ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 30 ਜਨਵਰੀ
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਮੌਕੇ ਅੱਜ ਜੱਲ੍ਹਿਆਵਾਲਾ ਬਾਗ ਸਥਿਤ ਸ਼ਹੀਦੀ ਸਮਾਰਕ ਵਿੱਚ ਮਨਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਰੂਹੀ ਦੁੱਗ ਵਲੋਂ ਰਾਸ਼ਟਰ ਪਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਉਨ੍ਹਾਂ ਦੀ ਯਾਦ ਵਿਚ ਦੋ ਮਿੰਟ ਦਾ ਮੌਨ ਰੱਖਿਆ ਗਿਆ। ਇਸ ਮੌਕੇ ਦੇਸ਼ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਦੁੱਗ ਨੇ ਕਿਹਾ ਕਿ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਮੌਕੇ ਪੰਜਾਬ ਪੁਲੀਸ ਦੇ ਜਵਾਨਾਂ ਨੇ ਹਥਿਆਰ ਉਲਟੇ ਕਰਕੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਸਾਬਕਾ ਮੰਤਰੀ ਲਕਸ਼ਮੀਕਾਂਤਾ ਚਾਵਲਾ, ਰਵਿੰਦਰਪਾਲ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਕਰਮਚਾਰੀ ਵੀ ਹਾਜ਼ਰ ਸਨ।
ਤਰਨ ਤਾਰਨ (ਪੱਤਰ ਪ੍ਰੇਰਕ): ਇਥੋਂ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਅੱਜ ਬਲੀਦਾਨ ਦਿਵਸ ਮੌਕੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਦੇਸ਼ ਦੇ ਆਜ਼ਾਦੀ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ| ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ-ਮੁਲਾਜ਼ਮਾਂ ਨੇ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਧਾਰਿਆ।
ਪਠਾਨਕੋਟ (ਪੱਤਰ ਪ੍ਰੇਰਕ): ਸ਼ਹੀਦਾਂ, ਸੰਗਰਾਮੀਆਂ ਅਤੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਰਾਹੀਂ ਦੋ ਮਿੰਟ ਦਾ ਮੌਨ ਧਾਰ ਕੇ ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵੱਲੋਂ ਸ਼ਰਧਾਂਜਲੀ ਦਿੱਤੀ ਗਈ।
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਬਲੀਦਾਨ ਦਿਵਸ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ’ਚ ਐੱਸ.ਡੀ.ਐੱਮ ਸ਼ਿਵਰਾਜ ਸਿੰਘ ਬੱਲ ਸਮੇਤ ਸਿਵਲ ਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਮਹਾਤਮਾ ਗਾਂਧੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।