ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 13 ਅਕਤੂਬਰ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਹੇ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਰੀਬ ਛੇ ਮਹੀਨੇ ਦੀ ਆਪਣੀ ਲੰਬੀ ਸਿਆਸੀ ਚੁੱਪ ਤੋੜਦਿਆਂ ਮੁੜ ਸਿਆਸੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਇਨ੍ਹਾਂ ਸਰਗਰਮੀਆਂ ਤਹਿਤ ਬੀਤੇ ਦਿਨੀਂ ਉਨ੍ਹਾਂ ਹਲਕਾ ਰਾਮਪੁਰਾ ਫੂਲ ਦੇ ਅੱਧੀ ਦਰਜਨ ਪਿੰਡਾਂ ਦੇ ਵਰਕਰਾਂ ਨਾਲ ਮੀਟਿੰਗਾਂ ਕਰ ਕੇ ਮੌਜੂਦਾ ਸਿਆਸੀ ਹਲਾਤ ਬਾਰੇ ਚਰਚਾ ਕੀਤੀ। ਸ੍ਰੀ ਮਲੂਕਾ ਨੇ ਆਪਣੇ ਵਰਕਰਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਹ ਹਰ ਵਰਕਰ ਦੇ ਦੁੱਖ-ਸੁੱਖ ਨੂੰ ਆਪਣਾ ਸਮਝਦੇ ਹਨ ਤੇ ਕਿਸੇ ਵੀ ਵਰਕਰ ਨਾਲ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ। ਇਨ੍ਹਾਂ ਮੀਟਿੰਗਾਂ ਕਾਰਨ ਮਲੂਕਾ ਨਾਲ ਲੰਬੇ ਸਮੇਂ ਤੋਂ ਜੁੜੇ ਵਰਕਰ ਜੋ ਕਿ ਉਨ੍ਹਾਂ ਦੀ ਚੁੱਪ ਕਾਰਨ ਨਿਰਾਸ਼ ਹੋ ਗਏ ਸਨ, ਮੁੜ ਚੜ੍ਹਦੀਕਲਾ ਵਿਚ ਆ ਗਏ ਹਨ। ਉਨ੍ਹਾਂ ਕਿਹਾ ਕਿ ਜਲਦ ਹੀ ਉਹ ਵਰਕਰਾਂ ਦੀ ਹਲਕਾ ਪੱਧਰੀ ਮੀਟਿੰਗ ਕਰਨਗੇ। ਭਵਿੱਖ ਦੇ ਫੈਸਲੇ ਬਾਰੇ ਪੁੱਛੇ ਜਾਣ ਤੇ ਸ੍ਰੀ ਮਲੂਕਾ ਨੇ ਕਿਹਾ ਕਿ ਉਹ ਸ਼ੁਰੂ ਤੋਂ ਅਕਾਲੀ ਦਲ ਨਾਲ ਜੁੜੇ ਹੋਏ ਹਨ ਅਤੇ ਅਕਾਲੀ ਹੀ ਰਹਿਣਗੇ।
ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਮਲੂਕਾ ਦੇ ਪੁੱਤਰ ਗੁਰਪ੍ਰੀਤ ਸਿੰਘ ਮਲੂਕਾ ਤੇ ਨੂੰਹ ਪਰਮਪਾਲ ਕੌਰ (ਸਾਬਕਾ ਆਈਏਐੱਸ) ਭਾਜਪਾ ’ਚ ਸ਼ਾਮਲ ਹੋ ਗਏ ਸਨ। ਭਾਜਪਾ ਨੇ ਪਰਮਪਾਲ ਕੌਰ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਉਮੀਦਵਾਰ ਬਣਾਇਆ ਸੀ। ਇਨ੍ਹਾਂ ਦਿਨਾਂ ’ਚ ਕਥਿਤ ਪਾਰਟੀ ਵਿਰੋਧੀ ਗਤੀਵਿਧੀਆਂ ਨੂੰ ਲੈ ਕੇ ਅਕਾਲੀ ਦਲ ਨੇ ਮਲੂਕਾ ਨੂੰ ਹਲਕਾ ਮੌੜ ਦੀ ਇੰਚਾਰਜੀ ਤੇ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਪਾਸੇ ਕਰ ਦਿੱਤਾ ਸੀ। ਇਸ ਉਪਰੰਤ ਸ੍ਰੀ ਮਲੂਕਾ ਖਮੋਸ਼ ਹੋ ਗਏ ਸਨ ਤੇ ਉਨ੍ਹਾਂ ਲੋਕ ਸਭਾ ਚੋਣਾਂ ਦੇ ਪ੍ਰਚਾਰ ਵਿਚ ਵੀ ਹਿੱਸਾ ਨਹੀਂ ਸੀ ਲਿਆ। ਇਸ ਦੌਰਾਨ ਕਈ ਤਰ੍ਹਾਂ ਦੀਆਂ ਸਿਆਸੀ ਚਰਚਾਵਾਂ ਸ਼ੁਰੂ ਹੋ ਗਈਆਂ ਸਨ। ਇਸ ਦੌਰਾਨ ਉਨ੍ਹਾਂ ਖ਼ਿਲਾਫ਼ ਇਕ ਧੜਾ ਪ੍ਰਚਾਰ ਵੀ ਕਰਦਾ ਰਿਹਾ ਪਰ ਮਲੂਕਾ ਖਾਮੋਸ਼ ਰਹੇ।
ਪਾਰਟੀ ’ਚ ਵੱਡੇ ਅਹੁਦਿਆਂ ’ਤੇ ਰਹਿ ਚੁੱਕੇ ਹਨ ਮਲੂਕਾ
ਕਰੀਬ ਪੰਜ ਦਹਾਕੇ ਪਹਿਲਾਂ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਨ ਵਾਲੇ ਸਿਕੰਦਰ ਸਿੰਘ ਮਲੂਕਾ ਅਕਾਲੀ ਸਰਕਾਰ ਵਿਚ ਇਕ ਵਾਰ ਰਾਜ ਤੇ ਦੋ ਵਾਰ ਕੈਬਨਿਟ ਮੰਤਰੀ ਰਹੇ। ਇਸ ਤੋਂ ਇਲਾਵਾ ਉਹ ਅਕਾਲੀ ਦਲ ’ਚ ਕਈ ਵੱਡੇ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ। ਉਨ੍ਹਾਂ ਦਾ ਬਠਿੰਡਾ ਵਿੱਚ ਕਾਫੀ ਆਧਾਰ ਮੰਨਿਆ ਜਾਂਦਾ ਹੈ। ਉਹ ਪਾਰਟੀ ਦੇ ਉੱਘੇ ਆਗੂ ਰਹੇ ਹਨ।