ਪੱਤਰ ਪ੍ਰੇਰਕ
ਗਿੱਦੜਬਾਹਾ, 23 ਮਈ
ਹਲਕਾ ਗਿੱਦੜਬਾਹਾ ਦੇ ਪਿੰਡ ਭੂੰਦੜ ਵਿੱਚ ਪਿੰਡ ਦੇ ਕੁਝ ਲੋਕਾਂ ਵਲੋਂ ਹੰਗਾਮਾ ਕੀਤਾ ਗਿਆ। ਉਨ੍ਹਾਂ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਦਿਹਾੜੀ ਮਜ਼ਦੂਰੀ ’ਤੇ ਨਾ ਜਾਣ ਅਤੇ ਉਨ੍ਹਾਂ ਨੂੰ ਖਾਣਾ ਨਾ ਮਿਲਣ ਦੇ ਦੋਸ਼ ਲਗਾਏ ਹਨ। ਪਿੰਡ ਵਾਸੀਆਂ ਨੇ ਕਿਹਾ ਕੇ ਉਹ ਘਰਾਂ ਵਿੱਚ ਕੈਦ ਹੋ ਕੇ ਰਹਿ ਗਏ ਹਨ ਤੇ ਰੋਟੀ ਵੀ ਨਸੀਬ ਨਹੀਂ ਹੋ ਰਹੀ।
ਪਿੰਡ ਦੇ ਸਰਪੰਚ ਸੁਖਦੇਵ ਸਿੰਘ ਨੇ ਕਿਹਾ ਕਿ ਪਿੰਡ ਦੇ ਕੁਝ ਸ਼ਰਾਰਤੀ ਅਨਸਰ ਆਪਣੀ ਰਾਜਨੀਤੀ ਚਮਕਾਉਣ ਲਈ ਅਜਿਹਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਨੂੰ ਕਈ ਦਿਨਾਂ ਤੋਂ ਪੁਲੀਸ ਨੇ ਸੀਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿਚ ਕਰੋਨਾ ਦੀ ਲਾਗ ਫੈਲੀ ਹੋਈ ਹੈ। ਪਿੰਡ ’ਚ ਤਿੰਨ ਜਣਿਆਂ ਦੀ ਮੌਤ ਹੋ ਚੁੱਕੀ ਹੈ ਤੇ 4 ਗੰਭੀਰ ਹਾਲਤ ਵਿਚ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਰੋਨਾ ਤੋਂ ਬਚਾਅ ਲਈ ਸਿਹਤ ਵਿਭਾਗ ਦੀ ਟੀਮ ਟੀਕਾਕਰਨ ਲਈ ਪਿੰਡ ਆ ਰਹੀ ਹੈ ਸਾਰੇ ਲੋਕ ਦਵਾਈ ਲਗਵਉਣ।
ਇਸ ਬਾਰੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪ੍ਰਸ਼ਾਸਨ ਨੇ ਕਿਸੇ ਵੀ ਵਿਅਕਤੀ ਨੂੰ ਦਿਹਾੜੀ ਮਜ਼ਦੂਰੀ ’ਤੇ ਜਾਣ ਤੋਂ ਨਹੀਂ ਰੋਕਿਆ। ਉਨ੍ਹਾਂ ਕਿਹਾ ਕਿ ਪਿੰਡ ਦਾ ਕੋਈ ਵੀ ਵਿਅਕਤੀ ਜੋ ਕੋਵਿਡ ਪਾਜ਼ੇਟਿਵ ਨਹੀਂ ਹੈ, ਉਹ ਆਪਣੇ ਕੰਮ ’ਤੇ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨੂੰ ਧੱਕੇ ਨਾਲ ਟੀਕਾ ਨਹੀਂ ਲਗਾਇਆ ਜਾਵੇਗਾ ਅਤੇ ਨਾ ਹੀ ਜਾਂਚ ਲਈ ਨਮੂਨਾ ਲਿਆ ਜਾਵੇਗਾ।