ਪਰਸ਼ੋਤਮ ਬੱਲੀ
ਬਰਨਾਲਾ, 28 ਮਈ
ਧਰਤੀ ਹੇਠਲੇ ਪਾਣੀ ਬਚਾਉਣ ਤੇ ਦਰਪੇਸ਼ ਖੇਤੀ ਬਿਜਲੀ ਸੰਕਟ ਦੇ ਮੱਦੇਨਜ਼ਰ ਨੇੜਲੇ ਪਿੰੰਡ ਸੰਘੇੜਾ ਦੀ ਗਊਸ਼ਾਲਾ ਵਿੱਚ ਭਾਕਿਯੂ (ਏਕਤਾ) ਉਗਰਾਹਾਂ ਵੱਲੋਂ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਨੈਣੇਵਾਲ ਦੀ ਪ੍ਰਧਾਨਗੀ ਹੇਠ ਜਾਗ੍ਰਿਤੀ ਮੀਟਿੰਗ ਕੀਤੀ ਗਈ। ਇਸ ਮੌਕੇ ਸੂਬਾਈ ਆਗੂ ਹਰਦੀਪ ਸਿੰਘ ਟੱਲੇਵਾਲ, ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਭਗਤ ਸਿੰਘ ਛੰਨਾ, ਬਲੌਰ ਸਿੰਘ, ਕਮਲਜੀਤ ਕੌਰ ਬਰਨਾਲਾ, ਬੁੱਕਣ ਸਿੰਘ ਸੱਦੋਵਾਲ ਤੇ ਦਰਸ਼ਨ ਭੈਣੀ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੇ ਬਚਾਓ ਅਤੇ ਬਿਜਲੀ ਦੀ ਕਿੱਲਤ ਦੇ ਮੱਦੇਨਜ਼ਰ ਝੋਨੇ ਦੀ ਬਿਜਾਈ ਬਾਰੇ ਪੰਜਾਬ ਭਰ ਵਿੱਚ ਚਲਾਈ ਗਈ ਜਾਗ੍ਰਿਤੀ ਮੁਹਿੰਮ ਦੇ ਅਖ਼ੀਰ ’ਤੇ 6 ਤੋਂ 10 ਜੂਨ ਤੱਕ ਪੰਜਾਬ ਭਰ ਵਿੱਚ ਪਿੰਡ-ਪਿੰਡ ਪਾਣੀ ਦੀਆਂ ਟੈਂਕੀਆਂ ਜਾਂ ਹੋਰ ਸਾਂਝੀਆਂ ਥਾਵਾਂ ’ਤੇ ਪੰਜ ਰੋਜ਼ਾ ਪੱਕੇ ਧਰਨੇ ਲਾਏ ਜਾਣਗੇ। ਬਹੁਤੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਤੇ ਬਲਾਕ ਪੱਧਰੀਆਂ ਸਿੱਖਿਆ ਮੀਟਿੰਗਾਂ 30 ਮਈ ਤੱਕ ਮੁਕੰਮਲ ਹੋ ਜਾਣਗੀਆਂ। 5 ਜੂਨ ਤੱਕ ਪਿੰਡ-ਪਿੰਡ ਮੁਹੱਲਾ ਵਾਰ ਮੀਟਿੰਗਾਂ ਤੇ ਰੈਲੀਆਂ ਢੋਲ ਮਾਰਚਾਂ ਰਾਹੀਂ ਹਰ ਪੇਂਡੂ ਪਰਿਵਾਰ ਨਾਲ ਮਸਲੇ ਵਿਚਾਰੇ ਜਾਣਗੇ। ਜ਼ਿਲ੍ਹਾ ਕਮੇਟੀ ਵੱਲੋਂ ਮਤਾ ਪਾਸ ਕਰਕੇ ਜ਼ਿਲ੍ਹਾ ਭਰ ਦੇ ਸਮੂਹ ਕਿਸਾਨਾਂ, ਮਜ਼ਦੂਰਾਂ, ਕਿਰਤੀਆਂ, ਜਮਹੂਰੀ ਕਾਰਕੁਨਾਂ ਅਤੇ ਸਮਾਜਸੇਵੀਆਂ ਨੂੰ ਇਸ ਸਰਬ ਸਾਂਝੇ ਅਤਿ ਗੰਭੀਰ ਮਸਲੇ ਦੇ ਹੱਲ ਲਈ ਇਸ ਸੰਘਰਸ਼ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਜਰਨੈਲ ਸਿੰਘ ਜਵੰਦਾ, ਮਲਕੀਤ ਸਿੰਘ ਹੇੜੀਕੇ, ਬਲਵਿੰਦਰ ਸਿੰਘ, ਸੁਖਦੇਵ ਸਿੰਘ ਭੋਤਨਾ, ਨਾਹਰ ਸਿੰਘ, ਮਾਨ ਸਿੰਘ, ਰਾਮ ਸਿੰਘ ਸੰਘੇੜਾ, ਬਿੰਦਰ ਪਾਲ ਕੌਰ ਭਦੌੜ, ਸੰਦੀਪ ਕੌਰ ਪੱਤੀ, ਸੁਖਦੇਵ ਕੌਰ ਠੁੱਲੀਵਾਲ, ਸੁਖਪਾਲ ਕੌਰ ਪੰਜਗਰਾਈਂ, ਰਾਜ ਕੌਰ ਕੋਟਦੁਨਾ ਤੇ ਅਮਰਜੀਤ ਕੌਰ ਬਡਬਰ ਆਗੂ ਹਾਜ਼ਰ ਸਨ।