ਨਿੱਜੀ ਪੱਤਰ ਪ੍ਰੇਰਕ
ਕੋਟਕਪੂਰਾ, 28 ਨਵੰਬਰ
ਲੋਕਾਂ ਦੀ ਸਿਹਤ ਨਾਲ ਜੁੜੇ ਵਾਤਾਵਰਣ ਦੇ ਅਹਿਮ ਮੁੱਦੇ ਨੂੰ ਰਾਜਨੀਤਕ ਪਾਰਟੀਆਂ ਦੇ ਏਜੰਡੇ ’ਤੇ ਲਿਆਉਣ ਲਈ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਵੱਲੋਂ ਇਥੇ ਕਰਵਾਏ ਗਏ ਸੈਮੀਨਾਰ ਦੌਰਾਨ ਪੰਜਾਬ ਅਤੇ ਗੁਆਂਢੀ ਰਾਜਾਂ ਦੀਆਂ ਉੱਘੀਆਂ ਸ਼ਖਸੀਅਤਾਂ ਨੇ ਆਪਣੀ ਹੋਂਦ ਬਚਾਉਣ, ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਸੁਰੱਖਿਅਤ ਕਰਨ ਲਈ ਪਾਣੀ ਨੂੰ ਬਚਾਉਣ ਅਤੇ ਪ੍ਰਦੂਸ਼ਿਤ ਹੋਣ ਤੋਂ ਰੋਕਣ ਸਬੰਧੀ ਅੰਕੜਿਆਂ ਸਹਿਤ ਦਲੀਲਾਂ ਨਾਲ ਆਪੋ ਆਪਣੇ ਵਿਚਾਰ ਸਾਂਝੇ ਕੀਤੇ। ਆਪਣੇ ਸੰਬੋਧਨ ਦੌਰਾਨ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਗਿਆਨੀ ਕੇਵਲ ਸਿੰਘ, ਸੰਤ ਬਲਬੀਰ ਸਿੰਘ ਸੀਚੇਵਾਲ, ਸੂਬੇਦਾਰ ਬਲਵੀਰ ਸਿੰਘ ਖਡੂਰ ਸਾਹਿਬ, ਉਮੇਂਦਰ ਦੱਤ ਆਦਿ ਨੇ ਦੱਸਿਆ ਕਿ ਭਾਵੇਂ ਪੰਜਾਬ ਦੇ ਪੌਣ ਪਾਣੀ ਦੇ ਹਾਲਾਤ ਬੜੇ ਚਿੰਤਾਜਨਕ ਹਨ। ਉਨ੍ਹਾਂ ਦੱਸਿਆ ਕਿ ਵਾਤਾਵਰਣ, ਧਰਤੀ, ਹਵਾ, ਪਾਣੀ ਨੂੰ ਬਚਾਉਣ ਹਿੱਤ ‘ਪਵਨ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ’ ਗੁਰੂਆਂ ਦੇ ਦਰਸਾਏ ਸੰਦੇਸ਼ ਤੇ ਸਰਬੱਤ ਦੇ ਭਲੇ ਲਈ ਸਾਰੇ ਧਾਰਮਿਕ ਆਗੂ, ਸਮਾਜਸੇਵੀ ਸੰਸਥਾਵਾਂ ਸਮੇਤ ਵਾਤਾਵਰਣ ਪ੍ਰੇਮੀ, ਸਮਾਜ ਚਿੰਤਕਾਂ ਦਾ ਸਾਂਝਾ ਫਰਜ਼ ਬਣਦਾ ਹੈ ਕਿ ਉਹ ਇਸ ਮੁੱਦੇ ਨੂੰ ਠੋਸ ਲਹਿਰ ਦੇ ਰੂਪ ਵਿੱਚ ਤਬਦੀਲ ਕਰਨ। ਜਥੇਬੰਦੀ ਦੇ ਸੰਸਥਾਪਕ ਗੁਰਪ੍ਰੀਤ ਸਿੰਘ ਚੰਦਬਾਜਾ ਨੇ ਆਖਿਆ ਕਿ ਉਕਤ ਮੁੱਦੇ ਦਾ 2022 ਦੀਆਂ ਚੋਣਾਂ ਲਈ ਚੋਣ ਖਰੜਾ ਤਿਆਰ ਕਰਕੇ ਵੱਖ ਵੱਖ ਰਾਜਨੀਤਿਕ ਪਾਰਟੀਆਂ ਨੂੰ ਸੌਂਪਿਆ ਜਾਵੇਗਾ। ਵਿਧਾਇਕ ਕੁਲਤਾਰ ਸਿੰਘ ਸੰਧਵਾਂ ਤੇ ਹੋਰਨਾਂ ਨੇ ਵੀ ਵਿਚਾਰ ਪੇਸ਼ ਕੀਤੇ।