ਜਤਿੰਦਰ ਬੈਂਸ
ਗੁਰਦਾਸਪੁਰ, 7 ਅਕਤੂਬਰ
ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਤੱਕ ਅੰਦੋਲਨ ਜਾਰੀ ਰੱਖਣ ਦੀ ਜ਼ਿੱਦ ’ਤੇ ਅੜੇ ਕਿਸਾਨ ਅੱਜ ਸੱਤਵੇਂ ਦਿਨ ਵੀ ਇੱਥੇ ਰੇਲਵੇ ਲਾਈਨ ’ਤੇ ਧਰਨੇ ਉੱਤੇ ਡਟੇ ਰਹੇ। ਧਰਨਾਕਾਰੀ ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂ ਸਤਬੀਰ ਸਿੰਘ ਸੁਲਤਾਨੀ, ਜਸਬੀਰ ਸਿੰਘ ਕੱਤੋਵਾਲ, ਸੁਰਜੀਤ ਸਿੰਘ, ਹਰਚਰਨ ਸਿੰਘ ਔਜਲਾ ਆਦਿ ਨੇ ਕਿਹਾ ਕਿ ਖੇਤੀ ਸੁਧਾਰਾਂ ਦੇ ਨਾਂ ਹੇਠ ਪਾਸ ਕੀਤੇ ਤਿੰਨੇ ਕਾਨੂੰਨ ਕਿਸਾਨ, ਮਜ਼ਦੂਰ ਅਤੇ ਲੋਕ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਜਿਥੇ ਕਿਸਾਨਾਂ ਤੇ ਮਜ਼ਦੂਰਾਂ ਨੂੰ ਬਰਬਾਦ ਕਰਨਗੇ ਉੱਥੇ ਹੀ ਸੂਬਿਆਂ ਦੇ ਸੰਘੀ ਢਾਂਚੇ ਨੂੰ ਵੀ ਕਮਜ਼ੋਰ ਕਰਨਗੇ। ਉਨ੍ਹਾਂ ਕਿਹਾ ਕਿ ਇਹ ਕਾਲੇ ਕਾਨੂੰਨ ਸੰਸਾਰ ਵਪਾਰ ਸੰਸਥਾ ਦੇ ਦਬਾਅ ਤਹਿਤ ਦੇਸ਼ ਦੇਸ਼ ਹਰ ਖੇਤਰ ਵਿੱਚ ਨਿੱਜੀ ਕੰਪਨੀਆਂ ਅਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਾਉਣ ਵਾਲੇ ਹਨ।
ਇਸੇ ਤਰ੍ਹਾਂ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਕਿਸਾਨਾਂ-ਮਜ਼ਦੂਰਾਂ ਨੇ ਸ਼ਹਿਰ ਦੇ ਬੱਬਰੀ ਚੌਕ ਵਿਚ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਬੁਲਾਰਿਆਂ ਕਿਹਾ ਕਿ ਮੋਦੀ ਸਰਕਾਰ ਨੇ ਹਮੇਸ਼ਾ ਲੋਕ ਮਾਰੂ ਫ਼ੈਸਲੇ ਲੈ ਕੇ ਦੇਸ਼ ਨੂੰ ਤਬਾਹੀ ਵੱਲ ਤੋਰਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਨਾਲ ਕਿਸਾਨ ਹੀ ਨਹੀਂ ਸਗੋਂ ਪੂਰਾ ਮੁਲਕ ਤਬਾਹ ਹੋ ਜਾਵੇਗਾ। ਊਨ੍ਹਾਂ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਇੱਥੇ ਖੇਤੀ ਦੇ ਧੰਦੇ ਨਾਲ ਜੁੜੇ ਹੋਰ ਕਈ ਕਾਰੋਬਾਰ ਚੱਲ ਰਹੇ ਹਨ ਤੇ ਊਨ੍ਹਾਂ ਵਿਚ ਵੱਡੀ ਗਿਣਤੀ ਲੋਕਾਂ ਨੂੰ ਰੁਜ਼ਗਾਰ ਮਿਲਿਆ ਹੋਇਆ ਹੈ, ਜੇ ਇਹ ਮਾਰੂ ਕਾਨੂੰਨ ਲਾਗੂ ਹੋ ਜਾਣਗੇ ਤਾਂ ਵੱਡੇ ਪੱਧਰ ਤੇ ਰੁਜ਼ਗਾਰ ਵੀ ਖੁੱਸ ਜਾਵੇਗਾ। ਸੁਖਦੇਵ ਸਿੰਘ ਅੱਲੜਪਿੰਡੀ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਦੇਵੀਦਾਸਪੁਰ ਮੋਰਚੇ ਲਈ ਬੱਸਾਂ ਦਾ ਕਾਫ਼ਲਾ ਰਵਾਨਾ ਕੀਤਾ ਗਿਆ ਹੈ।
ਭੁਲੱਥ (ਦਲੇਰ ਸਿੰਘ ਚੀਮਾ): ਬੀਕੇਯੂ ਕਾਦੀਆਂ ਵਲੋਂ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ ਦੀ ਅਗਵਾਈ ਹੇਠ ਦਿਆਲ ਪੁਰ ਹਮੀਰਾ ਦੇ ਰਿਲਾਇੰਸ ਪੰਪ ਅਤੇ ਰੇਲਵੇ ਸਟੇਸ਼ਨ ’ਤੇ ਧਰਨਾ ਲਗਾਤਾਰ ਜਾਰੀ ਹੈ। ਸ੍ਰੀ ਲਿਟਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਵਿਰੋਧੀ ਕਾਨੂੰਨਾਂ ਖ਼ਿਲਾਫ਼ ਮਸਲੇ ਦੇ ਹੱਲ ਹੋਣ ਤੱਕ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦੇ ਮਿਲੇ ਸੱਦੇ ਬਾਰੇ ਜਥੇਬੰਦੀ ਦੀ ਚੰਡੀਗੜ੍ਹ ਵਿੱਚ ਮੀਟਿੰਗ ਅੱਜ ਹੋ ਰਹੀ ਹੈ ਜਿਸ ਵਿਚ ਗੱਲਬਾਤ ਬਾਰੇ ਫ਼ੈਸਲਾ ਲਿਆ ਜਾਵੇਗਾ।
ਮਾਨਸਰ (ਮਨਪ੍ਰੀਤ ਸਿੰਘ): ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੱਜ ਕਿਸਾਨ ਮੋਰਚਾ ਭੰਗਾਲਾ ਮੁਕੇਰੀਆਂ, ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਭੰਗਾਲਾ ਮੁਕੇਰੀਆਂ ਅਤੇ ਟੌਲ ਪਲਾਜ਼ਾ ਸੰਘਰਸ਼ ਕਮੇਟੀ ਦੁਆਰਾ ਜਲੰਧਰ-ਪਠਾਨਕੋਟ ਕੌਮੀ ਰਾਜ ਮਾਰਗ ’ਤੇ ਮਾਨਸਰ ਟੌਲ ਪਲਾਜ਼ਾ ’ਤੇ ਧਰਨਾ ਸ਼ੁਰੂ ਕਰ ਕੇ ਟੌਲ ਵਸੂਲੀ ਬੰਦ ਕਰਵਾ ਦਿੱਤੀ ਗਈ। ਇਸ ਸਮੇਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਬੁਲਾਰਿਆਂ ਨੇ ਕੇਂਦਰ ਸਰਕਾਰ ’ਤੇ ਖੇਤੀ ਖੇਤਰ ਨੂੰ ਕਾਰਪੋਰੇਟ ਘਰਾਣਿਆਂ ਹਵਾਲੇ ਕਰਨ ਦਾ ਦੋਸ਼ ਲਾਇਆ। ਇਸ ਦੌਰਾਨ ਆਵਾਜਾਈ ਚਾਲੂ ਰਹੀ।
ਫਤਿਹਗੜ੍ਹ ਚੂੜੀਆਂ (ਹਰਪਾਲ ਸਿੰਘ ਨਾਗਰਾ): ਬੀਕੇਯੂ ਕ੍ਰਾਂਤੀਕਾਰੀ ਵੱਲੋਂ ਪਿੰਡ ਦਾਬਾਂਵਾਲ ਵਿਚ ਕਿਸਾਨਾਂ-ਮਜ਼ਦੂਰਾਂ ਦਾ ਇਕੱਠ ਕਰ ਕੇ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਨਰਿੰਦਰ ਸਿੰਘ ਕੋਟਲਾ ਬਾਮਾ ਅਤੇ ਮੀਤ ਪ੍ਰਧਾਨ ਸਵਿੰਦਰਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਲੋਕਾਂ ਨੂੰ ਅੰਡਾਨੀ ਤੇ ਅੰਬਾਨੀ ਦੇ ਗ਼ੁਲਾਮ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਲੋਕਾਂ ਨੂੰ ਪਿੰਡ ਪੱਧਰ ’ਤੇ ਜਾਗਰੂਕ ਕਰੇਗੀ।
ਟਾਂਡਾ (ਸੁਰਿੰਦਰ ਸਿੰਘ ਗੁਰਾਇਆ): ਦੋਆਬਾ ਕਿਸਾਨ ਕਮੇਟੀ ਅਤੇ ਹੋਰ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਦੁਆਰਾ ਬਣਾਏ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਜਲੰਧਰ-ਪਠਾਨਕੋਟ ਕੌਮੀ ਮਾਰਗ ’ਤੇ ਚੌਲਾਂਗ ਟੌਲ ਪਲਾਜ਼ਾ ’ਤੇ ਲਾਇਆ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਰਿਹਾ। ਪ੍ਰਧਾਨ ਜੰਗਵੀਰ ਸਿੰਘ ਚੌਹਾਨ ਦੀ ਅਗਵਾਈ ਵਿਚ ਲਾਏ ਗਏ ਇਸ ਧਰਨੇ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਮੈਂਬਰ ਅਤੇ ਪਿੰਡਾਂ ਦੇ ਲੋਕ ਸ਼ਾਮਿਲ ਹੋ ਰਹੇ ਹਨ। ਧਰਨੇ ਦੀ ਦੂਜੀ ਰਾਤ ਵੀ ਵੱਡੀ ਗਿਣਤੀ ਵਿੱਚ ਕਿਸਾਨ ਟੌਲ ਪਲਾਜ਼ਾ ’ਤੇ ਡਟੇ ਰਹੇ ਅਤੇ ਇਥੋਂ ਲੰਘਣ ਵਾਲੇ ਵਾਹਨ ਟੌਲ ਟੈਕਸ ਦੀ ਅਦਾਇਗੀ ਕੀਤੇ ਬਿਨਾ ਹੀ ਲੰਘਦੇ ਰਹੇ। ਇਸ ਧਰਨੇ ਦਾ ਸਰਬੱਤ ਦਾ ਭਲਾ ਸੁਸਾਇਟੀ, ਲੋਕ ਇਨਕਲਾਬ ਮੰਚ, ਡੇਰਾ ਗੁਰੂਸਰ ਖੁੱਡਾ, ਆੜ੍ਹਤੀ ਐਸੋਸੀਏਸ਼ਨ, ਸਹਾਰਾ ਵੈਲਫੇਅਰ ਕਲੱਬ ਅਤੇ ਰਾਜ ਕਰੇਗਾ ਖ਼ਾਲਸਾ ਗਤਕਾ ਅਖਾੜਾ ਵੱਲੋਂ ਸਮਰਥਨ ਕੀਤਾ ਜਾ ਰਿਹਾ ਹੈ।ਕੈਪਸ਼ਨ:ਰੇਲਵੇ ਲਾਈਨ ਗੁਰਦਾਸਪੁਰ ਵਿਖੇ ਕਿਸਾਨ ਧਰਨੇ ਉੱਤੇ ਡੱਟੇ ਹੋਏ।