ਪੱਤਰ ਪ੍ਰੇਰਕ
ਪਠਾਨਕੋਟ, 7 ਅਕਤੂਬਰ
ਝੋਨੇ ਦੀ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਧੂੰਏਂ ਵਿੱਚ ਮੌਜੂਦ ਜ਼ਹਿਰੀਲੀਆਂ ਗੈਸਾਂ ਮਨੁੱਖ, ਪਸ਼ੂ ਅਤੇ ਪੌਦਿਆਂ ਦੀ ਸਿਹਤ ਲਈ ਬੇਹੱਦ ਖਤਰਨਾਕ ਸਾਬਤ ਹੋ ਰਹੀਆਂ ਹਨ। ਇਸ ਲਈ ਪਰਾਲੀ ਸਾੜਨ ਦੀ ਬਜਾਏ ਖੇਤਾਂ ਵਿੱਚ ਹੀ ਸੰਭਾਲ ਕੇ ਕਣਕ ਅਤੇ ਹੋਰ ਫਸਲਾਂ ਦੀ ਬਿਜਾਈ ਕਰਨੀ ਚਾਹੀਦੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਹਰਬੀਰ ਸਿੰਘ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪਠਾਨਕੋਟ ਵਿੱਚ 28,500 ਹੈਕਟੇਅਰ ਰਕਬੇ ਵਿੱਚ ਝੋਨੇ ਸਮੇਤ ਬਾਸਮਤੀ ਦੀ ਕਾਸ਼ਤ ਕੀਤੀ ਗਈ ਹੈ, ਜਿਸ ਤੋਂ ਤਕਰੀਬਨ 1 ਲੱਖ 40 ਹਜ਼ਾਰ ਟਨ ਪਰਾਲੀ ਪੈਦਾ ਹੋਣ ਦੀ ਸੰਭਾਵਨਾ ਹੈ। ਜਦੋਂਕਿ ਪਿਛਲੇ ਸਾਲ ਜ਼ਿਲ੍ਹੇ ਅੰਦਰ ਸਿਰਫ ਪਰਾਲੀ ਨੂੰ ਅੱਗ ਲੱਗਣ ਦੇ 6 ਮਾਮਲੇ ਦਰਜ ਕੀਤੇ ਗਏ ਸਨ, ਜੋ ਕਿਸੇ ਵੀ ਜ਼ਿਲ੍ਹੇ ਵਿੱਚ ਦਰਜ ਕੀਤੇ ਮਾਮਲਿਆਂ ਨਾਲੋਂ ਸਭ ਤੋਂ ਘੱਟ ਸਨ। ਇਸ ਕਰਕੇ ਇਸ ਵਾਰ ਜ਼ਿਲ੍ਹਾ ਪਠਾਨਕੋਟ ਨੂੰ ਉਤਰੀ ਭਾਰਤ ਦਾ ਪ੍ਰਦੂਸ਼ਣ ਰਹਿਤ ਜ਼ਿਲ੍ਹਾ ਬਣਾਉਣ ਲਈ ਟੀਚਾ ਮਿਥਿਆ ਗਿਆ ਹੈ। ਜਿਸ ਲਈ ਕਿਸਾਨਾਂ ਦੇ ਬੇਹੱਦ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਮੌਸਮ ਖਰਾਬ ਹੁੰਦਾ ਹੈ ਤਾਂ ਝੋਨੇ ਦੀ ਕਟਾਈ ਮੌਸਮ ਸਾਫ਼ ਹੋਣ ਤੋਂ ਬਾਅਦ ਹੀ ਕੀਤੀ ਜਾਵੇ।