ਪਰਸ਼ੋਤਮ ਬੱਲੀ
ਬਰਨਾਲਾ, 6 ਨਵੰਬਰ
ਸੰਯੁਕਤ ਕਿਸਾਨ ਮੋਰਚਾ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਬੀਕੇਯੂ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉੱਗੋਕੇ ਦੀ ਪ੍ਰਧਾਨਗੀ ਹੇਠ ਇੱਥੇ ਤਰਕਸ਼ੀਲ ਭਵਨ ਵਿੱਚ ਹੋਈ। ਇਸ ਮੌਕੇ ਝੋਨੇ ਦੀ ਖਰੀਦ ਤੇ ਲਿਫ਼ਟਿੰਗ ਦੇ ਕੰਮ ’ਚ ਤੇਜ਼ੀ ਲਿਆਉਣ ਅਤੇ ਡੀਏਪੀ ਖਾਦ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਤੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਨਾਲ ਕ੍ਰਮਵਾਰ ਮੀਟਿੰਗਾਂ ਕਰ ਕੇ ਕਿਸਾਨੀ ਮੰਗਾਂ ਸਬੰਧੀ ਮੰਗ ਪੱਤਰ ਸੌਂਪੇ ਗਏ। ਵਫ਼ਦ ਆਗੂਆਂ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਕਿਸਾਨਾਂ ਦੀ ਜਿਨਸ ਮੰਡੀਆਂ ਵਿੱਚ ਰੁਲ ਰਹੀ ਹੈ ਤੇ ਸਮੇਂ ਸਿਰ ਉਸਦੀ ਖਰੀਦ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਲਿਫ਼ਟਿੰਗ ਦਾ ਪੂਰਾ ਪ੍ਰਬੰਧ ਕੀਤਾ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਬਰਨਾਲਾ ਨੇ ਫੈਸਲਾ ਕੀਤਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਵਿਧਾਨ ਸਭਾ ਹਲਕਾ ਬਰਨਾਲਾ ਵਿੱਚ ਆਮ ਆਦਮੀ ਪਾਰਟੀ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਦਾ ਕਾਲੀਆਂ ਝੰਡੀਆਂ ਨਾਲ ਵਿਰੋਧ ਕੀਤਾ ਜਾਵੇਗਾ ।