ਪਰਸ਼ੋਤਮ ਬੱਲੀ
ਬਰਨਾਲਾ, 7 ਸਤੰਬਰ
ਮਜ਼ਦੂਰਾਂ ਦੀ ਦਿਹਾੜੀ 700 ਰੁਪਏ ਲਾਗੂ ਕਰਾਉਣ ਸਮੇਤ ਹੋਰ ਲਟਕਦੀਆਂ ਮਜ਼ਦੂਰ ਮੰਗਾਂ ਦੀ ਪ੍ਰਾਪਤੀ ਦੇ ਮੰਤਵ ਨਾਲ ਪੰਜਾਬ ਦੇ ਹਜ਼ਾਰਾਂ ਮਜ਼ਦੂਰ 12 ਤੋਂ 14 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਰੂਰ ਕੋਠੀ ਦਾ ਘਿਰਾਉ ਕਰਨਗੇ। ਇਹ ਐਲਾਨ ਇਥੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਜ਼ਿਲ੍ਹਾ ਆਗੂਆਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓਂ ਨੇ ਕੀਤਾ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਦੇ ਆਧਾਰ ‘ਤੇ ‘ਆਪ’ ਸਰਕਾਰ ਤੋਂ ਪੰਜਾਬ ਦੇ ਮਜ਼ਦੂਰ ਵਰਗ ਨੂੰ ਬਹੁਤ ਉਮੀਦਾਂ ਸਨ ਪਰ ਪੰਜ ਮਹੀਨੇ ਦੇ ਰਾਜ ਕਾਲ ਵਿੱਚ ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕੀਤੇ ਜਾਣ’ਤੇ ਸੱਭ ਤੋ ਵੱਧ ਨਿਰਾਸ਼ ਕੀਤਾ ਹੈ। ਇਸ ਮੌਕੇ ਜਿਲ੍ਹਾ ਪ੍ਰਧਾਨ ਮੱਖਣ ਸਿੰਘ ਰਾਮਗੜ੍ਹ, ਸਕੱਤਰ ਸਿੰਗਾਰਾ ਸਿੰਘ ਚੌਹਾਨਕੇ, ਜਗਰਾਜ ਸਿੰਘ ਤਾਜੋਕੇ ਤੇ ਸੁਖਦੇਵ ਕੌਰ ਹਾਜ਼ਰ ਸਨ।