ਜੋਗਿੰਦਰ ਸਿੰਘ ਮਾਨ
ਮਾਨਸਾ, 25 ਅਕਤੂਬਰ
ਪਿਛਲੇ 14 ਦਿਨਾਂ ਤੋਂ ਕਿਸਾਨੀ ਮੰਗਾਂ ਲਈ ਡਿਪਟੀ ਕਮਿਸ਼ਨਰ ਦਫ਼ਤਰ ਮਾਨਸਾ ਵਿੱਚ ਚੱਲ ਰਹੇ ਪੱਕੇ ਧਰਨੇ ਵਿੱਚ ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਵੱਲੋਂ ਕਾਲੀ ਦੀਵਾਲੀ ਮਨਾਉਂਦਿਆਂ ਸਰਕਾਰ ਵਿਰੁੱਧ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਅਤੇ ਸਰਕਾਰ ਵਿਰੋਧੀ ਨਾਅਰੇਬਾਜ਼ੀ ਕੀਤੀ ਗਈ। ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਅਕਲੀਆ ਨੇ ਕਿਹਾ ਕਿ ਭਾਵੇਂ ਕੰਮ ਦਾ ਜ਼ੋਰ ਹੈ, ਪਰ ਕਿਸਾਨ ਅਤੇ ਮਜ਼ਦੂਰ ਸਰਕਾਰ ਨਾਲ ਆਰ-ਪਾਰ ਦੀ ਲੜਾਈ ਲਈ ਕਮਰਕੱਸੇ ਕਸ ਰਹੇ ਹਨ, ਕਿਉਂਕਿ ਸਰਕਾਰ ਉਨ੍ਹਾਂ ਦੀਆਂ ਵਾਜ਼ਬਿ ਮੰਗਾਂ ਮੰਨਣ ਦੀ ਬਜਾਏ ਟਾਲ-ਮਟੋਲ ਦੀ ਨੀਤੀ ’ਤੇ ਚੱਲ ਰਹੀ ਹੈ ਜਿਵੇਂ ਕਿ ਮਾਨਸਾ ਜ਼ਿਲ੍ਹਾ ਵਿੱਚ ਨਰਮੇ ਦੀ ਫ਼ਸਲ ਲਗਪਗ ਗੁਲਾਬੀ ਸੁੰਡੀ ਕਾਰਨ ਅਤੇ ਬੇ-ਮੌਸਮੇ ਮੀਂਹ ਕਾਰਨ ਬਰਬਾਦ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨਰਮਾ ਕਾਸ਼ਤਕਾਰਾਂ ਦੀ ਸਰਕਾਰ ਨੂੰ ਬਾਂਹ ਫੜਨੀ ਚਾਹੀਦੀ ਹੈ ਅਤੇ ਪਰਾਲੀ ਵਾਲੇ ਕੇਸਾਂ ਦੇ ਵਿੱਚ ਸਰਕਾਰ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਲਾਲ ਲਕੀਰ ਲਾਉਣੀ ਬੰਦ ਕਰੇ ਅਤੇ ਕਣਕ ਦੀ ਬਿਜਾਈ ਲਈ ਡੀਏਪੀ ਦਾ ਕਿਸਾਨਾਂ ਲਈ ਯੋਗ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਖਾਮੋਸ਼ੀ ਦੇ ਵਿਰੋਧ ਵਿੱਚ ਲੋਕਾਂ ਵੱਲੋਂ ਕਾਲੀ ਦੀਵਾਲੀ ਮਨਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਧਰਨਾਕਾਰੀਆਂ ਨੇ ਕਾਲੀਆਂ ਪੱਟੀਆਂ ਬੰਨ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਦੀ ਅਰਥੀ ਸਾੜੀ ਗਈ।
ਸਿਰਸਾ (ਨਿੱਜੀ ਪੱਤਰ ਪ੍ਰੇਰਕ): ਫਾਇਰ ਬ੍ਰਿਗੇਡ ਤੇ ਨਗਰ ਪਾਲਿਕਾ ਕਰਮਚਾਰੀਆਂ ਨੇ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਕਾਲੇ ਝੰਡੇ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਕਾਲੀ ਦੀਵਾਲੀ ਮਨਾਈ। ਯੂਨੀਅਨ ਦੇ ਪ੍ਰਧਾਨ ਜੈ ਚੰਦ, ਆਤਮਾ ਰਾਮ ਤੇ ਰਣਬੀਰ ਫਗੋਡੀਆ ਨੇ ਸਾਂਝੇ ਤੌਰ ’ਤੇ ਕੀਤੀ।