ਸ਼ਗਨ ਕਟਾਰੀਆ
ਬਠਿੰਡਾ, 24 ਜੂਨ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਵੱਲੋਂ ਅਗਨੀਪਥ ਸਕੀਮ ਖ਼ਿਲਾਫ਼ ਇੱਥੇ ਕੇਂਦਰ ਸਰਕਾਰ ਦਾ ਪੁਤਲਾ ਸਾੜਨ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜ ਕੇ ਯੋਜਨਾ ਰੱਦ ਕਰਨ ਦੀ ਮੰਗ ਕੀਤੀ ਗਈ। ਚਿਲਡਰਨ ਪਾਰਕ ’ਚ ਇਕੱਠੇ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਕਾਕਾ ਸਿੰਘ ਕੋਟੜਾ, ਬਲਦੇਵ ਸਿੰਘ ਸੰਦੋਹਾ, ਰੇਸ਼ਮ ਸਿੰਘ ਯਾਤਰੀ, ਸੁਰਜੀਤ ਸਿੰਘ ਸੰਦੋਹਾ ਅਤੇ ਜਗਸੀਰ ਸਿੰਘ ਜੀਦਾ ਨੇ ਕਿਹਾ ਕਿ ਅਗਨੀਪਥ ਯੋਜਨਾ ਦੇਸ਼ ਲਈ ਘਾਤਕ ਹੈ। ਆਗੂਆਂ ਨੇ ਅਗਨੀਪਥ ਦਾ ਹਿੰਸਕ ਵਿਰੋਧ ਕਰ ਰਹੇ ਨੌਜਵਾਨਾਂ ਨੂੰ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕਰਦਿਆਂ ਕਿਹਾ ਕਿ ਸ਼ਾਂਤੀਪੂਰਨ ਜ਼ਾਬਤੇ ਵਿੱਚ ਰਹਿ ਕੇ ਹੀ ਅੰਦੋਲਨ ਜਿੱਤੇ ਜਾਂਦੇ ਹਨ। ਇਸ ਦੌਰਾਨ ਕੁਝ ਕਿਸਾਨ ਸੰਗਠਨਾਂ ਨੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੱਤਾ। ਵਿਖਾਵਾਕਾਰੀਆਂ ਨੇ ਇਸ ਯੋਜਨਾ ਦੀ ਵਾਪਸੀ ਲਈ ਰਾਸ਼ਟਰਪਤੀ ਦੇ ਨਾਂ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ। ਇੱਥੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ ਨੇ ਸੰਬੋਧਨ ਕੀਤਾ।
ਬਠਿੰਡਾ (ਮਨੋਜ ਸ਼ਰਮਾ): ਅਗਨੀਪੱਥ ਸਕੀਮ ਦੇ ਵਿਰੋਧ ’ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜ਼ਿਲ੍ਹਾ ਬਠਿੰਡਾ ਵੱਲੋਂ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਇਸ ਉਪਰੰਤ ਮਿਨੀ ਸਕੱਤਰੇਤ ਤੋਂ ਇਲਾਵਾ ਬੱਸ ਸਟੈਂਡ ਅਤੇ ਹਨੂੰਮਾਨ ਚੌਕ ’ਚ ਜਾਮ ਲਾਇਆ ਗਿਆ। ਕਿਸਾਨ ਆਗੂ ਡੀਸੀ ਨੂੰ ਮੰਗ ਪੱਤਰ ਸੌਂਪਣਾ ਚਾਹੁੰਦੇ ਸਨ ਜਦੋਂਕਿ ਪ੍ਰਸ਼ਾਸਨ ਵੱਲੋਂ ਤਹਿਸੀਲਦਾਰ ਨੂੰ ਭੇਜ ਕੇ ਬੁੱਤਾ ਸਾਰਿਆ ਜਾ ਰਿਹਾ ਸੀ। ਅੱਜ ਦੇ ਇਕੱਠ ਨੂੰ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ ਨੇ ਸੰਬੋਧਨ ਕੀਤਾ। ਕਿਸਾਨਾਂ ਦੇ ਰੋਹ ਨੂੰ ਦੇਖਦਿਆਂ ਅਖ਼ੀਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਏਡੀਸੀ ਜਨਰਲ ਰਾਹੁਲ ਕੁਮਾਰ ਨੂੰ ਭੇਜਿਆ ਗਿਆ ਜਿਨ੍ਹਾਂ ਮੰਗ ਪੱਤਰ ਲਿਆ।
ਮਾਨਸਾ (ਜੋਗਿੰਦਰ ਸਿੰਘ ਮਾਨ): ਕੇਂਦਰ ਸਰਕਾਰ ਦੀ ਅਗਨੀਪਥ ਯੋਜਨਾ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਉੱਤੇ ਵੱਖ-ਵੱਖ ਕਿਸਾਨ ਮਜ਼ਦੂਰ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੀਆਂ ਅਰਥੀਆਂ ਸਾੜੀਆਂ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਅਗਵਾਈ ਵਿੱਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਅੱਗੇ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ ਗਿਆ। ਕਿਸਾਨ ਆਗੂ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਅਗਨੀਪੱਥ ਯੋਜਨਾ ਦੇਸ਼ ਦੇ ਨੌਜਵਾਨਾਂ, ਕਿਸਾਨਾਂ ਤੇ ਹਰ ਇੱਕ ਵਰਗ ਲਈ ਘਾਤਕ ਹੈ। ਇਸ ਮੌਕੇ ਕੁਲਵਿੰਦਰ ਉੱਡਤ, ਭਜਨ ਘੁੰਮਣ, ਅਵਤਾਰ ਬੋਹਾ, ਵਰਿਆਮ ਖਿਆਲਾ, ਸਾਧੂ ਬੁਰਜ ਹਰੀ ਨੇ ਸੰਬੋਧਨ ਕੀਤਾ। ਇਸੇ ਦੌਰਾਨ ਵੱਖਰੇ ਤੌਰ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਡੀਸੀ/ਐੱਸਡੀਐੱਮ ਦਫ਼ਤਰਾਂ ਅੱਗੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਬਰਨਾਲਾ (ਪਰਸ਼ੋਤਮ ਬੱਲੀ): ਕਿਸਾਨ ਜਥੇਬੰਦੀਆਂ ਤੇ ਭਾਕਿਯੂ (ਏਕਤਾ) ਉਗਰਾਹਾਂ ਵੱਲੋਂ ਇੱਥੇ ਦਾਣਾ ਮੰਡੀ ਵਿੱਚ ਅਗਨੀਪਥ ਸਕੀਮ ਖਿਲਾਫ਼ ਰੈਲੀਆਂ ਕੀਤੀਆਂ ਗਈਆਂ। ਇਸ ਉਪਰੰਤ ਸ਼ਹਿਰ ’ਚੋਂ ਰੋਸ ਮਾਰਚ ਕਰਦਿਆਂ ਡੀਸੀ ਦਫ਼ਤਰ ਪੁੱਜ ਕੇ ਇਹ ਸਕੀਮ ਰੱਦ ਕਰਨ ਦੀ ਮੰਗ ਲਈ ਰਾਸ਼ਟਰਪਤੀ ਦੇ ਨਾਂ ਪੱਤਰ ਸੌਂਪੇ ਗਏ। ਅਨਾਜ ਮੰਡੀ ਵਿੱਚ ਕਿਸਾਨਾਂ, ਨੌਜਵਾਨਾਂ, ਔਰਤਾਂ ਅਤੇ ਮਜ਼ਦੂਰਾਂ ਦੇ ਇਕੱਠ ਨੂੰ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਤੇ ਮਹਿਲਾ ਆਗੂ ਕਮਲਜੀਤ ਕੌਰ ਬਰਨਾਲਾ ਨੇ ਸੰਬੋਧਨ ਕੀਤਾ। ਇਸੇ ਤਰ੍ਹਾਂ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ ਵੱਲੋਂ ਮੋਦੀ ਹਕੂਮਤ ਵੱਲੋਂ ਲਿਆਂਦੀ ਅਗਨੀਪਥ ਸਕੀਮ ਵਿਰੁੱਧ ਦਿੱਤੇ ਸੱਦੇ ਨੂੰ ਲਾਗੂ ਕਰਦਿਆਂ ਬਰਨਾਲਾ ਵਿੱਚ ਪ੍ਰਦਰਸ਼ਨ ਕੀਤਾ ਤੇ ਰਾਸ਼ਟਰਪਤੀ/ਭਾਰਤ ਸਰਕਾਰ ਨੂੰ ਡੀਸੀ ਰਾਹੀਂ ਮੰਗ ਪੱਤਰ ਭੇਜਿਆ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਅਗਨੀਪਥ ਸਕੀਮ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਅਤੇ ਸਿੱਧੂਪੁਰ ਵੱਲੋਂ ਇੱਥੇ ਡੀਸੀ ਦਫ਼ਤਰ ਅੱਗੇ ਮੁਜ਼ਾਹਰਾ ਕੀਤਾ ਗਿਆ| ਪ੍ਰਦਰਸ਼ਨ ਦੌਰਾਨ ਆਗੂ ਹਰਬੰਸ ਸਿੰਘ ਕੋਟਲੀ, ਗੁਰਭਗਤ ਸਿੰਘ ਭਲਾਈਆਣਾ, ਅਧਿਆਪਕ ਆਗੂ ਰਾਮ ਸਵਰਨ ਲੱਖੇਵਾਲੀ ਅਤੇ ਸਿੱਧੂਪੁਰ ਦੇ ਆਗੂ ਸੁਖਦੇਵ ਸਿੰਘ ਨੇ ਕਿਹਾ ਕਿ ਇਹ ਯੋਜਨਾ ਨੌਜਵਾਨਾਂ ਤੇ ਦੇਸ਼ ਦੇ ਹਿੱਤ ਵਿੱਚ ਨਹੀਂ| ਇਸ ਮੌਕੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ ਗਏ|
ਫਿਰੋਜ਼ਪੁਰ (ਸੰਜੀਵ ਹਾਂਡਾ): ਅਗਨੀਪਥ ਸਕੀਮ ਖ਼ਿਲਾਫ਼ ਡੀਸੀ ਦਫ਼ਤਰ ਦੇ ਬਾਹਰ ਇਕੱਤਰ ਕਿਸਾਨਾਂ ਨੇ ਕੇਂਦਰ ਸਰਕਾਰ ਦਾ ਪੁਤਲਾ ਫ਼ੂਕਿਆ। ਕਸਬਾ ਮੱਲਾਂਵਾਲਾ ਵਿੱਚ ਵੀ ਕਿਸਾਨ ਇਸ ਮੌਕੇ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੇ ਰੋਸ ਰੈਲੀ ਕੱਢੀ ਤੇ ਮੋਦੀ ਸਰਕਾਰ ਦਾ ਪੁਤਲਾ ਫ਼ੂਕਿਆ। ਡੀਸੀ ਦਫ਼ਤਰ ਦੇ ਬਾਹਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਬੀਕੇਯੂ ਸਿੱੱਧੂਪੁਰ, ਬੀਕੇਯੂ ਕ੍ਰਾਂਤੀਕਾਰੀ, ਕੁੱਲ ਹਿੰਦ ਕਿਸਾਨ ਸਭਾ, ਬੀਕੇਯੂ ਮਾਨਸਾ ਅਤੇ ਬੀਕੇਯੂ ਬਹਿਰਾਮ ਕੇ ਦੇ ਆਗੂਆਂ ਨੇ ਸੰਬੋਧਨ ਕੀਤਾ।
