ਮਹਿੰਦਰ ਸਿੰਘ ਰੱਤੀਆਂ
ਮੋਗਾ, 27 ਦਸੰਬਰ
ਦਿੱਲੀ ਵਿੱਚ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਚੱਲ ਰਹੇ ਕਿਸਾਨ ਸੰਘਰਸ਼ ਨੂੰ ਅਧਿਆਪਕਾਂ ਨੇ ਵੀ ਹੁਲਾਰਾ ਦਿੱਤਾ ਹੈ। ਡੀਟੀਐੱਫ ਆਗੂ ਜਗਵੀਰਨ ਕੌਰ ਦੀ ਅਗਵਾਈ ਹੇਠ ਦਿੱਲੀ ਵਿੱਚ ਚੱਲ ਰਹੇ ਕਿਸਾਨ ਘੋਲ ਵਿੱਚ ਸ਼ਾਮਲ ਹੋਣ ਲਈ ਅਧਿਆਪਕਾਂ ਦੇ ਜੱਥੇ ਨੂੰ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਨੇ ਰਵਾਨਾ ਕੀਤਾ। ਉਨ੍ਹਾਂ ਕਿਹਾ ਕਿ ਔਰਤ ਅਧਿਆਪਕਾਵਾਂ ਵੀ ਇਸ ਕਾਫ਼ਲੇ ’ਚ ਸ਼ਾਮਲ ਹਨ। ਮਾਡਲ ਆਦਰਸ਼ ਸਕੂਲ ਕਰਮਚਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਅੰਮ੍ਰਿਤਪਾਲ ਸਿੱਧੂ ਨੇ ਕਿਹਾ ਕਿ ਖੇਤੀ ਕਾਨੂੰਨ ਰੱਦ ਹੋਣ ਤੱਕ ਅਧਿਆਪਕ ਕਿਸਾਨਾਂ ਦੇ ਸੰਘਰਸ਼ ਨਾਲ ਮੋਢੇ ਨਾਲ ਮੋਢਾ ਜੋੜ ਕੇ ਚੱਲਣਗੇ।
ਮਹਿਲ ਕਲਾਂ (ਨਵਕਿਰਨ ਸਿੰਘ): ਮਹਿਲ ਕਲਾਂ ਖੇਤਰ ’ਚੋਂ ਅੱਜ ਔਰਤਾਂ ਦੇ ਕਾਫ਼ਲੇ ਦਿੱਲੀ ਲਈ ਰਵਾਨਾ ਹੋਏ। ਸਟੈਨਫੋਰਡ ਇੰਟਰਨੈਸ਼ਨਲ ਸਕੂਲ ਚੰਨਣਵਾਲ ਦੀ ਪ੍ਰਿੰਸੀਪਲ ਪ੍ਰਦੀਪ ਕੌਰ ਦੀ ਅਗਵਾਈ ਹੇਠ ਸਕੂਲ ਦੀਆਂ ਅਧਿਆਪਕਾਵਾਂ ਸਮੇਤ ਪੂਰਾ ਸਟਾਫ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਸਕੂਲ ਦੀਆਂ ਅਧਿਆਪਕਾਵਾਂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਹਕੂਮਤ ਖ਼ਿਲਾਫ਼ ਸੰਘਰਸ਼ ਦਾ ਇਤਿਹਾਸ ਲਿਖ ਰਹੇ ਹਨ ਤੇ ਅਜਿਹੇ ਸਮੇਂ ਹਰ ਵਰਗ ਨੂੰ ਕਿਸਾਨਾਂ ਦੇ ਪੱਖ ਵਿੱਚ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੀ ਆਗੂ ਸ਼ਿੰਦਰਪਾਲ ਕੌਰ, ਸਵਰਨਜੀਤ ਕੌਰ, ਜਸਬੀਰ ਕੌਰ ਮਹਿਲ ਕਲਾਂ ਦੀ ਅਗਵਾਈ ਹੇਠ ਮਹਿਲ ਕਲਾਂ ਤੋਂ ਔਰਤਾਂ ਦਾ ਇੱਕ ਵੱਡਾ ਕਾਫ਼ਲਾ ਦਿੱਲੀ ਲਈ ਰਵਾਨਾ ਹੋਇਆ। ਬੀਕੇਯੂ (ਡਕੌਂਦਾ) ਦੇ ਜ਼ਿਲ੍ਹਾ ਜਨਰਲ ਸਕੱਤਰ ਮਲਕੀਤ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨ ਕਿਸਾਨਾਂ ਦੇ ਹੱਕਾਂ ਉੱਪਰ ਡਾਕਾ ਹੈ।