ਜੋਗਿੰਦਰ ਸਿੰਘ ਮਾਨ
ਮਾਨਸਾ, 19 ਜਨਵਰੀ
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਵਿੱਚ ਕਿਸਾਨਾਂ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਟੀਐਸਪੀਸੀਐਲ) ਖਿਲਾਫ਼ ਬਿਜਲੀ ਸਪਲਾਈ ਦੇ ਕੱਟਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਸਾਹਮਣੇ ਬਰਨਾਲਾ-ਸਿਰਸਾ ਮੁੱਖ ਮਾਰਗ ਜਾਮ ਕਰ ਦਿੱਤਾ ਗਿਆ। ਇਸ ਤੋਂ ਪਹਿਲਾਂ ਜਥੇਬੰਦੀ ਨੇ ਐਕਸੀਅਨ ਦੇ ਦਫ਼ਤਰ ਅੱਗੇ ਧਰਨਾ ਲਾਇਆ ਗਿਆ, ਪਰ ਜਦੋਂ ਕੋਈ ਸੁਣਵਾਈ ਨਾ ਹੋਈ ਤਾਂ ਰੋਡ ਜਾਮ ਕਰ ਦਿੱਤਾ ਗਿਆ, ਜਿਸ ਨੂੰ ਅਧਿਕਾਰੀਆਂ ਦੇ ਭਰੋਸਾ ਮਗਰੋਂ ਖੋਲ੍ਹਿਆ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਤੇ ਮਾਨਸਾ ਬਲਾਕ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਨੇ ਕਿਹਾ ਕਿ ਬਿਜਲੀ ਮਹਿਕਮੇ ਵੱਲੋਂ ਯੂ.ਪੀ.ਐਸ. ਫੀਡਰਾਂ ਤੇ ਰੋਜ਼ਾਨਾ ਸਵੇਰੇ-ਸ਼ਾਮ ਦੇ ਟਾਈਮ 2-3 ਘੰਟਿਆਂ ਦੇ ਲੰਬੇ ਕੱਟ ਲਾਏ ਜਾ ਰਹੇ ਹਨ, ਜਿਸ ਕਰਕੇ ਲੋਕਾਂ ਨੂੰ ਘਰੇਲੂ ਕੰਮਾਂ ਵਿੱਚ ਮੁਸ਼ਕਲਾਂ ਪੇਸ਼ ਆ ਰਹੀਆਂ ਹਨ ਅਤੇ ਪੇਪਰਾਂ ਦੇ ਦਿਨ ਹੋਣ ਕਾਰਨ ਬੱਚਿਆਂ ਦੀ ਪੜ੍ਹਾਈ ਤੇ ਬੁਰਾ ਅਸਰ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ਨੂੰ ਫਸਲਾਂ ਦੀ ਸਿੰਚਾਈ ਕਰਨ ਲਈ ਖੇਤੀ ਸੈਕਟਰ ਲਈ ਮੋਟਰਾਂ ਤੇ ਬਿਜਲੀ ਸਪਲਾਈ ਬਕਾਇਦਾ ਦਿਨ-ਰਾਤ ਦਾ ਸ਼ਡਿਊਲ ਬਣਾ ਕੇ ਦਿੱਤੀ ਜਾਵੇ। ਇਸੇ ਦੌਰਾਨ ਵੱਖਰੇ ਤੌਰ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਵੱਲੋਂ ਬਲਾਕ ਪ੍ਰਧਾਨ ਦਰਸ਼ਨ ਸਿੰਘ ਗੁਰਨੇ ਦੀ ਅਗਵਾਈ ਹੇਠ ਪਾਵਰਕੌਮ ਦੇ ਬੁਢਲਾਡਾ ਸਥਿਤ ਐਸਡੀਓ ਕੇਵਲ ਸਿੰਘ ਛੀਨਾ ਰਾਹੀਂ ਮੰਗ ਪੱਤਰ ਸੌਂਪਿਆ।
ਬਠਿੰਡਾ (ਸ਼ਗਨ ਕਟਾਰੀਆ): ਜੁਆਇੰਟ ਫ਼ੋਰਮ ਦੇ ਸੱਦੇ ਤਹਿਤ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਵੱਲੋਂ ਇੱਥੇ ਥਰਮਲ ਕਲੋਨੀ ਦੇ ਬਾਹਰ ਪਾਵਰਕੌਮ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦਾ ਪੁਤਲਾ ਸਾੜ ਕੇ ਰੋਸ ਵਿਖਾਵਾ ਕੀਤਾ ਗਿਆ। ਇਹ ਪ੍ਰਦਰਸ਼ਨ ਸੀਆਰਏ 295/19 ਵਾਲੇ ਸਹਾਇਕ ਲਾਈਨਮੈਨਾਂ ਦੀ ਹਮਾਇਤ ਵਜੋਂ ਕੀਤਾ ਗਿਆ। ਬੁਲਾਰਿਆਂ ਨੇ ਪਾਵਰ ਕਾਰਪੋਰੇਸ਼ਨ ਦੀ ਮੈਨੇਜਮੈਂਟ ’ਤੇ ਦੋਸ਼ ਲਾਏ ਕਿ ਉਸ ਵੱਲੋਂ 295/19 ਵਾਲੇ ਸਹਾਇਕ ਲਾਈਨਮੈਨਾਂ ਦੇ ਕਥਿਤ ਧੱਕੇਸ਼ਾਹੀ ਕੀਤੀ ਜਾ ਰਹੀ ਹੈ।
