ਐੱਨ ਪੀ ਧਵਨ
ਪਠਾਨਕੋਟ, 27 ਜੁਲਾਈ
ਇੱਥੇ ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਸਥਿਤ ਅੱਡਾ ਸਰਨਾ ਵਿੱਚ ਯੂਥ ਕਾਂਗਰਸ ਦੇ ਵਰਕਰਾਂ ਵੱਲੋਂ ਜ਼ਿਲ੍ਹਾ ਯੂਥ ਕਾਂਗਰਸ ਪ੍ਰਧਾਨ ਰੋਹਿਤ ਸਰਨਾ ਦੀ ਅਗਵਾਈ ਹੇਠ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਵਿੱਚ ਯੂਥ ਕਾਂਗਰਸ ਗੁਰਦਾਸਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਜੀਤ ਪਾਹੜਾ, ਜ਼ਿਲ੍ਹਾ ਪਰਿਸ਼ਦ ਮੈਂਬਰ ਰਾਕੇਸ਼ ਬੌਬੀ, ਹਲਕਾ ਪਠਾਨਕੋਟ ਦੇ ਪ੍ਰਧਾਨ ਲੱਕੀ ਪਹਿਲਵਾਨ ਅਤੇ ਹਲਕਾ ਸੁਜਾਨਪੁਰ ਦੇ ਪ੍ਰਧਾਨ ਰਮਨ ਸ਼ਰਮਾ ਸ਼ਾਮਲ ਸਨ। ਇਸ ਮੌਕੇ ਆਗੂਆਂ ਨੇ ਕਿਹਾ ਕਿ ਜਿਸ ਦਿਨ ਤੋਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕੇਂਦਰ ਵਿੱਚ ਬਣੀ ਹੈ, ਦਿਨ-ਪ੍ਰਤੀ-ਦਿਨ ਬਦਲੇ ਦੀ ਭਾਵਨਾ ਦੀ ਰਾਜਨੀਤੀ ਕਰਦਿਆਂ ਕਾਂਗਰਸੀ ਆਗੂਆਂ ਨੂੰ ਅਲੱਗ-ਅਲੱਗ ਏਜੰਸੀਆਂ ਦੀ ਆੜ ਵਿੱਚ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਆਜ਼ਾਦ ਹੋਣ ਤੋਂ ਪਹਿਲਾਂ ਤੋਂ ਕਾਂਗਰਸ ਪਾਰਟੀ ਵੱਲੋਂ ਨੈਸ਼ਨਲ ਹੈਰਲਡ ਅਖਬਾਰ ਸ਼ੁਰੂ ਕੀਤਾ ਗਿਆ ਸੀ। ਅੱਜ 75 ਸਾਲ ਬਾਅਦ ਵੀ ਉਸ ਅਖਬਾਰ ਦੀ ਆੜ ’ਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨੂੰ ਈਡੀ ਰਾਹੀਂ ਪੁੱਛਗਿੱਛ ਦੇ ਬਹਾਨੇ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਅਜਿਹੀਆਂ ਨੀਤੀਆਂ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ।