ਪਵਨ ਗੋਇਲ
ਭੁੱਚੋ ਮੰਡੀ, 19 ਦਸੰਬਰ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਵੱਖ-ਵੱਖ ਵਿਭਾਗਾਂ ਦੇ ਆਊਟਸੋਰਸਿੰਗ ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਸਮੇਤ ਪੱਕਾ ਕਰਨ ਦੀ ਮੰਗ ਨੂੰ ਲੈ ਕੇ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਵਿੱਚ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਅਣਮਿੱਥੇ ਸਮੇਂ ਲਈ ਮੁਕੰਮਲ ਜਾਮ ਲਾ ਦਿੱਤਾ। ਇਸ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਬੱਚੇ ਸ਼ਾਮਲ ਸਨ।
ਕੁੱਝ ਬੱਚਿਆਂ ਨੇ ਸਰਕਾਰ ਤੋਂ ਆਪਣੇ ਮਾਪਿਆਂ ਦੀ ਨੌਕਰੀ ਪੱਕੀ ਕਰਨ ਦੀ ਮੰਗ ਕੀਤੀ ਅਤੇ ਇਨਕਲਾਬੀ ਗੀਤ ਪੇਸ਼ ਕੀਤੇ। ਆਗੂਆਂ ਅਨੁਸਾਰ ਅੱਜ ਸ਼ਾਮ ਨੂੰ ਮੋਰਚੇ ਦੀ ਪੰਜਾਬ ਸਰਕਾਰ ਨਾਲ ਹੋ ਰਹੀ ਮੀਟਿੰਗ ਦੌਰਾਨ ਜੇਕਰ ਪੱਕੀ ਭਰਤੀ ਦਾ ਕੋਈ ਫੈਸਲਾ ਨਾ ਕੀਤਾ ਗਿਆ ਤਾਂ ਸੰਘਰਸ਼ ਲਗਾਤਾਰ ਜਾਰੀ ਰਹੇਗਾ। ਜਾਮ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਵਾਜਾਈ ਦੇ ਬਦਲਵੇਂ ਪ੍ਰਬੰਧ ਕਰਨੇ ਪਏ। ਰਸਤਿਆਂ ਤੋਂ ਅਣਜਾਣ ਰਾਹਗੀਰਾਂ ਨੂੰ ਵੱਡੀ ਪ੍ਰੇਸ਼ਾਨੀ ਝੱਲਣੀ ਪਈ।
ਇਸ ਮੌਕੇ ਮੋਰਚੇ ਦੇ ਸੂਬਾਈ ਆਗੂ ਜਗਰੂਪ ਸਿੰਘ, ਗੁਰਵਿੰਦਰ ਸਿੰਘ ਪੰਨੂੰ, ਵਰਿੰਦਰ ਸਿੰਘ ਬੀਬੀਵਾਲਾ, ਜਗਸੀਰ ਸਿੰਘ ਭੰਗੂ ਨੇ ਕਿਹਾ ਕਿ ਆਊਟਸੋਰਸ ਠੇਕਾ ਮੁਲਾਜ਼ਮਾਂ ਵੱਲੋਂ 7 ਸਤੰਬਰ ਤੋਂ 19 ਨਵੰਬਰ ਤੱਕ ਪਟਿਆਲਾ ਅਤੇ ਮੋਰਿੰਡਾ ਵਿੱਚ ਲਗਾਤਾਰ 75 ਦਿਨ ਪਰਿਵਾਰਾਂ ਸਮੇਤ ਪੱਕਾ ਮੋਰਚਾ ਲਾ ਕੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਮੰਗ ਕੀਤੀ ਗਈ ਸੀ, ਪਰ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਲਿਆਂਦੇ ‘ਪੰਜਾਬ ਪ੍ਰੋਟੈਕਸ਼ਨ ਐਂਡ ਰੈਗੂਲਰਾਈਜੇਸ਼ਨ ਆਫ਼ ਕੰਟਰੈਕਚੂਅਲ ਬਿੱਲ 2021’ ਵਿੱਚੋਂ ਆਊਟਸੋਰਸ ਠੇਕਾ ਮੁਲਾਜ਼ਮਾਂ ਦੀਆਂ ਸਮੂਹ ਕੈਟਾਗਿਰੀਆਂ ਨੂੰ ਐਕਟ ਤੋਂ ਬਾਹਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰੀ ਥਰਮਲਾਂ ਪਲਾਂਟਾਂ, ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕੌਮ ਜ਼ੋਨ ਬਠਿੰਡਾ, ਪਾਵਰਕੌਮ ਅਤੇ ਟਰਾਂਸਕੋ, ਮਗਨਰੇਗਾ, ਪੀਐੱਸਪੀਸੀਐੱਲ, ਵਾਟਰ ਸਪਲਾਈ, ਸੀਵਰੇਜ ਬੋਰਡ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਬੀਓਸੀ ਕਿਰਤ ਵਿਭਾਗਾਂ ਵਿੱਚ 15-20 ਸਾਲਾਂ ਤੋਂ ਠੇਕੇਦਾਰਾਂ, ਕੰਪਨੀਆਂ, ਇਨਲਿਸਟਮੈਂਟ ਅਤੇ ਕੇਂਦਰੀ ਸਕੀਮਾਂ ਆਦਿ ਤਹਿਤ ਸੇਵਾਵਾਂ ਦੇ ਰਹੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਰਸਤਾ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਚੰਨੀ ਸਰਕਾਰ ਨੇ ਸਮੁੱਚੇ ਪੰਜਾਬ ਵਿੱਚ 36 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਫਲੈਕਸ ਤਾਂ ਲਗਾ ਦਿੱਤੇ ਹਨ, ਪਰ ਕਿਸੇ ਵੀ ਵਿਭਾਗ ਦੇ ਠੇਕਾ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ, ਜਿਸ ਦੇ ਵਿਰੋਧ ਵਜੋਂ ਕੌਮੀ ਮਾਰਗ ਜਾਮ ਕੀਤਾ ਗਿਆ ਹੈ।
ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕੀਤਾ ਜਾਵੇ। ਇਸ ਸਮੇਂ ਬੀਕੇਯੂ ਏਕਤਾ ਉਗਰਾਹਾਂ ਦੇ ਸੂਬਾਈ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਕਿਹਾ ਕਿ ਮੁਲਾਜ਼ਮਾਂ ਦੇ ਸੰਘਰਸ਼ ਦੀ ਹਮਾਇਤ ਜਾਰੀ ਰਹੇਗੀ। ਇਸ ਦੌਰਾਨ ਦੇਰ ਰਾਤ ਤਕ ਖ਼ਬਰ ਲਿਖੇ ਜਾਣ ਤੱਕ ਠੇਕਾ ਮੁਲਾਜ਼ਮ ਆਪਣੇ ਪਰਿਵਾਰਾਂ ਸਮੇਤ ਧਰਨੇ ’ਤੇ ਹੱਡਚੀਰਵੀਂ ਠੰਢ ਦੇ ਬਾਵਜੂਦ ਡਟੇ ਹੋਏ ਸਨ।
ਮੁੱਖ ਮੰਤਰੀ ਚੰਨੀ ਨੇ ਆਗੂਆਂ ਤੋਂ ਤਿੰਨ ਦਿਨਾਂ ਦਾ ਸਮਾਂ ਮੰਗਿਆ
ਅੱਜ ਦੇਰ ਰਾਤ ਮੁੱਖ ਮੰਤਰੀ, ਚਾਰ ਸਕੱਤਰਾਂ ਤੇ ਮੋਰਚੇ ਦੇ 11 ਆਗੂਆਂ ਦੀ ਹੋਈ ਮੀਟਿੰਗ ਦੌਰਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਗੂਆਂ ਤੋਂ ਤਜਵੀਜ਼ ਤਿਆਰ ਕਰਨ ਲਈ ਤਿੰਨ ਦਿਨਾਂ ਦਾ ਸਮਾਂ ਮੰਗਿਆ। ਉਨ੍ਹਾਂ ਆਊਟਸੋਰਸ ਮੁਲਾਜ਼ਮਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਵਿਭਾਗਾਂ ਵਿੱਚ ਕੰਟਰੈਕਟ ’ਤੇ ਲੈ ਲਿਆ ਜਾਵੇਗਾ। ਦੂਜੇ ਪਾਸੇ ਜਗਸੀਰ ਸਿੰਘ ਭੰਗੂ ਸਮੇਤ ਹੋਰ ਆਗੂਆਂ ਦਾ ਕਹਿਣਾ ਹੈ ਕਿ ਸਰਕਾਰ ਮਾਮਲੇ ਨੂੰ ਲਮਕਾ ਰਹੀ ਹੈ ਤੇ ਚੋਣ ਜ਼ਾਬਤਾ ਲੱਗਣ ਦੇ ਸਮੇਂ ਨੇੜੇ ਲਿਆ ਕੇ ਖ਼ਤਮ ਕਰਨਾ ਚਾਹੁੰਦੀ ਹੈ।