ਸ੍ਰੀ ਮੁਕਤਸਰ ਸਾਹਿਬ (ਗੁਰਸੇਵਕ ਸਿੰਘ ਪ੍ਰੀਤ): ਪੀਐਸਈਬੀ ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਬਿਜਲੀ ਘਰ ਵਿਖੇ ਜੁਆਇੰਟ ਫੋਰਮ ਅੰਦਰ ਕੰਮ ਕਰਦੀਆਂ ਸਮੁੱਚੀਆਂ ਜਥੇਬੰਦੀਆਂ ਵੱਲੋਂ ਵਿਸ਼ਾਲ ਰੋਸ ਰੈਲੀ ਕੀਤੀ ਗਈ। ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਬਲਜੀਤ ਮੋਦਲਾ, ਬਲਜਿੰਦਰ ਕੁਮਾਰ, ਬਸੰਤ ਸਿੰਘ, ਗੁਰਸੇਵਕ ਸਿੰਘ, ਮਨਿੰਦਰ ਸਿੰਘ ਨੇ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ’ਤੇ ਦੋਸ਼ ਲਾਇਆ ਕਿ ਪਾਵਰਕਾਮ ਦੀ ਮੈਨੇਜਮੈਂਟ ਮੁਲਾਜ਼ਮਾਂ ਨਾਲ ਲਗਾਤਾਰ ਧ੍ਰੋਹ ਕਮਾ ਰਹੀ ਹੈ।
ਪਰਖ ਕਾਲ ਦਾ ਸਮਾਂ ਮੁਕੰਮਲ ਹੋਣ ਤੇ ਬਾਵਜੂਦ ਭੱਤੇ ਨਾ ਦੇਣ ਦੇ ਦੋਸ਼
ਫਰੀਦਕੋਟ (ਜਸਵੰਤ ਜੱਸ): ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਡਿਵੀਜ਼ਨ ਪ੍ਰਧਾਨ ਇੰਜ: ਰਣਜੀਤ ਸਿੰਘ ਨੰਗਲ ਅਗਵਾਈ ਵਿੱਚ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਖਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਰਣਜੀਤ ਸਿੰਘ ਨੰਗਲ ਨੇ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਸੀ ਆਰ ਏ 295/19 ਰਾਹੀਂ ਭਰਤੀ ਕੀਤੇ ਸਹਾਇਕ ਲਾਇਨਮੈਨਾਂ ਦੇ ਮਸਲੇ ਨੂੰ ਹੱਲ ਨਹੀਂ ਕਰ ਰਹੀ, ਬਲਕਿ ਇਹਨਾਂ ਕਾਮਿਆਂ ਨੂੰ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਸਰਕਲ ਸਕੱਤਰ ਹਰਪ੍ਰੀਤ ਸਿੰਘ ਸਰਾਂ ਨੇ ਦੱਸਿਆ ਕਿ ਹੁਣ 3 ਸਾਲ ਦਾ ਪਰਖ ਕਾਲ ਸਮਾਂ ਹੋਣ ਦੇ ਬਾਵਜੂਦ ਸਾਥੀਆਂ ਨੂੰ ਨਿਯੁਕਤੀ ਪੱਤਰ ਦੀਆਂ ਸ਼ਰਤਾਂ ਅਨੁਸਾਰ ਪੂਰੀ ਤਨਖਾਹ ਸਮੇਤ ਭੱਤੇ ਜਾਰੀ ਨਹੀਂ ਕੀਤੇ ਜਾ ਰਹੇ। ਉਨ੍ਹਾਂ ਮੰਗ ਕੀਤੀ ਕਿ ਨੌਕਰੀ ਤੋਂ ਬਰਖਾਸਤ ਕੀਤੇ 25 ਕਾਮਿਆਂ ਨੂੰ ਨੌਕਰੀ ਉੱਪਰ ਬਹਾਲ ਕੀਤਾ ਜਾਵੇ, ਅਜਿਹਾ ਨਾ ਹੋਣ ਦੀ ਸੂਰਤ ਵਿੱਚ ਜੱਥੇਬੰਦੀਆਂ ਵੱਲੋ ਤਿੱਖਾ ਸੰਘਰਸ਼ ਕੀਤਾ ਜਾਵੇਗਾ, ਜਿਸ ਤੋਂ ਨਿਕਲਣ ਵਾਲੇ ਸਿੱਟਿਆਂ ਦੀ ਜ਼ੁੰਮੇਵਾਰੀ ਪਾਵਰਕਾਮ ਦੀ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੀ ਹੋਵੇਗੀ।