ਖੇਤਰੀ ਪ੍ਰਤੀਨਿਧ
ਬਰਨਾਲਾ, 15 ਨਵੰਬਰ
ਸਥਾਨਕ ਰੇਲਵੇ ਸਟੇਸ਼ਨ ’ਤੇ ਕੇਂਦਰੀ ਤਿੰਨ ਖੇਤੀ ਕਾਨੂੰਨਾਂ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਦੀ ਮੰਗ ਨੂੰ ਲੈ ਕੇ ਲੱਗੇ ਸਾਂਝੇ ਧਰਨੇ ਦੌਰਾਨ ਅੱਜ ਆਦਿਵਾਸੀ ਨਾਇਕ ਅਤੇ ਆਜ਼ਾਦੀ ਘੁਲਾਟੀਏ ਬਿਰਸਾ ਮੁੰਡਾ ਜਨਮ ਦਿਨ ਮਨਾਇਆ ਗਿਆ ਅਤੇ ਉਸਦੀ ਕੁਰਬਾਨੀ ਨੂੰ ਸਿਜਦਾ ਕੀਤਾ ਗਿਆ। ਆਗੂਆਂ ਕਿਹਾ ਕਿ ਬਿਰਸਾ ਮੁੰਡਾ ਨੇ ਮੁਲਕ ਨੂੰ ਆਜ਼ਾਦ ਕਰਵਾਉਣ ਅਤੇ ਆਦਿਵਾਸੀ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਅੰਗਰੇਜ਼ ਹਕੂਮਤ ਵਿਰੁੱਧ ਬਗਾਵਤ ਦੀ ਅਗਵਾਈ ਕੀਤੀ ਸੀ। ਆਗੀਆਂ ਨੇ ਕਿਹਾ ਕਿ ਸਾਨੂੰ ਸ਼ਹੀਦ ਮੁੰਡਾ ਦੀ ਸ਼ਹਾਦਤ ਤੋਂ ਪ੍ਰੇਰਨਾ ਲੈ ਕੇ ਕਾਰਪੋਰੇਟੀ ਹਮਲੇ ਦਾ ਵਿਰੋਧ ਹੋਰ ਤਿੱਖਾ ਤੇ ਮਜ਼ਬੂਤ ਕਰਨਾ ਚਾਹੀਦਾ ਹੈ।
ਬੁਲਾਰਿਆਂ ’ਚ ਸ਼ਾਮਿਲ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਮੇਲਾ ਸਿੰਘ ਕੱਟੂ, ਗੁਰਦੇਵ ਸਿੰਘ ਮਾਂਗੇਵਾਲ, ਬਿੱਕਰ ਸਿੰਘ ਔਲਖ, ਪਰਮਜੀਤ ਕੌਰ ਠੀਕਰੀਵਾਲਾ, ਪ੍ਰੇਮਪਾਲ ਕੌਰ, ਗੋਰਾ ਸਿੰਘ ਢਿੱਲਵਾ ਨੇ ਕਿਹਾ ਕਿ 26 ਤਰੀਕ ਨੂੰ ਦਿੱਲੀ ਮੋਰਚੇ ਦੀ ਪਹਿਲੀ ਵਰ੍ਹੇਗੰਢ ਮੌਕੇ ਉਥੇ ਇਤਿਹਾਸਕ ਇਕੱਠ ਕੀਤਾ ਜਾਵੇਗਾ। ਆਗੂਆਂ ਨੇ ਇਹ ਵੀ ਦੱਸਿਆ ਕਿ ਕੱਲ੍ਹ ਧਰਨੇ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਉਸ ਦੇ ਛੇ ਸ਼ਹੀਦ ਸਾਥੀਆਂ ਦੀ ਬਰਸੀ ਮਨਾਈ ਜਾਵੇਗੀ।
ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਰੱਖਣ ਦਾ ਅਹਿਦ
ਰਾਮਪੁਰਾ ਫੂਲ (ਪੱਤਰ ਪ੍ਰੇਰਕ): ਖੇਤੀ ਕਾਨੂੰਨਾਂ ਰੱਦ ਕਰਾਉਣ ਅਤੇ ਐੱਮਐੱਸਪੀ ਦੀ ਗਰੰਟੀ ਵਾਲਾ ਕਾਨੂੰਨ ਬਨਾਉਣ ਦੀ ਮੰਗ ਲਈ ਬੀਕੇਯੂ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਰਾਮਪੁਰਾ ਰੇਲਵੇ ਸਟੇਸ਼ਨ ’ਤੇ ਲੱਗਿਆ ਪੱਕਾ ਮੋਰਚਾ ਅੱਜ 410ਵੇਂ ਦਿਨ ਵੀ ਜੋਸ਼ੋ-ਖਰੋਸ਼ ਨਾਲ ਜਾਰੀ ਰਿਹਾ। ਮੋਰਚੇ ਵਿੱਚ ਅੱਜ ਕਾਮਰੇਡ ਬਿਰਸਾ ਮੁੰਡਾ ਦਾ ਜਨਮ ਦਿਨ ਮਨਾਇਆ ਗਿਆ। ਬੁਲਾਰਿਆਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਬਲਾਕ ਪ੍ਰਧਾਨ ਬਲਵਿੰਦਰ ਸਿੰਘ ਜੇਠੂਕੇ, ਸੁਖਵਿੰਦਰ ਸਿੰਘ ਭਾਈ ਰੂਪਾ, ਗੁਰਦੀਪ ਸਿੰਘ ਸੇਲਬਰਾਹ, ਰਣਜੀਤ ਸਿੰਘ ਕਰਿਆੜਵਾਲਾ, ਹਰਭਜਨ ਸਿੰਘ ਢਪਾਲੀ, ਇਨਕਲਾਬੀ ਕੇਂਦਰ ਪੰਜਾਬ ਦੇ ਇਲਾਕਾ ਆਗੂ ਹਰਮੇਸ਼ ਕੁਮਾਰ ਰਾਮਪੁਰਾ, ਬੀਕੇਯੂ ਏਕਤਾ ਡਕੌਂਦਾ ਦੇ ਸੁਖਦੇਵ ਸਿੰਘ ਸੰਘਾ, ਮਾਸਟਰ ਬਲਵੰਤ ਸਿੰਘ ਫੂਲ, ਸਾਧਾ ਸਿੰਘ ਖੋਖਰ, ਮੱਖਣ ਸਿੰਘ ਸੇਲਬਰਾਹ, ਮੀਤਾ ਕੌਰ ਢਪਾਲੀ, ਗੁਰਲਾਲ ਸਿੰਘ ਟਾਂਡੀਆਂ, ਗੁਰਮੇਲ ਸਿੰਘ ਢਪਾਲੀ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਡਾਕਟਰ ਜਗਤਾਰ ਸਿੰਘ ਫੂਲ ਨੇ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ।