ਧਰਮਪਾਲ ਸਿੰਘ ਤੂਰ
ਸੰਗਤ ਮੰਡੀ, 19 ਅਕਤੂਬਰ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਅਤੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ/ਜ਼ਿਲ੍ਹੇ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਬਲਾਕ ਪ੍ਰਧਾਨ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ ਹੇਠ ਕਾਂਗਰਸ ਦੇ ਵਿਧਾਇਕ ਅਤੇ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ ਦੇ ਘਰ ਅੱਗੇ 23 ਅਕਤੂਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਭੁੱਖ ਹੜਤਾਲ ਰੱਖਣਗੀਆਂ ਅਤੇ ਉਥੇ ਬੈਠ ਕੇ ਯੂਨੀਅਨ ਦਾ 21 ਮੈਂਬਰੀ ਵਫ਼ਦ ਸੁਖਮਨੀ ਸਾਹਿਬ ਦਾ ਪਾਠ ਕਰੇਗਾ। ਬਲਾਕ ਪ੍ਰਧਾਨ ਲਾਭ ਕੌਰ ਪਥਰਾਲਾ ਅਤੇ ਜਨਰਲ ਸਕੱਤਰ ਪਰਮਜੀਤ ਕੌਰ ਰੁਲਦੂ ਸਿੰਘ ਵਾਲਾ ਨੇ ਦੱਸਿਆ ਕਿ ਉਨ੍ਹਾਂ ਨੇ ਪੰਜਾਬ ਸਰਕਾਰ ਦੇ ਕੋਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪਹਿਲਾਂ ਬਹੁਤ ਸਾਰੇ ਧਰਨੇ ਮੁਜ਼ਾਹਰੇ ਕੀਤੇ ਹਨ ਪਰ ਹੁਣ ਕਾਂਗਰਸੀ ਵਿਧਾਇਕਾਂ ਦੀ ਆਤਮਾ ਨੂੰ ਜਗਾਉਣ ਵਾਸਤੇ ਸੁਖਮਨੀ ਸਾਹਿਬ ਦੇ ਪਾਠ ਕੀਤੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ ਖੋਹੇ ਹੋਏ ਬੱਚੇ ਵਾਪਸ ਕੀਤੇ ਜਾਣ ਤੇ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਪੰਜਾਬ ਦੀਆਂ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਦੇ ਆਧਾਰ ’ਤੇ ਮਾਣ ਭੱਤਾ ਦਿੱਤਾ ਜਾਵੇ।