨ। ਮੌਕੇ ’ਤੇ ਪਹੁੰਚੇ ਸੜਕ ਸੁਰੱਖਿਆ ਫੋਰਸ ਦੇ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਐਂਬੂਲੈਂਸ ਮੰਗਵਾ ਕੇ ਹਸਪਤਾਲ ਪਹੁੰਚਾਇਆ ਗਿਆ। ਦੂਜੇ ਪਾਸੇ ਸੜਕ ਸੁਰੱਖਿਆ ਫੋਰਸ ਦੇ ਏਐੱਸਆਈ ਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਕਿ ਬਾਈਪਾਸ ਦੇ ਮੋੜ ’ਤੇ ਇੱਕ ਕਾਰਹਾਦਸਾ ਗ੍ਰਸਤ ਹੋ ਗਈ ਹੈ। ਮੌਕੇ ’ਤੇ ਪਹੁੰਚ ਕੇ ਕਾਰ ਵਿੱਚੋਂ ਸਵਾਰੀਆਂ ਨੂੰ ਬਾਹਰ ਕੱਢਿਆ ਗਿਆ ਅਤੇ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਨ੍ਹਾਂ ਦਾ ਇਲਾਜ ਜਾਰੀ ਹੈ।