ਪੱਤਰ ਪ੍ਰੇਰਕ
ਮਾਨਸਾ, 14 ਜੁਲਾਈ
ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਆਦਰਸ਼ਪਾਲ ਕੌਰ ਨੇ ਸੰਭਾਵਿਤ ਹੜ੍ਹਾਂ ਦੀ ਸਥਿਤੀ ਵਿੱਚ ਮੈਡੀਕਲ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਮਾਨਸਾ ਦੇ ਸਿਵਲ ਹਸਪਤਾਲ ਅਤੇ ਚਾਂਦਪੁਰਾ ਬੰਨ੍ਹ ਦੇ ਨਜ਼ਦੀਕ ਆਮ ਆਦਮੀ ਕਲੀਨਿਕ ਕੁਲਰੀਆਂ ਦਾ ਦੌਰਾ ਕੀਤਾ।
ਉਨ੍ਹਾਂ ਸਰਕਾਰ ਦੀਆਂ ਹਦਾਇਤਾਂ ਤਹਿਤ ਸਿਹਤ ਵਿਭਾਗ ਵੱਲੋਂ ਮਾਨਸਾ ਜ਼ਿਲ੍ਹੇ ਦੇ ਸੰਭਾਵਿਤ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਲੋੜਵੰਦ ਲੋਕਾਂ ਨੂੰ ਲੋੜੀਂਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਟੀਮਾਂ ਨੂੰ ਜ਼ਰੂਰੀ ਹਦਾਇਤਾਂ ਦਿੰਦਿਆਂ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸੰਭਾਵਿਤ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਸਿਹਤ ਸਬੰਧੀ ਮੁਸ਼ਕਿਲਾਂ ਨਾਲ ਨਜਿੱਠਣ ਲਈ 24 ਘੰਟੇ ਰੈਪਿਡ ਰਿਸਪੋਂਸ ਮੈਡੀਕਲ ਟੀਮਾਂ ਅਤੇ ਵਿਸ਼ੇਸ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵੱਡੀ ਮਾਤਰਾ ’ਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। ਡਾਇਰੈਕਟਰ ਨੇ ਸਿਹਤ ਸੰਸਥਾਵਾਂ ਦੇ ਮੁਖੀਆਂ ਨੂੰ ਕਿਹਾ ਕਿ ਬਰਸਾਤ ਦੇ ਮੱਦੇਨਜ਼ਰ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜ਼ਾ ਆਦਿ ਤੋਂ ਬਚਾਅ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਵਰਤੋਂ ਲਈ ਜਾਗਰੂਕ ਕੀਤਾ ਜਾਵੇ ਅਤੇ ਜਿਥੋਂ ਤੱਕ ਹੋ ਸਕੇ ਪਾਣੀ ਉਬਾਲ ਕੇ ਪੀਣ ਲਈ ਅਤੇ ਕਲੋਰੀਨ ਦੀਆਂ ਗੋਲੀਆਂ ਦੀ ਵਰਤੋਂ ਕਰ ਕੇ ਪੀਣ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਕਲੋਰੀਨ ਦੀਆਂ ਗੋਲੀਆਂ ਨੇੜੇ ਦੀ ਸਿਹਤ ਸੰਸਥਾਵਾਂ ਤੋਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਇਸ ਮੌਕੇ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਰਣਜੀਤ ਸਿੰਘ ਰਾਏ, ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਚੇਤਨ ਪ੍ਰਕਾਸ਼ ਵੀ ਮੌਜੂਦ ਸਨ।