ਪੱਤਰ ਪ੍ਰੇਰਕ
ਭਾਈਰੂਪਾ, 17 ਅਕਤੂਬਰ
ਹਲਕਾ ਰਾਮਪੁਰਾ ਫੂਲ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਵੱਲੋਂ ਅੱਜ ਮਹਿਰਾਜ ਦੀ ਅਨਾਜ ਮੰਡੀ ਵਿੱਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਖਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸਰਕਾਰ ਕਿਸਾਨਾਂ ਦਾ ਦਾਣਾ ਦਾਣਾ ਖਰੀਦੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਖਰੀਦ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਕਰ ਦਿੱਤੀ ਜਾਵੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਆਪਣੀ ਝੋਨੇ ਦੀ ਫਸਲ ਨੂੰ ਸੁਕਾ ਕੇ ਤੇ ਸਾਫ਼ ਸੁਥਰਾ ਕਰਕੇ ਹੀ ਮੰਡੀਆਂ ਵਿਚ ਲਿਆਉਣ ਤਾਂ ਜੋ ਫ਼ਸਲ ਦੀ ਸਮੇਂ ਸਿਰ ਖਰੀਦ ਹੋ ਸਕੇ। ਇਸ ਮੌਕੇ ਇੰਸਪੈਕਟਰ ਮਨਜਿੰਦਰ ਸਿੰਘ, ਨੀਰਜ ਜਿੰਦਲ, ਭੁਪਿੰਦਰ ਸਿੰਘ, ਬਲਕਾਰ ਸਿੰਘ, ਟਰੱਕ ਯੂਨੀਅਨ ਦੇ ਪ੍ਰਧਾਨ ਪਰਮਜੀਤ ਸਿੰਘ, ਸੁਖਚੈਨ ਸਿੰਘ, ਦਰਸ਼ਨ ਸਿੰਘ, ਸੀਰਾ ਸਿੰਘ, ਸੁੱਖੀ ਸਿੰਘ, ਯੋਧਾ ਸਿੰਘ, ਵਿਜੇ ਕੁਮਾਰ, ਲੱਖਾ ਸਿੰਘ, ਗੁਰਦੀਪ ਸਿੰਘ, ਹਰਚਰਨ ਸਿੰਘ, ਬਲਦੇਵ ਸਿੰਘ ਤੇ ਜਗਸੀਰ ਸਿੰਘ ਆਦਿ ਹਾਜ਼ਰ ਸਨ।