ਪੱਤਰ ਪ੍ਰੇਰਕ
ਮਾਨਸਾ, 29 ਮਾਰਚ
ਦੇਸ਼ਿਵਆਪੀ ਸੱਦੇ ’ਤੇ ਦੋ ਰੋਜ਼ਾ ਹੜਤਾਲ ਦੇ ਦੂਜੇ ਦਿਨ ਇਥੇ ਮਾਲ ਗੋਦਾਮ ਵਿਖੇ ਕੇਂਦਰ ਦੀ ਮੋਦੀ ਤੇ ਰਾਜ ਹਕੂਮਤ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਏਕਟੂ ਦੇ ਸੂਬਾ ਪ੍ਰਧਾਨ ਰਾਜਵਿੰਦਰ ਸਿੰਘ ਰਾਣਾ ਨੇ ਕਿਹਾ ਕਿ ਮੋਦੀ ਸਰਕਾਰ ਅੱਛੇ ਦਿਨਾਂ ਦੇ ਸੁਪਨੇ ਦਿਖਾਕੇ 8 ਸਾਲ ਪਹਿਲਾਂ ਸੱਤਾ ਵਿੱਚ ਆਈ ਸੀ। ਉਨ੍ਹਾਂ ਕਿਹਾ ਕਿ ਸੱਤਾ ਵਿੱਚ ਆਉਣ ਤੋਂ ਬਾਅਦ ਮੋਦੀ ਸਰਕਾਰ ਧੜੱਲੇ ਨਾਲ ਨਵੳਦਾਰਵਾਦੀ ਨੀਤੀਆਂ ਲਾਗੂ ਕਰ ਰਹੀ ਹੈ।
ਭਗਤਾ ਭਾਈ (ਪੱਤਰ ਪ੍ਰੇਰਕ) ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਮਜ਼ਦੂਰਾਂ ਦੀ ਦੇਸ ਵਿਆਪੀ ਹੜਤਾਲ ਦੀ ਹਮਾਇਤ ਵਿੱਚ ਪਿੰਡ ਕੋਠਾ ਗੁਰੂ ’ਚ ਕੇਂਦਰ ਸਰਕਾਰ ਦੀ ਅਰਥੀ ਸਾੜੀ ਗਈ। ਇਸ ਮੌਕੇ ਇਕੱਤਰ ਮਜ਼ਦੂਰਾਂ, ਕਿਸਾਨ ਤੇ ਔਰਤ ਨੇ ਕੇਂਦਰ ਸਰਕਾਰ ਦੀਆਂ ਮਾਰੂ ਨੀਤੀਆਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਫ਼ਿਰੋਜ਼ਪੁਰ (ਨਿੱਜੀ ਪੱਤਰ ਪੇ੍ਰਕ) ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਅੱਜ ਛਾਉਣੀ ਦੀ ਦਾਣਾ ਮੰਡੀ ’ਚ ਵਿਸ਼ਾਲ ਇਕੱਠ ਕਰਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਤੇ ਦੇਸ਼ ਵਿਆਪੀ ਦੋ ਰੋਜ਼ਾ ਹੜਤਾਲ ਦੀ ਹਮਾਇਤ ਕੀਤੀ ਗਈ। ਅੰਦੋਲਨ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ ਸਮੇਤ ਆਗੂ ਜਸਬੀਰ ਸਿੰਘ ਪਿੱਦੀ,ਇੰਦਰਜੀਤ ਸਿੰਘ ਬਾਠ ਆਦਿ ਨੇ ਦੱਸਿਆ ਕਿ ਚੰਡੀਗੜ੍ਹ ਤੇ ਪੰਜਾਬ ਦੇ ਦਾਅਵੇ ਨੂੰ ਖ਼ਤਮ ਕਰਨ ਤੇ ਫੈਡਰਲ ਢਾਂਚੇ ਤਹਿਤ ਸੂਬਿਆਂ ਦੇ ਅਧਿਕਾਰ ਸੁਰੱਖਿਅਤ ਰੱਖਣ ਦੀ ਥਾਂ ਕੇਂਦਰ ਸਰਕਾਰ ਦੀ ਤਾਕਤਾਂ ਦਾ ਵਧੇਰੇ ਕੇਂਦਰੀਕਰਨ ਵੱਲ ਸੇਧਿਤ ਨੀਤੀ ਹੈ ਤੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਹਰਿਆਣਾ ਦੀ ਨੁਮਾਇੰਦਗੀ ਨੂੰ ਖ਼ਤਮ ਕਰਨ ਤੇ ਪੰਜਾਬ ’ਚ ਬਿਜਲੀ ਦੀ ਪ੍ਰੀਪੇਡ ਮੀਟਰ ਲਾ ਕੇ ਦੇਸ਼ ਨੂੰ ਕਾਰਪੋਰੇਟ ਜਗਤ ਦੇ ਗੁਲਾਮ ਬਣਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਮਹਿਲ ਕਲਾਂ (ਪੱਤਰ ਪ੍ਰੇਰਕ) ਕੇਂਦਰੀ ਟਰੇਡ ਯੂਨੀਅਨਾਂ ਦੇ ਸਾਂਝੇ ਮੰਚ ਦੇ ਸੱਦੇ ’ਤੇ ਕਿਰਤੀਆਂ ਦੇ ਭਖਦੇ ਮਸਲਿਆਂ ਸਬੰਧੀ ਕੀਤੀ ਗਈ ਦੇਸ਼ ਵਿਆਪੀ ਹੜਤਾਲ ਦੇ ਸਮਰਥਣ ਵਿੱਚ ਅੱਜ ਮਹਿਲ ਕਲਾਂ ਵਿੱਚ ਕਿਸਾਨ-ਮਜ਼ਦੂਰ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਮਜ਼ਦੂਰ-ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਮਹਿਲ ਕਲਾਂ ਵਿੱਚ ਰੋਸ ਮਾਰਚ ਕਰਨ ਮਗਰੋਂ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੇ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ।
ਜ਼ੀਰਾ (ਪੱਤਰ ਪ੍ਰੇਰਕ) ਪੀਐੱਸਈਬੀ ਐਂਪਲਾਈਜ਼ ਜ਼ੀਰਾ ਵੱਲੋਂ ਸਬ-ਡਵੀਜਨ ਜ਼ੀਰਾ ਵਿੱਚ ਰੋਸ ਮੁਜ਼ਾਹਰਾ ਕੀਤਾ ਗਿਆ, ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਪਬਲਿਕ ਅਦਾਰਿਆਂ ਦੇ ਤੇਜ਼ੀ ਨਾਲ ਕੀਤੇ ਜਾ ਰਹੇ ਨਿਗਮੀਕਰਨ ਦੇ ਵਿਰੁੱਧ ਕਰਮਚਾਰੀਆ ਵੱਲੋਂ ਕਾਲੇ ਬਿੱਲੇ ਲਾ ਕੇ ਹਮਾਇਤ ਕੀਤੀ ਗਈ।
ਭਾਈਰੂਪਾ (ਪੱਤਰ ਪ੍ਰੇਰਕ) ਕੇਂਦਰ ਸਰਕਾਰ ਵੱਲੋਂ ਪੰਜਾਬ ਸੂਬੇ ਉਪਰ ਥੋਪੇ ਜਾ ਰਹੇ ਨਿੱਤ ਨਵੇਂ ਕਾਨੂੰਨਾਂ ਖ਼ਿਲਾਫ਼ ਬਿਜਲੀ ਘਰ ਭਾਈਰੂਪਾ ਦੇ ਸਮੂਹ ਕਰਮਚਾਰੀਆਂ ਨੇ ਪ੍ਰਦਰਸ਼ਨ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਸ੍ਰੀ ਮੁਕਤਸਰ ਸਾਹਿਬ (ਨਿਜੀ ਪੱਤਰ ਪ੍ਰੇਰਕ) ਕੌਂਸਲ ਆਫ ਜੂਨੀਅਰ ਇੰਜਨੀਅਰ ਪੀਐੱਸਪੀਸੀਐੱਲ ਸਰਕਲ ਸ੍ਰੀ ਮੁਕਤਸਰ ਸਾਹਿਬ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿੱਚ ਵੱਖ ਵੱਖ ਜਥੇਬੰਦੀਆਂ ਵੱਲੋਂ ਕੀਤੀ ਜਾ ਰਹੀ ਦੋ ਰੋਜ਼ਾ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕਰਦੇ ਹੋਏ ਸੀਨੀਅਰ ਆਗੂ ਵਿਜੈ ਕੁਮਾਰ ਅਨੇਜਾ ਦੀ ਪ੍ਰਧਾਨਗੀ ਹੇਠ ਰੋਸ ਰੈਲੀ ਕਰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਭੜਾਸ ਕੱਢੀ।