ਖੇਤਰੀ ਪ੍ਰਤੀਨਿਧ
ਬਰਨਾਲਾ, 9 ਜੂਨ
ਤੀਹ ਜਥੇਬੰਦੀਆਂ ’ਤੇ ਅਧਾਰਿਤ ਸੰਯੁੁਕਤ ਕਿਸਾਨ ਮੋਰਚੇ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐਮਐਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ’ਤੇ ਲੱਗੇ ਧਰਨੇ ਦੇ 252ਵੇਂ ਦਿਨ ਬਾਬਾ ਬੰਦਾ ਸਿੰਘ ਬਹਾਦਰ ਅਤੇ ਝਾਰਖੰਡ ਇਲਾਕੇ ਦੇ ਆਦਿਵਾਸੀ ਲੋਕ ਨਾਇਕ ਬਿਰਸਾ ਮੁੰਡਾ ਦੀਆਂ ਬੇਮਿਸਾਲ ਸ਼ਹਾਦਤਾਂ ਨੂੰ ਸਿਜਦਾ ਕਰਦਿਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ| ਬੁਲਾਰਿਆਂ ਦੱਸਿਆ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਜਗੀਰਦਾਰਾਂ ਤੋਂ ਜ਼ਮੀਨਾਂ ਖੋਹ ਕੇ ਹਲਵਾਹਕਾਂ ਨੂੰ ਵੰਡਣ ਦੀ ਸ਼ੁਰੂਆਤ ਕੀਤੀ ਸੀ। ਧਰਨੇ ਵਿੱਚ ਇਨ੍ਹਾਂ ਦੋਵਾਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ|
ਭੁੱਚੋ ਮੰਡੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਖੇਤੀ ਕਨੂੰਨਾਂ ਵਿਰੁੱਧ ਬੈਸਟ ਪ੍ਰਾਈਸ ਮਾਲ ਅਤੇ ਲਹਿਰਾ ਬੇਗਾ ਟੌਲ ਪਲਾਜ਼ਾ ’ਤੇ ਚੱਲ ਰਹੇ ਮੋਰਚਿਆਂ ਵਿੱਚ ਕਿਸਾਨਾਂ ਨੇ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾਂਜ਼ਲੀ ਦਿੱਤੀ ਅਤੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬਲਾਕ ਜਨਰਲ ਸਕੱਤਰ ਬਲਜੀਤ ਸਿੰਘ ਪੂਹਲਾ ਨੇ ਸੰਬੋਧਨ ਕੀਤਾ।
ਬਰੇਟਾ (ਪੱਤਰ ਪ੍ਰੇਰਕ): ਸਥਾਨਕ ਰੇਲਵੇ ਸਟੇਸ਼ਨ ਦੀ ਪਾਰਕਿੰਗ ਵਿੱਚ ਸਾਂਝਾ ਕਿਸਾਨ ਮੋਰਚਾ ਵੱਲੋਂ ਚਲਾਏ ਜਾ ਰਹੇ ਕਿਸਾਨ ਧਰਨੇ ਵਿੱਚ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਨਿੱਜੀ ਪੈਟਰੋਲ ਪੰਪ ’ਤੇ ਚਲਾਏ ਜਾ ਰਹੇ ਧਰਨਿਆਂ ਦੌਰਾਨ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਸੁੱਖਾ ਸਿੰਘ, ਮੇਜਰ ਸਿੰਘ ਸੁਖਦੇਵ ਸਿੰਘ ਹਾਜ਼ਰ ਸਨ|
ਕਿਸਾਨ ਦਿੱਲੀ ਬਾਰਡਰਾਂ ਲਈ ਹੋਏ ਰਵਾਨਾ
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਵਸ ਮੌਕੇ ਸੈਂਕੜੇ ਵਾਹਨਾਂ ’ਤੇ ਕਿਸਾਨ ਦਿੱਲੀ ਬਾਰਡਰਾਂ ਲਈ ਰਵਾਨਾ ਹੋਏ। ਇਸ ਦੌਰਾਨ ਕਿਸਾਨਾਂ ਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਕਰਦਿਆਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਅੱਜ ਪਿੰਡਾਂ ਤੋਂ ਕਿਸਾਨ ਸ਼ਹੀਦ ਭਗਤ ਸਿੰਘ ਸਟੇਡੀਅਮ ਇਕੱਠੇ ਹੋਏ। ਮਗਰੋਂ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਸਿਰਸਾ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਚੌਕ ਪੁੱਜੇ ਜਿਥੇ ਕਿਸਾਨਾਂ ਨੇ ਬਾਬਾ ਬੰਦਾ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਬਾਅਦ ਵਿੱਚ ਸੈਂਕੜੇ ਵਾਹਨਾਂ ਦੇ ਕਾਫਲੇ ਨਾਲ ਕਿਸਾਨਾਂ ਦਾ ਇਹ ਜੱਥਾ ਦਿੱਲੀ ਲਈ ਰਵਾਨਾ ਹੋਇਆ।