ਪੱਤਰ ਪ੍ਰੇਰਕ
ਟੱਲੇਵਾਲ, 21 ਜੂਨ
ਪਿੰਡ ਟੱਲੇਵਾਲ ਦੇ ਇਕ ਦਲਿਤ ਮਜ਼ਦੂਰ ਨੂੰ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਜਾਤੀਸੂਚਕ ਸ਼ਬਦ ਬੋਲਣ ਅਤੇ ਗਾਲੀ ਗਲੋਚ ਕਰਨ ਦਾ ਮਾਮਲਾ ਭਖਦਾ ਜਾ ਰਿਹਾ ਹੈ। ਇਸ ਸਬੰਧੀ ਅੱਜ ਲਬਿਰੇਸ਼ਨ ਦੇ ਸੂਬਾਈ ਆਗੂ ਕਾਮਰੇਡ ਗੁਰਪ੍ਰੀਤ ਰੂੜੇਕੇ, ਪਿੰਡ ਟੱਲੇਵਾਲ ਦੇ ਅਧਿਕਾਰਤ ਸਰਪੰਚ ਮੁਕੰਦ ਸਿੰਘ, ਪਿੰਡ ਰਾਮਗੜ੍ਹ ਦੇ ਸਰਪੰਚ ਰਾਜਵਿੰਦਰ ਸਿੰਘ ਰਾਜਾ ਆਦਿ ਵਲੋਂ ਥਾਣੇ ਪਹੁੰਚ ਕੇ ਪੁਲੀਸ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ। ਆਗੂਆ ਨੇ ਦੱਸਿਆ ਕਿ 20 ਜੂਨ ਨੂੰ ਮਜ਼ਦੂਰ ਜਗਤਾਰ ਸਿੰਘ ਨੂੰ ਪਿੰਡ ਦੇ ਹੀ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਜਾਤੀਸੂਚਕ ਸ਼ਬਦ ਬੋਲ ਕੇ ਜਲੀਲ ਕੀਤਾ ਗਿਆ ਅਤੇ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ‘ਆਪ’ ਦੀ ਸਰਕਾਰ ਹੋਣ ਕਰਕੇ ਮਜ਼ਦੂਰ ਵਰਗ ਦੀ ਥਾਣਿਆਂ ਵਿਚ ਕੋਈ ਸੁਣਵਾਈ ਨਹੀਂ ਹੋ ਰਹੀ। ਆਗੂਆਂ ਨੇ ਕਿਹਾ ਕਿ ਜੇਕਰ 24 ਘੰਟਿਆਂ ਦੇ ਅੰਦਰ ਕਾਰਵਾਈ ਨਹੀਂ ਹੁੰਦੀ ਤਾਂ ਮਜਬੂਰਨ ਜਥੇਬੰਦੀਆਂ ਵੱਲੋਂ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਸਬੰਧੀ ਥਾਣਾ ਟੱਲੇਵਾਲ ਦੇ ਐੱਸਐੱਚਓ ਗੁਰਤੇਜ ਸਿੰਘ ਨੇ ਕਿਹਾ ਕਿ ਜਾਂਚ ਵਿੱਚ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।