ਪੱਤਰ ਪ੍ਰੇਰਕ
ਅੰਮ੍ਰਿਤਸਰ, 25 ਅਕਤੂਬਰ
ਬਿਜਲੀ ਮੰਤਰੀ ਹਰਭਜਨ ਸਿੰਘ ਨੇ ਅੱਜ ਇਥੇ ਚੌਕ ਹੁਸੈਨਪੁਰਾ ਵਿੱਚ ਬਿਜਲੀ ਘਰ ਵਿੱਚ ਵਿਸ਼ਵਕਰਮਾ ਦਿਵਸ ’ਤੇ ਬਿਜਲੀ ਮੁਲਾਜ਼ਮਾਂ ਨਾਲ ਪੂਜਾ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਭਗਵਾਨ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ ਦੇ ਸ਼ਿਲਪਕਾਰ ਹੋਏ ਹਨ ਅਤੇ ਦੇਸ਼ ਦੀ ਤਰੱਕੀ ਤੇ ਉਦਯੋਗਿਕ ਕ੍ਰਾਂਤੀ ਵਿੱਚ ਵਿਸ਼ਵਕਰਮਾ ਭਾਈਚਾਰੇ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਭਾਈਚਾਰਕ ਸਾਂਝ ਤੇ ਸ਼ਾਂਤੀ ਨਾਲ ਨਵੇਂ ਸੰਸਾਰ ਦਾ ਨਿਰਮਾਣ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਰਤੀ ਵਰਗ ਦੀ ਭਲਾਈ ਲਈ ਸਰਕਾਰ ਵੱਲੋਂ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਭਾਈਚਾਰਕ ਸਾਂਝ ਤੇ ਸ਼ਾਂਤੀ ਨਾਲ ਰਹਿਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਕਈ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ ਅਤੇ ਸਰਕਾਰੀ ਦਫ਼ਤਰਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ। ਉਨਾਂ ਨੇ ਬਿਜਲੀ ਵਿਭਾਗ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਭੋਗਪੁਰ (ਪੱਤਰ ਪ੍ਰੇਰਕ): ਬਾਬਾ ਵਿਸ਼ਵਕਰਮਾ ਭਵਨ ਪ੍ਰਬੰਧਕ ਕਮੇਟੀ ਨੇ ਸੰਗਤਾਂ ਦੇ ਸਹਿਯੋਗ ਨਾਲ ਦਸਤਕਾਰੀ ਤੇ ਸ਼ਿਲਪਕਾਰੀ ਦੇ ਸਿਰਜਨਹਾਰ ਬਾਬਾ ਵਿਸ਼ਵਕਰਮਾ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਭਵਨ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਗਾਇਕਾਂ ਨੇ ਬਾਬਾ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਸਾਬਕਾ ਅਕਾਲੀ ਵਿਧਾਇਕ ਪਵਨ ਕੁਮਾਰ ਟੀਨੂੰ, ‘ਆਪ’ ਦੇ ਹਲਕਾ ਇੰਚਾਰਜ ਜੀਤ ਲਾਲ ਭੱਟੀ ਅਤੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਪਰਮਿੰਦਰ ਸਿੰਘ ਮੱਲ੍ਹੀ ਅਤੇ ਸਾਰੀਆਂ ਸਿਆਸੀ ਪਾਰਟੀਆਂ ਦੇ ਸਥਾਨਕ ਆਗੂਆਂ ਤੋਂ ਇਲਾਵਾ ਇਲਾਕੇ ਦੇ ਕਾਰੋਬਾਰੀ ਕਿੱਤਿਆਂ ਨਾਲ ਸਬੰਧਤ ਲੋਕਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ। ਪ੍ਰਬੰਧਕ ਕਮੇਟੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਿਰਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਭਵਨ ਦੇ ਪ੍ਰਧਾਨ ਕੁੰਦਨ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ।
