ਜੋਗਿੰਦਰ ਸਿੰਘ ਮਾਨ
ਮਾਨਸਾ, 16 ਮਈ
ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਮਨਜੀਤ ਸਿੰਘ ਧਨੇਰ ਵੱਲੋਂ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਿਰੁੱਧ ਵਰਤੀ ਮੰਦੀ ਸ਼ਬਦਾਵਲੀ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕਰਨ ਲੱਗੇ ਹਨ। ਇਸ ਦੌਰਾਨ ਕਿਸਾਨ ਆਗੂ ਧਨੇਰ ਖਿਲਾਫ਼ ਗੁੱਸੇ ਵਿੱਚ ਆਏ ਅਕਾਲੀ ਆਗੂਆਂ ਨੇ ਮਾਨਸਾ ਵਿੱਚ ਉਨ੍ਹਾਂ ਦੇ ਪੋਸਟਰ ਸਾੜੇ ਅਤੇ ਸਾਬਕਾ ਕੇਂਦਰੀ ਮੰਤਰੀ ਖਿਲਾਫ਼ ਬੋਲੇ ਮਾੜੇ ਬੋਲਾਂ ਲਈ ਪੰਜਾਬ ਸਰਕਾਰ ਤੋਂ ਉਨ੍ਹਾਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਇਸੇ ਦੌਰਾਨ ਸਾਬਕਾ ਸੰਸਦੀ ਸਕੱਤਰ ਅਤੇ ਮਾਨਸਾ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਕਿਹਾ ਕਿ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਵੱਲੋਂ ਸਾਬਕਾ ਕੇਂਦਰੀ ਮੰਤਰੀ ਖ਼ਿਲਾਫ਼ ਬੋਲੀ ਭੱਦੀ ਸ਼ਬਦਾਵਲੀ ਕਾਰਨ ਕਿਸਾਨ ਜਥੇਬੰਦੀਆਂ ਦੇ ਕਿਸਾਨੀ ਸੰਘਰਸ਼ ’ਤੇ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਕਿਹਾ ਕਿ ਇੱਕ ਜ਼ਿੰਮੇਵਾਰ ਨੇਤਾ ਹੁੰਦੇ ਹੋਏ ਇੱਕ ਮਹਿਲਾ ਆਗੂ ਦੇ ਖਿਲਾਫ਼ ਮਾੜੀ ਸ਼ਬਦਾਵਲੀ ਵਰਤਣੀ ਉਨ੍ਹਾਂ ਨੂੰ ਸੋਭਾ ਨਹੀਂ ਦਿੰਦਾ ਹੈ।