ਜਸਵੰਤ ਜੱਸ
ਫ਼ਰੀਦਕੋਟ, 18 ਅਗਸਤ
ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰਨ ਦੇ ਫ਼ੈਸਲੇ ਮਗਰੋਂ ਬਾਬਾ ਫਰੀਦ ਯੂਨੀਵਰਸਿਟੀ ਦੇ ਮੁਲਾਜ਼ਮਾਂ ਵੱਲੋਂ ਖੁਸ਼ੀ ਵਿੱਚ ਭੰਗੜੇ ਪਾਏ ਜਾਣ ਅਤੇ ਲੱਡੂ ਵੰਡੇ ਜਾਣ ਦਾ ਮੁੱਦਾ ਅਧਿਕਾਰੀਆਂ ਨੇ ਫਾਈਲਾਂ ਵਿੱਚ ਹੀ ਦੱਬ ਲਿਆ ਹੈ।
ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰਨ ਸਬੰਧੀ ਫ਼ੈਸਲਾ ਹੋਣ ਦੀ ਸੂਚਨਾ ਮਿਲਣ ਮਗਰੋਂ ਬਾਬਾ ਫ਼ਰੀਦ ਯੂਨੀਵਰਸਿਟੀ ਦੇ ਮੁਲਾਜ਼ਮਾਂ ਨੇ ਯੂਨੀਵਰਸਿਟੀ ਵਿੱਚ ਢੋਲ ਦੇ ਡਗੇ ’ਤੇ ਭੰਗੜੇ ਪਾਏ ਅਤੇ ਮਠਿਆਈਆਂ ਵੰਡੀਆਂ। ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਦੇ ਰਜਿਸਟਰਾਰ ਨੇ ਯੂਨੀਵਰਸਿਟੀ ਦੇ ਚਾਰ ਮੁਲਾਜ਼ਮਾਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਸੀ ਤੇ ਕਿਹਾ ਸੀ ਕਿ ਵਾਈਸ ਚਾਂਸਲਰ ਦੇ ਅਸਤੀਫ਼ੇ ਮਗਰੋਂ ਕੀਤੀ ਗਈ ਮਨੋਰੰਜਨ ਕਾਰਵਾਈ ਇਤਰਾਜ਼ਯੋਗ ਹੈ ਅਤੇ ਕਿਉਂ ਨਾ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਕੀਤੀ ਜਾਵੇ। ਚਾਰ ਮੁਲਾਜ਼ਮਾਂ ਨੇ ਆਪਣੇ ਜਵਾਬ ਵਿੱਚ ਕਿਹਾ ਹੈ ਕਿ ਉਨ੍ਹਾਂ ਨੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਖਿਲਾਫ ਕੋਈ ਨਿੱਜੀ ਰੰਜਿਸ਼ ਨਹੀਂ ਰੱਖੀ ਬਲਕਿ ਪਿਛਲੇ ਅੱਠ ਸਾਲਾਂ ਦੌਰਾਨ ਯੂਨੀਵਰਸਿਟੀ ਅੰਦਰ ਹੋਏ ਕਥਿਤ ਘਪਲਿਆਂ ਦੀ ਪੜਤਾਲ ਦਾ ਭਰੋਸਾ ਮਿਲਣ ਮਗਰੋਂ ਸਾਰੇ ਮੁਲਾਜ਼ਮਾਂ ਦੀ ਸਾਂਝੀ ਮੀਟਿੰਗ ਸੱਦ ਕੇ ਖੁਸ਼ੀ ਜ਼ਾਹਰ ਕੀਤੀ ਸੀ।
ਯੂਨੀਵਰਸਿਟੀ ਮੁਲਾਜ਼ਮਾਂ ਦੇ ਇਸ ਸਪੱਸ਼ਟੀਕਰਨ ਤੋਂ ਬਾਅਦ ਯੂਨੀਵਰਸਿਟੀ ਨੇ ‘ਕਾਰਨ ਦੱਸੋ’ ਨੋਟਿਸ ਵਾਪਸ ਲੈ ਲਿਆ ਹੈ। ਬਾਬਾ ਫ਼ਰੀਦ ਯੂਨੀਵਰਸਿਟੀ ਦੇ ਮੁਲਾਜ਼ਮ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਲਗਾਤਾਰ ਧਰਨੇ ’ਤੇ ਬੈਠੇ ਹੋਏ ਹਨ ਅਤੇ ਉਹ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦੀ ਬਰਖਾਸਤਗੀ, ਉਨ੍ਹਾਂ ਵੱਲੋਂ ਕੀਤੀਆਂ ਗਈਆਂ ਨਿਯੁਕਤੀਆਂ ਅਤੇ ਖਰੀਦੀਆਂ ਗਈਆਂ ਸੈਂਕੜੇ ਕਰੋੜ ਦੀਆਂ ਮਸ਼ੀਨਾਂ ਵਿੱਚ ਹੋਏ ਕਥਿਤ ਘਪਲੇ ਦੀ ਜਾਂਚ ਦੀ ਮੰਗ ਕਰ ਰਹੇ ਸਨ।
ਮੁਲਾਜ਼ਮਾਂ ਨੇ ਦੋਸ਼ ਲਾਇਆ ਕਿ ਯੂਨੀਵਰਸਿਟੀ ਵਿੱਚ ਪੰਜਾਬ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰ ਕੇ ਭਰਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਸਾਰੇ ਮਾਮਲਿਆਂ ਦੀ ਵਿਜੀਲੈਂਸ ਜਾਂਚ ਹੋਣੀ ਚਾਹੀਦੀ ਹੈ। ਮੁਲਾਜ਼ਮ ਆਗੂ ਵਿਕਾਸ ਅਰੋੜਾ, ਯਸ਼ਪਾਲ, ਆਸ਼ਾ ਰਾਣੀ ਅਤੇ ਵਰਿੰਦਰ ਸਿੰਘ ਨੇ ਕਿਹਾ ਕਿ ਉਹ ਯੂਨੀਵਰਸਿਟੀ ਦੀ ਬਿਹਤਰੀ ਲਈ ਕੰਮ ਕਰ ਰਹੇ ਹਨ ਅਤੇ ਉਨ੍ਹਾਂ ਨੇ ਕਦੇ ਵੀ ਕਿਸੇ ਨਿਯਮ ਦੀ ਉਲੰਘਣਾ ਨਹੀਂ ਕੀਤੀ।
ਮੈਂ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕੀਤਾ: ਡਾ. ਰਾਜ ਬਹਾਦਰ
ਡਾ. ਰਾਜ ਬਹਾਦਰ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਕੰਮ ਪੂਰੀ ਇਮਾਨਦਾਰੀ ਨਾਲ ਕੀਤਾ ਹੈ ਅਤੇ ਉਨ੍ਹਾਂ ਨੇ ਆਪਣੀ ਸਵੈ ਇੱਛਾ ਨਾਲ ਆਪਣਾ ਅਸਤੀਫਾ ਪੰਜਾਬ ਸਰਕਾਰ ਨੂੰ ਭੇਜਿਆ ਸੀ ਜੋ ਮਨਜ਼ੂਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਮੈਡੀਕਲ ਖੇਤਰ ਵਿੱਚ ਆਪਣੀਆਂ ਸੇਵਾਵਾਂ ਨਿਰਵਿਘਨ ਜਾਰੀ ਰੱਖਣਗੇ।