ਨਿੱਜੀ ਪੱਤਰ ਪ੍ਰੇਰਕ
ਕੋਟਕਪੂਰਾ 4 ਮਾਰਚ
ਸਥਾਨਕ ਬਠਿੰਡਾ ਰੋਡ ’ਤੇ ਇੱਕ ਤੇਜ਼ ਰਫ਼ਤਾਰ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਸਿਟੀ ਪੁਲੀਸ ਕੋਟਕਪੂਰਾ ਨੇ ਕਾਰ ਚਾਲਕ ਬਲਦੇਵ ਸਿੰਘ ਵਾਸੀ ਮੌੜ ਖ਼ਿਲਾਫ਼ ਕੇਸ ਦਰਜ ਕਰਕੇ ਮੁਲਜ਼ਮ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਪੁਲੀਸ ਉਸ ਦੀ ਭਾਲ ਲਈ ਚਾਰਾਜੋਈ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਜਸਪ੍ਰੀਤ ਕੌਰ ਪਤਨੀ ਜਗਜੀਤ ਸਿੰਘ ਵਾਸੀ ਸਰਾਵਾਂ ਨੇ ਪੁਲੀਸ ਨੂੰ ਦੱਸਿਆ ਕਿ ਉਹ ਦੁਪਹਿਰ ਕਰੀਬ 1 ਵਜੇ ਆਪਣੇ ਪਤੀ ਜਗਜੀਤ ਸਿੰਘ ਨਾਲ ਮੋਟਰਸਾਈਕਲ ’ਤੇ ਆਪਣੇ ਪਿੰਡ ਤੋਂ ਕੋਟਕਪੂਰਾ ਆ ਰਹੀ ਸੀ। ਇਸ ਦੌਰਾਨ ਸਾਹਮਣੋਂ ਆ ਰਹੀ ਤੇਜ਼ ਰਫ਼ਤਾਰ ਕਾਰ (ਪੀਬੀ04ਏਬੀ-4655) ਨੇ ਉਨ੍ਹਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਹਾਦਸੇ ਦੌਰਾਨ ਉਹ ਸੜਕ ’ਤੇ ਡਿੱਗ ਗਏ ਤੇ ਜਗਜੀਤ ਗੰਭੀਰ ਰੂਪ ਵਿਚ ਜਖ਼ਮੀ ਹੋ ਗਿਆ।
ਜ਼ਖ਼ਮੀ ਹਾਲਤ ਵਿਚ ਉਸ ਨੂੰ ਸਿਵਲ ਹਸਪਤਾਲ ਕੋਟਕਪੂਰਾ ਲਿਆਂਦਾ ਗਿਆ ਜਿਥੋਂ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫ਼ਰੀਦਕੋਟ ਰੈਫ਼ਰ ਕਰ ਦਿੱਤਾ ਗਿਆ। ਇਥੋਂ ਉਸ ਨੂੰ ਅਪੋਲੋ ਭੇਜ ਦਿੱਤਾ ਗਿਆ ਪਰ ਹਾਲਾਤ ਗੰਭੀਰ ਹੋਣ ਕਾਰਨ ਉਸ ਨੂੰ ਆਖਰਕਾਰ ਪੀਜੀਆਈ ਰੈਫਰ ਕਰ ਦਿੱਤਾ। ਪੀੜਤਾ ਨੇ ਆਖਿਆ ਕਿ ਜਦੋਂ ਉਸ ਨੂੰ ਪੀਜੀਆਈ ਲਿਜਾਇਆ ਜਾ ਰਿਹਾ ਸੀ ਤਾਂ ਰਸਤੇ ਵਿਚ ਉਸ ਦੀ ਮੌਤ ਹੋ ਗਈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਕਾਰ ਦੀ ਸ਼ਨਾਖਤ ਕਰਕੇ ਕੇਸ ਦਰਜ ਕਰ ਲਿਆ ਹੈ ਅਤੇ ਉਸ ਨੂੰ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।