ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 1 ਨਵੰਬਰ
ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ (ਅ) ਅਤੇ ਪੰਥਕ ਧਿਰਾਂ ਵੱਲੋਂ ਉਮੀਦਵਾਰ ਗੋਬਿੰਦ ਸਿੰਘ ਸੰਧੂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਅਤੇ ਅਰਦਾਸ ਉਪਰੰਤ ਉਨ੍ਹਾਂ ਆਪਣੀ ਚੋਣ ਮੁਹਿੰਮ ਦਾ ਰਸਮੀ ਆਗਾਜ਼ ਕੀਤਾ। ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦੋਹਤੇ ਗੋਬਿੰਦ ਸਿੰਘ ਸੰਧੂ ਅੱਜ ਵੱਡੀ ਗਿਣਤੀ ਸਮਰਥਕਾਂ ਤੇ ਅਕਾਲੀ ਦਲ (ਅ) ਆਗੂਆਂ ਸਮੇਤ ਤਖ਼ਤ ਸ੍ਰੀ ਦਮਦਮਾ ਸਾਹਿਬ ਪੁੱਜੇ। ਉਨ੍ਹਾਂ ਤਖ਼ਤ ਸਾਹਿਬ, ਗੁਰਦੁਆਰਾ ਦਮਦਮਾ ਸਾਹਿਬ ਅਤੇ ਗੁਰਦੁਆਰਾ ਲਿਖਣਸਰ ਸਾਹਿਬ ਵਿਖੇ ਮੱਥਾ ਟੇਕਿਆ। ਮੱਥਾ ਟੇਕਣ ਮਗਰੋਂ ਉਨ੍ਹਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕਰਕੇ ਕਈ ਮੁੱਦਿਆਂ ਤੇ ਵਿਚਾਰਾਂ ਸਾਝੀਆਂ ਕੀਤੀਆਂ। ਸੰਧੂ ਨੇ ਦੱਸਿਆ ਕਿ ਉਨ੍ਹਾਂ ਅੱਜ ਤਖ਼ਤ ਸਾਹਿਬ ਵਿਖੇ ਅਰਦਾਸ ਕਰਕੇ ਰਸਮੀ ਤੌਰ ’ਤੇ ਚੋਣ ਮੁਹਿੰਮ ਦਾ ਆਗਾਜ਼ ਕੀਤਾ ਹੈ।