ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 29 ਜਨਵਰੀ
ਸ਼ਹਿਰ ਦੇ ਦੁਕਾਨਦਾਰਾਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਮੁੱਖ ਚੌਕ ਵਿੱਚ ਅੱਜ ਚੌਥੇ ਦਿਨ ਵੀ ਧਰਨਾ ਲਗਾਇਆ ਗਿਆ। ਜ਼ਿਕਰਯੋਗ ਹੈ ਕਿ ਧਰਨਾਕਾਰੀ ਬੀਤੇ ਕੁਝ ਮਹੀਨਿਆਂ ਤੋਂ ਸ਼ਹਿਰ ਵਿਚ ਅਮਨ ਕਾਨੂੰਨ ਦੀ ਵਿਗੜ ਰਹੀ ਹਾਲਤ, ਫਿਰੌਤੀ ਮੰਗਣ ਅਤੇ ਚੋਰੀ ਦੀਆਂ ਘਟਨਾਵਾਂ ਵਧਣ ਅਤੇ ਇਨ੍ਹਾਂ ਮਾਮਲਿਆਂ ਦੇ ਸਬੰਧ ਵਿਚ ਧਰਨਾ ਲਗਾਉਣ ਵਾਲੇ ਲੋਕਾਂ ਖਿਲਾਫ਼ ਹੀ ਦਰਜ ਕੇਸ ਵਾਪਸ ਕਰਵਾਉਣ ਦੀ ਮੰਗ ਕਰ ਰਹੇ ਹਨ। ਅੱਜ ਧਰਨਾਕਾਰੀਆਂ ਨੇ ਸੱਤਾਧਾਰੀ ਕਾਂਗਰਸ ਸਰਕਾਰ ਤੇ ਪੁਲੀਸ ਦੇ ਵਤੀਰੇ ਨੂੰ ਲੈ ਕੇ ਤਿੱਖੇ ਸ਼ਬਦੀ ਹਮਲੇ ਕਰਦਿਆਂ ਲੋਕਾਂ ਦੇ ਦੁੱਖਾਂ ਲਈ ਸਰਕਾਰ ਤੇ ਪੁਲੀਸ ਪ੍ਰਸ਼ਾਸ਼ਨ ਨੂੰ ਜ਼ਿੰਮੇਵਾਰ ਦੱਸਿਆ। ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਲੋਕਾਂ ਨੂੰ ਇਨਸਾਫ਼ ਦੇਣ ਦੀ ਬਜਾਇ ਪੁਲੀਸ ਉਲਟਾ ਉਨ੍ਹਾਂ ਉੱਪਰ ਝੂਠੇ ਪਰਚੇ ਦਰਜ ਕਰ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਕਾਂਗਰਸ ਸਰਕਾਰ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨ ਵਿਚ ਬੁਰੀ ਤਰ੍ਹਾਂ ਨਾਕਾਮ ਹੋਈ ਹੈ। ਇਸ ਮੌਕੇ ਬਸਪਾ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਜੁਗਿੰਦਰ ਸਿੰਘ, ਰਘਵੀਰ ਸਿੰਘ ਮਲੂਕਾ, ਆਪ ਆਗੂ ਨਛੱਤਰ ਸਿੰਘ ਸਿੱਧੂ ਅਤੇ ਜਤਿੰਦਰ ਭੱਲਾ ਮੌਜੂਦ ਸਨ।