ਕਿਸਾਨ ਜਥੇਬੰਦੀਆਂ, ਨੌਜਵਾਨਾਂ ਤੇ ਵਿਦਿਆਰਥੀਆਂ ਵੱਲੋਂ ਮਿਨੀ ਸਕੱਤਰੇਤ ਅੱਗੇ ਧਰਨਾ
ਸਿਰਸਾ (ਪ੍ਰਭੂ ਦਿਆਲ): ਕਿਸਾਨ ਜਥੇਬੰਦੀਆਂ, ਨੌਜਵਾਨਾਂ ਤੇ ਵਿਦਿਆਰਥੀਆਂ ਵੱਲੋਂ ਮਿਨੀ ਸਕੱਤਰੇਤ ਦੇ ਬਾਹਰ ਪ੍ਰਦਰਸ਼ਨ ਕਰ ਕੇ ਧਰਨਾ ਦਿੱਤਾ। ਧਰਨਾਕਾਰੀਆਂ ਦੀ ਅਗਵਾਈ ਕਿਸਾਨ ਆਗੂ ਸਵਰਨ ਸਿੰਘ ਵਿਰਕ, ਡਾ. ਸੁਖਦੇਵ ਸਿੰਘ ਹੁੰਦਲ, ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਕੀਤੀ। ਪ੍ਰਦਰਸ਼ਨਕਾਰੀਆਂ ਨੇ ਅਗਨੀਪਥ ਯੋਜਨਾ ਦਾ ਵਿਰੋਧ ਕਰਦਿਆਂ ਇਸ ਨੂੰ ਤੁਰੰਤ ਵਾਪਸ ਲਏ ਜਾਣ, ਨੌਜਵਾਨਾਂ ’ਤੇ ਦਰਜ ਕੇਸ ਰੱਦ ਕਰਨ, ਗਿ੍ਫ਼ਤਾਰ ਨੌਜਵਾਨਾਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਇਸ ਤੋਂ ਪਹਿਲਾਂ ਵੱਖ-ਵੱਖ ਜਥੇਬੰਦੀਆਂ ਨਾਲ ਜੁੜੇ ਲੋਕ ਮਿੰਨੀ ਸਕੱਤਰੇਤ ਦੇ ਬਾਹਰ ਇਕੱਠੇ ਹੋਏ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕਰਦਿਆਂ ਧਰਨਾ ਦਿੱਤਾ।
ਕਿਸਾਨ ਜਥੇਬੰਦੀਆਂ ਵੱਲੋਂ ਅਗਨੀਪਥ ਸਕੀਮ ਵਾਪਸ ਲੈਣ ਦੀ ਮੰਗ
ਫ਼ਰੀਦਕੋਟ (ਜਸਵੰਤ ਜੱਸ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਕੇਂਦਰ ਦੀ ਅਗਨੀਪਥ ਸਕੀਮ ਤਹਿਤ ਫ਼ੌਜ ਵਿੱਚ ਠੇਕਾ ਭਰਤੀ ਦੇ ਵਿਰੋਧ ਵਿੱਚ ਫ਼ਰੀਦਕੋਟ ਦੇ ਕਿਸਾਨਾਂ ਵੱਲੋਂ ਜ਼ਿਲ੍ਹਾ ਕੇਂਦਰ ’ਤੇ ਧਰਨਾ ਦਿੱਤਾ ਗਿਆ। ਕਿਸਾਨ ਆਗੂ ਜਸਪਾਲ ਨੰਗਲ ਨੇ ਕਿਹਾ ਕਿ ਦੇਸ਼ ਵਿੱਚ ਸਾਰੇ ਅਦਾਰਿਆਂ ਦਾ ਨਿੱਜੀਕਰਨ ਹੋਣ ਕਾਰਨ ਨੌਜਵਾਨਾਂ ਨੂੰ ਸਿਰਫ਼ ਫ਼ੌਜ ਵਿੱਚ ਹੀ ਪੱਕੀ ਨੌਕਰੀ ਦੀ ਆਸ ਝਲਕਦੀ ਸੀ ਪਰ ਕੇਂਦਰ ਨੇ ਨੌਜਵਾਨਾਂ ਦੇ ਇਹ ਸੁਪਨੇ ਚਕਨਾ-ਚੂਰ ਕਰ ਦਿੱਤੇ ਹਨ। ਇਸ ਮੌਕੇ ਜਥੇਬੰਦੀ ਵੱਲੋਂ ਕਾਰਜਕਾਰੀ ਮੈਜਿਸਟਰੇਟ ਜਸਵੀਰ ਸਿੰਘ ਨੂੰ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਕੇਂਦਰ ਸਰਕਾਰ ਵੱਲੋਂ ਆਪਣਾ ਇਹ ਫ਼ੈਸਲਾ ਤੁਰੰਤ ਰੱਦ ਕਰਕੇ ਇਸ ਯੋਜਨਾ ਤਹਿਤ ਭਰਤੀ ਦਾ ਨੋਟੀਫਿਕੇਸ਼ਨ ਵਾਪਸ ਲਵੇ।