ਸ਼ਾਹਕੋਟ (ਪੱਤਰ ਪ੍ਰੇਰਕ): ਸਥਾਨਕ ਗੁਰਦੁਆਰਾ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਉਤਸਵ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ ਪੈਣ ਉਪਰੰਤ ਧਾਰਮਿਕ ਦੀਵਾਨ ਸਜਾਇਆ ਗਿਆ। ਭਾਈ ਮੰਗਲ ਸਿੰਘ ਮਹਿਰਮ ਦੇ ਢਾਡੀ ਜਥੇ ਨੇ ਗੁਰ ਇਤਿਹਾਸ ਦੀਆਂ ਵਾਰਾਂ ਰਾਹੀਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ। ਹਲਕਾ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਇਲਾਕਾ ਵਾਸੀਆਂ ਨੂੰ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਿਲਪ ਅਤੇ ਭਵਨ ਕਲਾ ਦੇ ਬਾਨੀ ਦੱਸਿਆ। ‘ਆਪ’ ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਨੇ ਕਿਹਾ ਕਿ ਬਾਬਾ ਵਿਸ਼ਵਕਰਮਾ ਜੀ ਦੀ ਅਦੁੱਤੀ ਦੇਣ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਲੋਹੀਆਂ ਖਾਸ ਅਤੇ ਮਤਿਪੁਰ ਵਿਚ ਵੀ ਬਾਬਾ ਵਿਸ਼ਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ।
ਵਿਸ਼ਵਕਰਮਾ ਮੰਦਰ ਵਿੱਚ ਹਜ਼ਾਰਾਂ ਦੀ ਗਿਣਤੀ ’ਚ ਸੰਗਤ ਨਤਮਸਤਕ
ਫਗਵਾੜਾ (ਪੱਤਰ ਪ੍ਰੇਰਕ): ਸ਼ਿਲਪ ਕਲਾ ਦੇ ਬਾਨੀ ਭਗਵਾਨ ਸ੍ਰੀ ਵਿਸ਼ਵਕਰਮਾ ਦਾ ਸਾਲਾਨਾ ਦਿਵਸ ਸ਼੍ਰੋਮਣੀ ਸ਼੍ਰੀ ਵਿਸ਼ਵਕਰਮਾ ਮੰਦਰ ਫਗਵਾੜਾ ਵਿਖੇ ਬੜੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਹਜ਼ਾਰਾ ਦੀ ਗਿਣਤੀ ’ਚ ਤੜਕਸਾਰ ਤੋਂ ਸੰਗਤਾਂ ਦੂਰ ਦੁਰੇਡੇ ਤੋਂ ਪੁੱਜੀਆਂ ਤੇ ਮੰਦਰ ’ਚ ਨਤਮਸਤਕ ਹੋ ਕੇ ਭਗਵਾਨ ਵਿਸ਼ਵਕਰਮਾ ਜੀ ਦਾ ਆਸ਼ੀਰਵਾਦ ਲਿਆ। ਮੰਦਰ ਵਿਖੇ ਅੱਜ ਸਵੇਰੇ ਹਵਨ ਯੱਗ ਕਰਵਾਇਆ ਗਿਆ। ਇਸ ਉਪਰੰਤ ਝੰਡੇ ਦੀ ਰਸਮ ਤੀਰਥ ਸਿੰਘ ਪਦਮ ਨੇ ਕੀਤੀ ਤੇ ਪ੍ਰਧਾਨਗੀ ਗੁਰਮੁੱਖ ਸਿੰਘ ਨਾਮਧਾਰੀ ਤੇ ਸਮੂਹ ਮੈਂਬਰਾਂ ਨੇ ਕੀਤੀ। ਇਸ ਉਪਰੰਤ ਸਜਾਏ ਗਏ ਦੀਵਾਨ ’ਚ ਨਵਿੰਦਰ ਸਿੰਘ ਚਾਨਾ ਭੁੱਲਾਰਾਈ (ਯੂ.ਐੱਸ.ਏ) ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਿਨ੍ਹਾਂ ਨੇ ਵਿਸ਼ਵਕਰਮਾ ਜੀ ਦੀ ਜੀਵਨੀ ’ਤੇ ਚਾਨਣਾ ਪਾਇਆ। ਇਸ ਮੌਕੇ ਪ੍ਰਧਾਨਗੀ ਮੰਡਲ ’ਤੇ ਵਿਸ਼ੇਸ਼ ਮਹਿਮਾਨਾਂ ’ਚ ਕਪੂਰਥਲਾ ਤੋਂ ਵਿਧਾਇਕ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਸਥਾਨਕ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਹਰਜੀਤ ਸਿੰਘ ਪਰਮਾਰ, ਡਾ. ਰਾਜ ਕੁਮਾਰ ਚੱਬੇਵਾਲ ਸ਼ਾਮਲ ਹੋਏ। ਕਮੇਟੀ ਪ੍ਰਧਾਨ ਬਲਵੰਤ ਰਾਏ ਧੀਮਾਨ ਨੇ ਮੰਦਰ ਕਮੇਟੀ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ, ਚਲਾਏ ਜਾ ਰਹੇ ਚੈਰੀਟੇਬਲ ਹਸਪਤਾਲ ਬਾਰੇ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਦਿੱਤੀ ਗਈ 2 ਕਰੋੜ ਰੁਪਏ ਦੀ ਗ੍ਰਾਂਟ ਉਨ੍ਹਾਂ ਨੂੰ ਜਾਰੀ ਹੋ ਗਈ ਹੈ, ਜਿਸ ਨਾਲ ਹਸਪਤਾਲ ਦੇ ਕਈ ਪ੍ਰਾਜੈਕਟ ਤੇਜ਼ੀ ਨਾਲ ਸਿਰੇ ਲੱਗ ਰਹੇ ਹਨ।