ਪਵਨ ਗੋਇਲ
ਭੁੱਚੋ ਮੰਡੀ, 2 ਦਸੰਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ ਲਹਿਰਾ ਬੇਗਾ ਟੌਲ ਪਲਾਜ਼ਾ ਅਤੇ ਬੈਸਟ ਪ੍ਰਾਈਜ਼ ਅੱਗੇ ਚੱਲ ਰਹੇ ਮੋਰਚੇ ਅੱਜ 63ਵੇਂ ਦਿਨ ਵੀ ਜਾਰੀ ਰਹੇ। ਇਨ੍ਹਾਂ ਮੋਰਚਿਆਂ ਵਿੱਚ ਕਿਸਾਨਾਂ ਦੀ ਭਰਵੀਂ ਸ਼ਮੂਲੀਅਤ ਰਹੀ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਸੂਬਾ ਕਮੇਟੀ ਮੈਂਬਰ ਸਰਬਜੀਤ ਮੌੜ, ਠੇਕਾ ਮੁਲਾਜ਼ਮ ਯੂਨੀਅਨ ਲਹਿਰਾ ਮੁਹੱਬਤ ਦੇ ਪ੍ਰਧਾਨ ਜਗਰੂਪ ਸਿੰਘ, ਕਿਸਾਨ ਆਗੂ ਦਰਸ਼ਨ ਸਿੰਘ ਮਾਈਸਰ ਖਾਨਾ ਅਤੇ ਮੋਠੂ ਸਿੰਘ ਕੋਟੜਾ ਨੇ ਕਿਹਾ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਜਾਨ ਹਲੂਵੇਂ ਸੰਘਰਸ਼ਾਂ ਵਿੱਚ ਆਖਰ ਜਿੱਤ ਸੱਚ ਦੀ ਹੀ ਹੋਵੇਗੀ। ਕਿਸਾਨਾਂ ਦੇ ਰੋਹ ਅੱਗੇ ਮੋਦੀ ਦਾ ਅੜੀਅਲ ਰਵੱਈਆ ਜ਼ਰੂਰ ਦਮ ਤੋੜੇਗਾ।
ਬੁਢਲਾਡਾ (ਐਨ.ਪੀ.ਸਿੰਘ): ਪੰਜਾਬ ਦੇ ਕਿਸਾਨਾਂ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਰਿਲਾਇੰਸ ਪੈਟਰੋਲ ਪੰਪਾਂ, ਟੌਲ ਪਲਾਜ਼ਿਆਂ ਦਾ ਘਿਰਾਓ ਲਗਾਤਾਰ ਜਾਰੀ ਰੱਖਿਆ ਹੋਇਆ ਹੈ। ਅੱਜ ਇੱਥੇ ਰਿਲਾਇੰਸ ਪੈਟਰੋਲ ਪੰਪ ਉਤੇ ਦਿੱਲੀ ਸੰਘਰਸ਼ ਤੋਂ ਵਾਪਸ ਪਰਤੇ ਆਲ ਇੰਡੀਆ ਕੁਲ ਹਿੰਦ ਕਿਸਾਨ ਸਭਾ ਦੇ ਕਿਸਾਨ ਆਗੂ ਐਡਵੋਕੇਟ ਸਵਰਨ ਸਿੰਘ ਦਲਿਓ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਜਿੱਥੇ ਤੇਵਰ ਤਿੱਖੇ ਹਨ ਉੱਥੇ ਹੌਂਸਲੇ ਵੀ ਬੁਲੰਦ ਹਨ।