ਪੱਤਰ ਪ੍ਰੇਰਕ
ਮਾਨਸਾ, 9 ਮਈ
ਬਠਿੰਡਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਕਿਹਾ,‘‘ਮੁੱਖ ਮੰਤਰੀ ਭਗਵੰਤ ਮਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਿਰਦੇਸ਼ਾਂ ਤਹਿਤ ਕੰਮ ਕਰ ਰਹੇ ਹਨ ਅਤੇ ਹੁਣ ਉਹ ਪੰਜਾਬ ਨਾਲ ਦਗਾ ਕਰਨ ਦੀ ਤਿਆਰੀ ਵਿੱਚ ਹਨ ਤੇ ਰਿਪੋਰਟ ਬਣਾ ਕੇ ਦੱਸਣਗੇ ਕਿ ਪੰਜਾਬ ਕੋਲ ਵਾਧੂ ਪਾਣੀ ਹੈ, ਜੋ ਹਰਿਆਣਾ ਨੂੰ ਦਿੱਤਾ ਜਾ ਸਕਦਾ ਹੈ।’’ ਉਹ ਅੱਜ ਮਾਨਸਾ ਅਤੇ ਇਸ ਦੇ ਨੇੜੇ ਪਿੰਡ ਉਭਾ, ਰੱਲਾ, ਅਨੂਪਗੜ੍ਹ, ਅਲੀਸ਼ੇਰ ਕਲਾਂ, ਅਲੀਸ਼ੇਰ ਖੁਰਦ, ਭੁਪਾਲ, ਕੋਟੜਾ ’ਚ ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੋਸ਼ ਲਾਇਆ ਕਿ ਦਿੱਲੀ ਸਰਕਾਰ ਵਾਂਗੂ ਪੰਜਾਬ ਸਰਕਾਰ ਨੇ ਵੀ ਉਹੀ ਆਬਕਾਰੀ ਨੀਤੀ ਲਾਗੂ ਕੀਤੀ ਹੈ ਤੇ ਓਨਾ ਹੀ ਸ਼ਰਾਬ ਕੰਪਨੀਆਂ ਨੂੰ ਲਾਇਸੈਂਸ ਦਿੱਤੇ ਹਨ, ਜਿਨ੍ਹਾਂ ਨੂੰ ਦਿੱਲੀ ਵਿੱਚ ਲਾਭ ਦਿੱਤੇ ਗਏ ਸਨ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਦਾ ਹੁਣ ਭਗਵੰਤ ਮਾਨ ’ਤੇ ਪੂਰਾ ਕੰਟਰੋਲ ਹੈ ਤੇ ਉਹ ਹੁਣ ਅਜਿਹਾ ਸਰਵੇਖਣ ਤਿਆਰ ਕਰ ਰਹੇ ਹਨ, ਜਿਸ ਵਿੱਚ ਦੱਸਿਆ ਜਾਵੇਗਾ ਕਿ ਪੰਜਾਬ ਕੋਲ ਪਾਣੀ ਵਾਧੂ ਹੈ, ਜੋ ਹਰਿਆਣਾ ਨੂੰ ਦਿੱਤਾ ਜਾ ਸਕਦਾ ਹੈ। ਹਰਸਿਮਰਤ ਬਾਦਲ ਨੇ ਕਿਹਾ ਕਿ ਅਕਾਲੀ ਦਲ ਕਦੇ ਵੀ ਇਸ ਸਾਜ਼ਿਸ਼ ਨੂੰ ਸਫ਼ਲ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਵਾਸਤੇ ਵਚਨਬੱਧ ਹੈ। ਉਨ੍ਹਾਂ ਲੋਕਾਂ ਅਪੀਲ ਕੀਤੀ ਕਿ ਆਉਂਦੀਆਂ ਸੰਸਦੀ ਚੋਣਾਂ ਵਿੱਚ ਆਪਣੇ ਪ੍ਰਤੀਨਿਧ ਬਹੁਤ ਧਿਆਨ ਨਾਲ ਚੁਣੋ, ਜੋ ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਪੇਸ਼ ਕਰ ਸਕੇ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਨੇ ਦੋ ਸਾਲਾਂ ਵਿੱਚ ਹੀ ਇਕ ਲੱਖ ਕਰੋੜ ਰੁਪਏ ਦਾ ਕਰਜ਼ਾ ਲੈ ਲਿਆ ਹੈ ਅਤੇ ਸੂਬੇ ਸਿਰ ਕਰਜ਼ਾ ਵੱਧ ਕੇ 3.75 ਲੱਖ ਕਰੋੜ ਰੁਪਏ ਹੋ ਗਿਆ ਹੈ।